ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਆਰਟੀਏ ਦਫ਼ਤਰ ਦੀ ਅਚਨਚੇਤ ਚੈਕਿੰਗ

By  Ravinder Singh October 12th 2022 07:21 PM

ਚੰਡੀਗੜ੍ਹ/ਐਸ.ਏ.ਐਸ.ਨਗਰ : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਏ ਦਫ਼ਤਰ ਮੋਹਾਲੀ ਦਾ ਅਚਨਚੇਤ ਦੌਰਾ ਕੀਤਾ ਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰਟੀਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਤੇ ਨਾਲ ਹੀ ਦਫ਼ਤਰ 'ਚ ਕੰਮ ਕਰਵਾਉਣ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ।

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਆਰਟੀਏ ਦਫ਼ਤਰ ਦੀ ਅਚਨਚੇਤ ਚੈਕਿੰਗਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਉਤੇ ਨਿਰਦੇਸ਼ ਦਿੱਤੇ ਗਏ। ਅੱਜ ਦੇ ਦੌਰੇ ਦਾ ਮੰਤਵ ਦੱਸਦੇ ਹੋਏ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਤੇ ਸਰਕਾਰੀ ਕੰਮ 'ਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨੇ ਆਰ.ਟੀ.ਏ ਦਫ਼ਤਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਬੱਗਾ ਤੇ ਵਿਸ਼ਵਾਸ ਖ਼ਿਲਾਫ਼ ਦਰਜ ਐਫਆਈਆਰ ਰੱਦ ਹੋਣਾ ਮਾਨ ਤੇ ਕੇਜਰੀਵਾਲ ਲਈ ਵੱਡੀ ਨਮੋਸ਼ੀ : ਬਾਜਵਾ

ਉਨ੍ਹਾਂ ਨੇ ਆਰ.ਟੀ.ਏ ਦਫਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਤ ਆਪਣਾ ਕੰਮ ਕਰਵਾਉਣ ਆਉਂਦੇ ਹਨ, ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕਾਗਜ਼ਾਤ ਅਧੂਰੇ ਹਨ ਜਾਂ ਕੋਈ ਹੋਰ ਕਮੀ ਪੇਸ਼ੀ ਹੈ ਤਾਂ ਉਸ ਬਾਰੇ ਇਕੋ ਸਮੇਂ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਦੇ ਗੇੜੇ ਨਾ ਮਾਰਨੇ ਪੈਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋੜੀਂਦੇ ਕਾਗਜ਼ਾਤਾ ਦੀ ਲਿਸਟ ਵੀ ਬੋਰਡ ਤੇ ਲਗਾਈ ਜਾਵੇ ਤਾਂ ਜੋ ਉਸ ਨੂੰ ਪੜ੍ਹ ਕੇ ਹੀ ਲੋਕ ਆਪਣੇ ਕੰਮ ਲਈ ਅਪਲਾਈ ਕਰ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਛੇਤੀ ਹੀ ਮੁਲਾਜ਼ਮਾਂ ਦੀ ਹਾਜ਼ਰੀ ਲਈ ਬਾਇਓਮੈਟ੍ਰਿਕ ਮਸ਼ੀਨਾਂ ਲਗਾਈਆਂ ਜਾਣਗੀਆ ਤਾਂ ਜੋ ਦਫ਼ਤਰਾਂ 'ਚ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਆਰਟੀਏ ਪਰਦੀਪ ਸਿੰਘ ਢਿੱਲੋਂ ਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ਉਤੇ ਮੌਜੂਦ ਸਨ।

-PTC News

 

Related Post