
ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 26 ਜਨਵਰੀ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ:ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅੱਜ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ ਜਿਸ ਦਾ ਭੋਗ 27 ਜਨਵਰੀ ਨੂੰ ਪਵੇਗਾ। ਇਸ ਸਬੰਧੀ 26 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।ਇਹ ਨਗਰ ਕੀਰਤਨ ਦੁਪਹਿਰ 12 ਵਜੇ ਆਰੰਭ ਹੋ ਕੇ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੂਰਨ ਹੋਵੇਗਾ।
ਇਸ ਤੋਂ ਇਲਾਵਾ 27 ਜਨਵਰੀ ਨੂੰ ਸਵੇਰੇ 9 ਵਜੇ ਅੰਮ੍ਰਿਤ ਸੰਚਾਰ ਹੋਵੇਗਾ, ਜਦਕਿ 27 ਜਨਵਰੀ ਨੂੰ ਹੀ ਖ਼ੂਨ ਦਾਨ ਕੈਂਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 27 ਜਨਵਰੀ ਨੂੰ ਸ਼ਾਮ 4 ਵਜੇ ਤੋਂ ਆਰੰਭ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਹਾਜ਼ਰੀ ਭਰਨਗੇ।
-PTCNews