ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਰੋਸ ਪ੍ਰਦਰਸ਼ਨ ਕਰੇਗੀ ਸ਼੍ਰੋਮਣੀ ਕਮੇਟੀ

By  Ravinder Singh August 10th 2022 04:34 PM -- Updated: August 10th 2022 04:36 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ਉਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿੱਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਸ਼ ਦੀ ਆਜ਼ਾਦੀ ਵਿੱਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਪਰ ਦੁੱਖ ਦੀ ਗੱਲ ਹੈ ਕਿ 75 ਸਾਲਾਂ ਤੋਂ ਸਿੱਖਾਂ ਨੂੰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਹੈ।

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਰੇਗੀ ਰੋਸ ਪ੍ਰਦਰਸ਼ਨਉਨ੍ਹਾਂ ਆਖਿਆ ਕਿ ਦੇਸ਼ ਦਾ ਸੰਵਿਧਾਨ ਇਥੇ ਵੱਸਣ ਵਾਲੇ ਹਰ ਇਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ ਪਰ ਸਿੱਖਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਾਂਪੱਖੀ ਰਿਹਾ ਹੈ। ਇਸੇ ਸਿੱਖ ਵਿਰੋਧੀ ਰਵੱਈਏ ਕਾਰਨ ਹੀ 30-30 ਸਾਲਾਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਜੇ ਪਾਸੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਇਸ ਵਿਤਕਰੇ ਭਰੇ ਰਵੱਈਏ ਕਰ ਕੇ ਹੀ ਸ਼੍ਰੋਮਣੀ ਕਮੇਟੀ ਨੇ 13 ਅਗਸਤ ਨੂੰ ਪੰਜਾਬ ਭਰ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਅੰਬਾਲਾ ਦੇ ਪ੍ਰਸ਼ਾਸਨ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਰਕਾਰ ਦੇ ਪ੍ਰੋਗਰਾਮ 'ਹਰ ਘਰ ਤਿਰੰਗਾ' ਤਹਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੱਭਿਆਚਾਰਕ ਪ੍ਰੋਗਰਾਮ ਉਲੀਕਿਣ ਉਤੇ ਤਿਰੰਗਾ ਲਹਿਰਾਉਣ ਦੇ ਹੁਕਮ ਜਾਰੀ ਕਰਨ ਦੀ ਕਰੜੀ ਨਿੰਦਾ ਕੀਤੀ। ਇਸ ਸਬੰਧ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਇਕ ਮਤਾ ਪਾਸ ਕਰਦਿਆਂ ਹਰਿਆਣਾ ਸਰਕਾਰ ਤੇ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣ ਦੀ ਚਿਤਾਵਨੀ ਦਿੱਤੀ ਗਈ।

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਰੇਗੀ ਰੋਸ ਪ੍ਰਦਰਸ਼ਨਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਕ ਵਿਲੱਖਣ ਮਰਿਆਦਾ ਹੈ, ਜਿਸ ਤਹਿਤ ਇਥੇ ਕੇਵਲ ਸਿੱਖ ਮਰਿਆਦਾ ਅਨੁਸਾਰ ਧਾਰਮਿਕ ਸਮਾਗਮ ਹੀ ਹੋ ਸਕਦੇ ਹਨ ਤੇ ਖਾਲਸਈ ਨਿਸ਼ਾਨ ਸਾਹਿਬ ਹੀ ਝੁਲ ਸਕਦਾ ਹੈ ਪਰ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੇ ਗੁਰ-ਮਰਿਆਦਾ ਦੀ ਤੌਹੀਨ ਕੀਤੀ ਹੈ। ਭਾਵੇਂ ਗੁਰਦੁਆਰਾ ਪ੍ਰਬੰਧਕਾਂ ਦੇ ਵਿਰੋਧ ਮਗਰੋਂ ਉਨ੍ਹਾਂ ਨੇ ਫ਼ੈਸਲਾ ਵਾਪਸ ਲੈ ਲਿਆ ਹੈ ਪਰ ਪ੍ਰਸ਼ਾਸਨ ਦੀ ਇਸ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਗੁਰ-ਮਰਿਆਦਾ ਨਾਲ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਤੇ ਸਰਕਾਰੀ ਅਦਾਰਿਆਂ ਨੂੰ ਅਜਿਹੇ ਸੰਜੀਦਾ ਮਾਮਲਿਆਂ ਵਿਚ ਮਨਮਾਨੀ ਨਹੀਂ ਕਰਨੀ ਚਾਹੀਦੀ। ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਤੋਤਾ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵੀ ਵਿਚਾਰੇ ਗਏ।

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਰੇਗੀ ਰੋਸ ਪ੍ਰਦਰਸ਼ਨਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਮੇਂ ਸਹਿਯੋਗ ਦੇਣ ਵਾਲਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਪੰਥ ਦੀਆਂ ਧਾਰਮਿਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਸਭਾ-ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ, ਸੇਵਾ ਪੰਥੀ ਤੇ ਮਿਸ਼ਨਰੀ ਸੰਸਥਾਵਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਮਾਗਮਾਂ ਦੀ ਸ਼ੋਭਾ ਵਧਾਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਸਭ ਦਾ ਧੰਨਵਾਦ ਕਰਦੀ ਹੈ।

ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਨਿਰਵੈਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਪਰਮਜੀਤ ਸਿੰਘ ਐਕਸੀਅਨ, ਇੰਚਾਰਜ ਸ਼ਾਹਬਾਜ਼ ਸਿੰਘ ਅਤੇ ਸੁਪਰਡੰਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਸਰਹੱਦ ਤੋਂ ਦੋ ਪਾਕਿਸਤਾਨੀ ਨਾਗਰਿਕ ਕੀਤੇ ਕਾਬੂ

Related Post