ਵਿਜੀਲੈਂਸ ਵੱਲੋਂ ਪੁੱਡਾ ਚਪੜਾਸੀ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

By  Jasmeet Singh August 19th 2022 05:28 PM

ਚੰਡੀਗੜ੍ਹ, 19 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੁੱਡਾ ਭਵਨ, ਅੰਮ੍ਰਿਤਸਰ ਵਿਖੇ ਏ.ਡੀ.ਏ. ਦੇ ਦਫ਼ਤਰ ਵਿੱਚ ਤਾਇਨਾਤ ਚਪੜਾਸੀ ਅੰਮ੍ਰਿਤਦੀਪ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ 'ਚ ਸਹਿ ਮੁਲਜ਼ਮ ਐਸ.ਡੀ.ਓ ਪੁੱਡਾ ਵਿਜੇਪਾਲ ਸਿੰਘ ਫਰਾਰ ਹੈ, ਜਿਸਦੀ ਭਾਲ ਕੀਤੀ ਜਾ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੁੱਡਾ ਦੇ ਚਪੜਾਸੀ ਅੰਮ੍ਰਿਤਦੀਪ ਸਿੰਘ ਨੂੰ ਸੌਰਭ ਭਾਟੀਆ ਦੀ ਸ਼ਿਕਾਇਤ 'ਤੇ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਐਸ.ਡੀ.ਓ ਨਿਊ ਪਾਲ ਐਵੀਨਿਊ, ਅੰਮ੍ਰਿਤਸਰ ਵਿਖੇ ਸਥਿਤ ਉਸਦੇ ਪਲਾਟ ਦਾ ਐਨਓਸੀ ਸਰਟੀਫਿਕੇਟ ਜਾਰੀ ਕਰਨ ਦੇ ਬਦਲੇ 12,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਚਪੜਾਸੀ ਅੰਮ੍ਰਿਤਦੀਪ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਉਕਤ ਐੱਸ.ਡੀ.ਓ. ਮੌਕੇ 'ਤੇ ਮੌਜੂਦ ਨਾ ਹੋਣ ਕਾਰਨ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 7-ਏ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ: ਅਗਵਾ ਹੋਏ 3 ਮਹੀਨੇ ਦੇ ਬੱਚੇ ਨੂੰ ਪੁਲਿਸ ਨੇ 24 ਘੰਟਿਆਂ 'ਚ ਲੱਭ ਮਾਪਿਓ ਨੂੰ ਸੌਂਪਿਆ

-PTC News

Related Post