ਸਜ਼ਾ ਪੂਰੀ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਸਿੱਖ ਵਿਰੋਧੀ ਸੋਚ : ਐਡਵੋਕੇਟ ਧਾਮੀ
ਅੰਮ੍ਰਿਤਸਰ : ਪਿਛਲੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਅਰਦਾਸ ਸਮਾਗਮ ਸਮੇਂ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਅਨੇਕਾਂ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਮਾਂ ਜੇਲ੍ਹਾਂ 'ਚ ਬਿਤਾਉਣ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਨ੍ਹਾਂ ਬੰਦੀ ਸਿੰਘਾਂ ਨੇ ਹਾਲਾਤ ਦੇ ਮੱਦੇਨਜ਼ਰ ਹੀ ਕਦਮ ਚੁੱਕਿਆ ਸੀ, ਕਿਉਂਕਿ ਉਸ ਵਕਤ ਸਿੱਖਾਂ ਦੇ ਪਾਵਨ ਗੁਰਧਾਮਾਂ ਨੂੰ ਸਰਕਾਰ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ। ਕੋਈ ਵੀ ਸੱਚਾ ਸਿੱਖ ਆਪਣੇ ਗੁਰਧਾਮਾਂ ਤੇ ਕੌਮ ਉਤੇ ਹਮਲੇ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਸਮਰੱਥ ਹਨ ਤੇ ਸਿੱਖ ਪੰਥ ਦੀ ਅਰਦਾਸ ਬੇਨਤੀ ਜ਼ਰੂਰ ਪ੍ਰਵਾਨ ਹੋਵੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਵਿਚ ਫਿਰਕੂ ਨਫ਼ਰਤ ਪੈਦਾ ਕਰਨ ਵਾਲੇ ਲੋਕਾਂ ਨੂੰ ਕਾਬੂ ਹੇਠ ਕਰਨ ਲਈ ਸਰਕਾਰ ਨੂੰ ਠੋਸ ਕਦਮ ਚੁੱਕਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਵਿਰੁੱਧ ਕੂੜ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਨੂੰ ਸਖ਼ਤ ਕਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਸ਼ਾਂਤ ਰਹੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਹਰਜਾਪ ਸਿੰਘ ਸੁਲਤਾਨਵਿੰਡ, ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਬਲਵਿੰਦਰ ਸਿੰਘ ਕਾਹਲਵਾਂ, ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਤੇਜਿੰਦਰ ਸਿੰਘ ਪੱਡਾ, ਗੁਰਮੀਤ ਸਿੰਘ ਬੁੱਟਰ, ਸੁਖਬੀਰ ਸਿੰਘ, ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ ਆਦਿ ਹਾਜ਼ਰ ਸਨ।ਸ਼੍ਰੋਮਣੀ ਕਮੇਟੀ ਨੇ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਗੁਰਮੀਤ ਸਿੰਘ ਬੁੱਟਰ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ। ਇਹ ਵੀ ਪੜ੍ਹੋ : ਹਾਈ ਕੋਰਟ ਦੇ ਹੁਕਮ ; ਬਿਟੂ ਹੱਤਿਆ ਮਾਮਲੇ 'ਚ ਪੰਜਾਬ ਸਰਕਾਰ ਦੇਵੇ 21 ਲੱਖ ਰੁਪਏ ਮੁਆਵਜ਼ਾ