ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਦਿੱਤਾ ਅਸਤੀਫ਼ਾ

By  Shanker Badra September 28th 2021 09:36 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਸਿੱਧੂ ਦੇ ਹੱਕ 'ਚ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਹਾਈਕਮਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਹਾਲ ਹੀ ਵਿੱਚ ਸਿੱਧੂ ਨੇ ਢੀਂਗਰਾ ਨੂੰ ਪੀਪੀਸੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਸੀ।

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਦਿੱਤਾ ਅਸਤੀਫ਼ਾ

ਇਸ ਤੋਂ ਪਹਿਲਾਂ ਰਜ਼ੀਆ ਸੁਲਤਾਨਾ ਨੇ ਸਿੱਧੂ ਦੇ ਹੱਕ ਵਿੱਚ ਕੈਬਨਿਟ ਮੰਤਰੀ ਵੱਜੋਂ ਅਸਤੀਫ਼ਾ ਦਿੱਤਾ ਹੈ। ਰਜ਼ੀਆ ਸੁਲਤਾਨਾ ਨੇ ਕਿਹਾ ਕਿ ਸਿੱਧੂ ਅਸੂਲਾਂ ਵਾਲੇ ਵਿਅਕਤੀ ਹਨ। ਉਹ ਪੰਜਾਬ ਅਤੇ ਪੰਜਾਬੀਅਤ ਲਈ ਲੜ ਰਹੇ ਹਨ। ਰਜ਼ੀਆ ਸੁਲਤਾਨਾ ਮਲੇਰਕੋਟਲਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਪੰਜਾਬ ਕੈਬਨਿਟ ਦੇ ਵਿਸਥਾਰ ਵਿੱਚ ਉਨ੍ਹਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ, ਛਪਾਈ ਅਤੇ ਸਟੇਸ਼ਨਰੀ ਵਿਭਾਗ ਦਿੱਤਾ ਗਿਆ ਸੀ।

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਦਿੱਤਾ ਅਸਤੀਫ਼ਾ

ਦਰਅਸਲ 'ਚ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ। ਇਸ ਲਈ ਮੈਂ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਕਾਂਗਰਸ ਦੀ ਸੇਵਾ ਕਰਦਾ ਰਹਾਂਗਾ। ਚਰਚਾ ਹੈ ਕਿ ਸਿੱਧੂ ਦਾ ਕੁੱਝ ਨੇਤਾਵਾਂ ਨੂੰ ਮੰਤਰੀ ਮੰਡਲ 'ਚ ਲੈਣ 'ਤੇ ਇਤਰਾਜ਼ ਸੀ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ।

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਦਿੱਤਾ ਅਸਤੀਫ਼ਾ

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ 18 ਜੁਲਾਈ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਵਿਚਾਲੇ ਕਾਫੀ ਖਿੱਚੋਤਾਣ ਚੱਲ ਰਹੀ ਸੀ। ਕੈਪਟਨ ਅਮਰਿੰਦਰ ਨੇ 18 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ ਅਤੇ ਅੱਜ ਕੈਬਨਿਟ ਮੰਤਰੀਆਂ ਨੂੰ ਮੰਤਰਾਲੇ ਦਿੱਤੇ ਗਏ ਸੀ।

-PTCNews

Related Post