ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਾਂਗੇ: ਕੈਪਟਨ ਅਮਰਿੰਦਰ ਸਿੰਘ

By  Jashan A February 26th 2020 07:25 PM

ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਾਂਗੇ: ਕੈਪਟਨ ਅਮਰਿੰਦਰ ਸਿੰਘ

ਸ਼ਾਂਤਮਈ ਮਾਹੌਲ ਸਦਕਾ ਪੰਜਾਬ ਨਿਵੇਸ਼ ਪੱਖੋਂ ਤਰਜੀਹੀ ਸੂਬਾ ਬਣ ਕੇ ਉੱਭਰਿਆ

ਚੰਡੀਗੜ: ਸੂਬੇ ਦੇ ਅਮਨ-ਸ਼ਾਂਤੀ ਅਤੇ ਸਦਭਾਵਨਾ ਵਾਲੇ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਲ ਵਾਲੀਆਂ ਤਾਕਤਾਂ ਦੇ ਨਾਪਾਕ ਇਰਾਦਿਆਂ ਵਿਰੁੱਧ ਸਖ਼ਤ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਉਹ ਕਰੜੇ ਹੱਥੀਂ ਨਿਪਟਣਗੇ।

ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਰਾਜਪਾਲ ਦੇ ਭਾਸ਼ਨ ’ਤੇ ਧੰਨਵਾਦੀ ਮਤੇ ਉੱਪਰ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਸੂਰਤ ਵਿੱਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਸੂਬੇ ਦੀ ਸ਼ਾਂਤੀ ਨੂੰ ਢਾਹ ਲੱਗਣ ਦੀ ਆਗਿਆ ਨਹੀਂ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਘੱਟ ਗਿਣਤੀਆਂ, ਕਮਜ਼ੋਰ ਤਬਕਿਆਂ ਅਤੇ ਔਰਤਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਰਾਖੀ ਲਈ ਨਿੱਠ ਕੇ ਕੰਮ ਕਰ ਰਹੀ ਹੈ ਕਿਉਂਕਿ ਸ਼ਾਂਤੀ ਨੂੰ ਯਕੀਨੀ ਬਣਾਉਣ ਤੋਂ ਬਿਨਾਂ ਸੂਬੇ ਵਿੱਚ ਨਿਵੇਸ਼ ਜਾਂ ਉਦਯੋਗਿਕ ਵਿਕਾਸ ਸੰਭਵ ਨਹੀਂ ਹੋ ਸਕਦਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸ਼ਾਂਤੀ ਨਹੀਂ ਹੁੰਦੀ, ਉੱਥੇ ਕੋਈ ਵੀ ਨਿਵੇਸ਼ ਨਹੀਂ ਕਰਨਾ ਚਾਹੁੰਦਾ। ਉਨਾਂ ਕਿਹਾ ਕਿ ਸ਼ਾਂਤਮਈ ਮਾਹੌਲ ਕਾਇਮ ਹੋਣ ਕਰਕੇ ਪੰਜਾਬ ਹੁਣ ਨਿਵੇਸ਼ ਲਈ ਤਰਜੀਹੀ ਸੂਬੇ ਵਜੋਂ ਉਭਰ ਕੇ ਸਾਹਮਣੇ ਆਇਆ ਹੈ।

ਹੋਰ ਪੜ੍ਹੋ: ਪਟਵਾਰੀਆਂ ਨੂੰ ਨਿਯੁਕਤੀ ਪੱਤਰ ਨਿਰੋਲ ਮੈਰਿਟ ਦੇ ਆਧਾਰ ਤੇ - ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕ ਅਮਨ-ਸ਼ਾਂਤੀ ਅਤੇ ਆਰਥਿਕ ਤਰੱਕੀ ਚਾਹੁੰਦੇ ਹਨ ਅਤੇ ਉਹ (ਮੁੱਖ ਮੰਤਰੀ) ਪੂਰੀ ਤਰਾਂ ਦਿ੍ਰੜ ਹਨ ਕਿ ਇਸ ਸ਼ਾਂਤਮਈ ਮਾਹੌਲ ਵਿੱਚ ਕਿਸੇ ਕਿਸਮ ਦਾ ਵਿਘਨ ਨਾ ਪੈਣ ਦਿੱਤਾ ਜਾਵੇ। ਉਨਾਂ ਕਿਹਾ ਕਿ ਆਮ ਇਨਸਾਨ ਦੀ ਸੰਤੁਸ਼ਟੀ ਨੂੰ ਯਕੀਨੀ ਬਣਾਉਣ ਲਈ ਉਨਾਂ ਦੀ ਸਰਕਾਰ ਆਪਣੇ ਯਤਨ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਬਹੁਤ ਔਖੇ ਦੌਰ ਵਿੱਚੋਂ ਗੁਜ਼ਰਿਆ ਅਤੇ ਅੱਤਵਾਦ ਦੇ ਕਾਲੇ ਦੌਰ ਦੌਰਾਨ 35 ਹਜ਼ਾਰ ਲੋਕ ਸ਼ਹੀਦ ਹੋਏ ਅਤੇ 1700 ਪੁਲਿਸ ਵਾਲਿਆਂ ਨੂੰ ਆਪਣੀ ਜਾਨ ਗਵਾਉਣੀ ਪਈ। ਉਨਾਂ ਕਿਹਾ ਕਿ ਅਜਿਹੇ ਦੌਰ ਵਿੱਚੋਂ ਨਿਕਲਣ ਲਈ ਪੰਜਾਬ ਨੂੰ ਬਹੁਤ ਲੰਮਾ ਸਮਾਂ ਜੂਝਣਾ ਪਿਆ ਅਤੇ ਉਹ ਕਿਸੇ ਵੀ ਸੂਰਤ ਵਿੱਚ ਸੂਬੇ ਦੀ ਸ਼ਾਂਤੀ ਨੂੰ ਮੁੜ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਉਨਾਂ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਸੁਧਾਰ ਲਾਗੂ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ਤੋਂ ਲੈ ਕੇ ਪੰਜਾਬ ਪੁਲਿਸ ਨੇ 2378 ਗੈਂਗਸਟਰਾਂ ਨੂੰ ਅਸਰਹੀਣ ਕੀਤਾ, 1349 ਹਥਿਆਰ ਬਰਾਮਦ ਕੀਤੇ, ਖੋਹੇ ਗਏ 614 ਵਾਹਨ ਬਰਾਮਦ ਕੀਤੇ ਅਤੇ 32 ਅੱਤਵਾਦੀ ਗਿਰੋਹ ਫੜੇ ਗਏ। ਮੁੱਖ ਮੰਤਰੀ ਨੇ ਐਲਾਨ ਕੀਤਾ,‘‘ਇਹ ਯਤਨ ਜਾਰੀ ਰਹਿਣਗੇ ਅਤੇ ਜੇਕਰ ਲੋੜ ਪਈ ਤਾਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਾਂਗੇ।"

-PTC News

Related Post