ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਪੰਥਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ  

By  Shanker Badra May 24th 2021 06:06 PM -- Updated: May 24th 2021 06:12 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਮਿਤ ਅੰਤਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਥੇਦਾਰ ਵੇਦਾਂਤੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Tribute paid to Former Akal Takht jathedar Giani Joginder Singh Vedanti by Panthic personalities ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਪੰਥਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ

ਅਰਦਾਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਸਨਮਾਨ ਦੇਣ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਨ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਵੇਦਾਂਤੀ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਲਗਾਉਣ ਦਾ ਐਲਾਨ ਕੀਤਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਸ਼ਖ਼ਸੀਅਤ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਸਿੱਖ ਸਿਧਾਂਤਾਂ ਨੂੰ ਪ੍ਰਨਾਏ ਹੋਏ ਸਿੱਖ ਰਹਿਤ ਮਰਯਾਦਾ ਦੇ ਪਹਿਰੇਦਾਰ ਸਨ। ਉਨ੍ਹਾਂ ਨੂੰ ਹੱਥ ਲਿਖਤ ਬੀੜਾਂ ਪ੍ਰਤੀ ਡੂੰਘੀ ਸਮਝ ਸੀ ਅਤੇ ਉਨ੍ਹਾਂ ਵੱਲੋਂ ਗੁਰਬਾਣੀ ਵਿਆਕਰਣ ਪ੍ਰਤੀ ਪਾਇਆ ਯੋਗਦਾਨ ਵੀ ਸਦਾ ਯਾਦ ਰੱਖਿਆ ਜਾਵੇਗਾ।

Tribute paid to Former Akal Takht jathedar Giani Joginder Singh Vedanti by Panthic personalities ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਪੰਥਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਜਥੇਦਾਰ ਵੇਦਾਂਤੀ ਦੇ ਚਲਾਣੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਵੇਦਾਂਤੀ ਨੇ ਹਮੇਸ਼ਾ ਹੀ ਪੰਥਕ ਰਵਾਇਤਾਂ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਜੀਵਿਆ ਅਤੇ ਉਨ੍ਹਾਂ ਵੱਲੋਂ ਬਤੌਰ ਜਥੇਦਾਰ ਲਏ ਗਏ ਕਈ ਵੱਡੇ ਫੈਸਲੇ ਹਮੇਸ਼ਾਂ ਕੌਮ ਦੀ ਅਗਵਾਈ ਕਰਦੇ ਰਹਿਣਗੇ। ਜਥੇਦਾਰ ਵੇਦਾਂਤੀ ਦੇ ਚਲਾਣੇ ਨਾਲ ਇਕ ਗੁਣਵਾਨ ਸਿੱਖ ਵਿਦਵਾਨ ਤੋਂ ਕੌਮ ਵਾਂਝੀ ਹੋ ਗਈ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਥੇਦਾਰ ਵੇਦਾਂਤੀ ਦੇ ਸਤਿਕਾਰ ਵੱਜੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਣਾ ਮਿਲਦੀ ਰਹੇ।

Tribute paid to Former Akal Takht jathedar Giani Joginder Singh Vedanti by Panthic personalities ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਪੰਥਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਨਿਹੰਗ ਜਥੇਬੰਦੀਆਂ ਵੱਲੋਂ ਬਾਬਾ ਅਵਤਾਰ ਸਿੰਘ ਸੁਰਸਿੰਘ, ਨਿਰਮਲੇ ਸੰਪ੍ਰਦਾ ਵੱਲੋਂ ਬਾਬਾ ਤੇਜਾ ਸਿੰਘ ਐਮ.ਏ., ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ, ਦਮਦਮੀ ਟਕਸਾਲ ਜਥਾ ਭਿੰਡਰਾਂ ਸੰਗਰਾਵਾਂ ਦੇ ਮੁੱਖੀ ਗਿਆਨੀ ਰਾਮ ਸਿੰਘ ਨੇ ਵੀ ਜਥੇਦਾਰ ਵੇਦਾਂਤੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਪਰਿਵਾਰ ਵੱਲੋਂ ਸ. ਅਮਰੀਕ ਸਿੰਘ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਡਾ. ਅਮਰੀਕ ਸਿੰਘ ਲਤੀਫਪੁਰ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਨਿਭਾਈ।

Tribute paid to Former Akal Takht jathedar Giani Joginder Singh Vedanti by Panthic personalities ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਪੰਥਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਵੇਦਾਂਤੀ ਦੀ ਧਰਮਪਤਨੀ ਬੀਬੀ ਹਰਭਜਨ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸਤਿਕਾਰ ਵਜੋਂ ਭੇਟ ਕੀਤਾ, ਜਿਸ ਨੂੰ ਪ੍ਰਵਾਨ ਕਰਨ ਮਗਰੋਂ ਜਥੇਦਾਰ ਵੇਦਾਂਤੀ ਦੇ ਪਰਿਵਾਰਕ ਮੈਂਬਰਾਂ ਨੇ ਇਹ ਰਾਸ਼ੀ ਕੋਵਿਡ-19 ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਭੇਟ ਕਰਨ ਦਾ ਐਲਾਨ ਕੀਤਾ। ਸ਼ਰਧਾਂਜਲੀ ਸਮਾਗਮ ਦੌਰਾਨ ਜਥੇਦਾਰ ਵੇਦਾਂਤੀ ਦੀ ਧਰਮਪਤਨੀ ਬੀਬੀ ਹਰਭਜਨ ਕੌਰ, ਬੇਟੀ ਬੀਬੀ ਅਮਨਦੀਪ ਕੌਰ, ਜਵਾਈ ਜਰਨੈਲ ਸਿੰਘ ਅਤੇ ਪਰਿਵਾਰਕ ਮੈਂਬਰ ਭਾਈ ਜਗਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਤਖ਼ਤਾਂ ਅਤੇ ਸਿੱਖ ਜਥੇਬੰਦੀਆਂ ਤੇ ਸੰਪ੍ਰਦਾਵਾਂ ਵੱਲੋਂ ਸਿਰੋਪਾਓ ਅਤੇ ਦਸਤਾਰਾਂ ਭੇਟ ਕੀਤੀਆਂ ਗਈਆਂ।

-PTCNews

Related Post