ਅਮਰੀਕਾ ਦੀ ਜ਼ੇਲ੍ਹ ’ਚ ਨਜ਼ਰਬੰਦ ਸਿੱਖਾਂ ’ਤੇ ਅਣਮਨੁੱਖੀ ਤਸ਼ੱਦਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

By  Shanker Badra June 21st 2018 03:21 PM

ਅਮਰੀਕਾ ਦੀ ਜ਼ੇਲ੍ਹ ’ਚ ਨਜ਼ਰਬੰਦ ਸਿੱਖਾਂ ’ਤੇ ਅਣਮਨੁੱਖੀ ਤਸ਼ੱਦਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ:ਅਮਰੀਕਾ ’ਚ ਗੈਰ-ਕਾਨੂੰਨੀ ਅਵਾਸ ਨੂੰ ਲੈ ਕੇ ਓਰੇਗੋਨ ਦੀ ਜ਼ੇਲ੍ਹ ’ਚ ਨਜ਼ਰਬੰਦ ਕੀਤੇ 52 ਭਾਰਤੀਆਂ ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਹਨ,ਉੱਤੇ ਅਣ-ਮਨੁੱਖੀ ਤਸ਼ੱਦਦ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ।ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੀਡੀਆ ਰਾਹੀਂ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਇਸ ਨੂੰ ਸੰਜੀਦਗੀ ਨਾਲ ਲੈਂਦਿਆਂ ਭਾਰਤ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਬੰਦੀ ’ਤੇ ਜ਼ੇਲ੍ਹ ਅੰਦਰ ਅਣ-ਮਨੁੱਖੀ ਤਸ਼ੱਦਦ ਦੀ ਕਿਸੇ ਵੀ ਦੇਸ਼ ਦਾ ਕਾਨੂੰਨ ਇਜਾਜ਼ਤ ਨਹੀਂ ਦਿੰਦਾ,ਪਰ ਦੁੱਖ ਦੀ ਗੱਲ ਹੈ ਕਿ ਅਮਰੀਕਾ ਅੰਦਰ ਗੈਰ-ਕਾਨੂੰਨੀ ਅਵਾਸ ਦੇ ਦੋਸ਼ ਹੇਠ ਨਜ਼ਰਬੰਦ ਕੀਤੇ ਗਏ ਇਨ੍ਹਾਂ ਵਿਅਕਤੀਆਂ ਨੂੰ ਬਾਈ-ਬਾਈ ਘੰਟੇ ਜ਼ੇਲ੍ਹ ਦੇ ਸੈੱਲਾਂ ਵਿਚ ਹੀ ਬੰਦ ਰੱਖਿਆ ਜਾ ਰਿਹਾ ਹੈ।ਇਸ ਗੱਲ ਦੀ ਤਸਦੀਕ ਓਰੇਗੋਨ ਦੇ ਡੋਮੋਕ੍ਰੇਟਿਕ ਸੰਸਦ ਮੈਂਬਰਾਂ ਵੱਲੋਂ ਜ਼ੇਲ੍ਹ ਦੇ ਦੌਰੇ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਬਾਰੇ ਭਾਰਤ ਸਰਕਾਰ ਦੀ ਵਿਦੇਸ਼ ਮੰਤਰੀ ਸ੍ਰੀ ਮਤੀ ਸੁਸ਼ਮਾ ਸਵਰਾਜ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਰਾਬਤਾ ਕੀਤਾ ਜਾਵੇਗਾ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਵੀ ਜ਼ੇਲ੍ਹ ’ਚ ਬੰਦ ਇਨ੍ਹਾਂ ਸਿੱਖਾਂ ਦੀ ਮੱਦਦ ਕਰਨ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਬੁਲਾਰੇ ਨੇ ਇਹ ਵੀ ਕਿਹਾ ਕਿ ਬਿਨਾ ਸ਼ੱਕ ਪ੍ਰਵਾਸ ਕਰਨ ਵਾਲੇ ਲੋਕ ਮਜ਼ਬੂਰੀ ਵੱਸ ਵੱਖ-ਵੱਖ ਦੇਸ਼ਾਂ ਵਿਚ ਪਹੁੰਚਦੇ ਹਨ ਅਤੇ ਉਥੇ ਜਾ ਕੇ ਪੱਕਾ ਨਿਵਾਸ ਕਰਨ ਦਾ ਯਤਨ ਵੀ ਕਰਦੇ ਹਨ ਪਰ ਇਸ ਦਾ ਮਤਲਬ ਇਹ ਵੀ ਨਹੀਂ ਕਿ ਅਜਿਹੇ ਲੋਕਾਂ ’ਤੇ ਜ਼ੇਲ੍ਹਾਂ ਅੰਦਰ ਡੱਕ ਕੇ ਹੇਠਲੇ ਦਰਜ਼ੇ ਦਾ ਸਲੂਕ ਕੀਤਾ ਜਾਵੇ।ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਨੇ ਸਿੱਖ ਜਗਤ ਨੂੰ ਇਹ ਅਪੀਲ ਵੀ ਕੀਤੀ ਕਿ ਵਿਦੇਸ਼ ਜਾਣ ਲਈ ਗੈਰ-ਕਾਨੂੰਨੀ ਢੰਗ ਤਰੀਕਿਆਂ ਦਾ ਸਹਾਰਾ ਨਾ ਲਿਆ ਜਾਵੇ, ਤਾਂ ਜੋ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

-PTCNews

Related Post