ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

By  Ravinder Singh September 16th 2022 09:08 PM -- Updated: September 16th 2022 09:09 PM

ਬਟਾਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਵੰਤ ਸਿੰਘ ਨੂੰ ਗੁਰਦੀਪ ਕੌਰ ਵਾਸੀ ਮਹਿਤਾ ਚੌਕ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਪਤੀ ਦੀ ਮੌਤ ਉਪਰੰਤ ਉਸਦੇ ਨਾਂ 'ਤੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਉਸਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਭਾਈ ਬਲਦੇਵ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣੇ

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਹੋਈ। ਇਸ ਸਬੰਧੀ ਪੰਜਾਬ ਸਰਕਾਰ ਨੇ ਇਕ ਨੰਬਰ ਜਾਰੀ ਕੀਤਾ ਗਿਆ ਹੋਇਆ। ਕਾਬਿਲੇਗੌਰ ਹੈ ਕਿ ਵਿਜੀਲੈਂਸ ਬਿਓਰੋ ਦੁਆਰਾ ਨਵੀਂ ਸਰਕਾਰ ਬਣਨ ਤੋਂ ਲੈਕੇ ਹੁਣ ਤੱਕ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ 25 ਗਜ਼ਟਿਡ ਅਫ਼ਸਰਾਂ, 135 ਸਰਕਾਰੀ ਅਧਿਕਾਰੀਆਂ ਸਣੇ 210 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਨ੍ਹਾਂ ਦੋਸ਼ੀਆਂ ’ਚ ਮੰਤਰੀਆਂ ਤੋਂ ਲੈ ਕੇ 1 ਆਈਏਐੱਸ ਅਧਿਕਾਰੀ, ਇਕ ਆਈਐੱਫ਼ਐੱਸ ਅਧਿਕਾਰੀ ਤੇ 50 ਤੋਂ ਵੱਧ ਪੁਲਿਸ ਮੁਲਾਜ਼ਮ ਸਨ।

-PTC News

 

Related Post