Tue, Dec 23, 2025
Whatsapp

ਪਟਿਆਲਾ ਦੇ ਬਡੂੰਗਰ ਸਣੇ ਫ਼ਤਿਹਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ

Reported by:  PTC News Desk  Edited by:  Jasmeet Singh -- August 26th 2022 06:24 PM
ਪਟਿਆਲਾ ਦੇ ਬਡੂੰਗਰ ਸਣੇ ਫ਼ਤਿਹਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ

ਪਟਿਆਲਾ ਦੇ ਬਡੂੰਗਰ ਸਣੇ ਫ਼ਤਿਹਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ

ਪਟਿਆਲਾ, 26 ਅਗਸਤ: ਪੰਜਾਬ ਸਰਕਾਰ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਇੱਕ ਹੋਰ ਇਲਾਕੇ ਬੰਡੂਗਰ ਸਣੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮੰਡੋਫਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.) - ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਦੋਵਾਂ ਪਿੰਡਾਂ ਤੋਂ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਬੀਮਾਰੀ ਦੀ ਰੋਕਥਾਮ ਲਈ "ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009" ਅਤੇ "ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)" ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਰ ਸਥਿਤੀ 'ਤੇ ਕਰੜੀ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਮਾਰੀ ਦੇ ਕੇਂਦਰ ਐਲਾਨੇ ਇਨ੍ਹਾਂ ਪਿੰਡਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ "ਸੰਕ੍ਰਮਿਤ ਜ਼ੋਨ" ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ "ਨਿਗਰਾਨੀ ਜ਼ੋਨ" ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪਟਿਆਲਾ ਦੇ ਬਿਲਾਸਪੁਰ, ਸਨੌਰੀ ਅੱਡਾ ਅਤੇ ਮੰਜਾਲ ਖ਼ੁਰਦ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਸੀ। ਪੰਜਾਬ ਨੂੰ ਪਹਿਲਾਂ ਹੀ "ਨਿਯੰਤਰਿਤ ਖੇਤਰ" ਐਲਾਨਿਆ ਜਾ ਚੁੱਕਾ ਹੈ ਅਤੇ ਸੂਰ ਜਾਂ ਸਬੰਧਤ ਸਾਮਾਨ ਦੀ ਅੰਤਰ-ਜ਼ਿਲ੍ਹਾ ਅਤੇ ਅੰਤਰਰਾਜੀ ਆਵਾਜਾਈ 'ਤੇ ਸਖ਼ਤੀ ਨਾਲ ਪਾਬੰਦੀ ਜਾਰੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਬੀਮਾਰੀ ਦੀ ਰੋਕਥਾਮ ਲਈ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸੂਰ ਪਾਲਕ ਦੂਜੇ ਫਾਰਮਾਂ ਅਤੇ ਹੋਰਨਾਂ ਥਾਵਾਂ 'ਤੇ ਜਾਂ ਜ਼ਿਲ੍ਹਿਆਂ ਵਿੱਚ ਨਾ ਜਾਣ ਅਤੇ ਸੂਰਾਂ ਲਈ ਖੁਰਾਕ ਆਪਣੇ ਫਾਰਮ 'ਤੇ ਹੀ ਤਿਆਰ ਕਰਨ। ਇਸ ਤੋਂ ਇਲਾਵਾ ਵਪਾਰੀਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਵੀ ਆਪਣੇ ਫਾਰਮਾਂ 'ਤੇ ਆਉਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਘਾਤਕ ਬੀਮਾਰੀ ਹੈ ਜਿਸ ਤੋਂ ਸਾਵਧਾਨੀਆਂ ਅਪਣਾ ਕੇ ਹੀ ਬਚਾਅ ਕੀਤਾ ਜਾ ਸਕਦਾ ਹੈ। -PTC News


Top News view more...

Latest News view more...

PTC NETWORK
PTC NETWORK