ਮਨੋਰੰਜਨ ਜਗਤ

ਸਿਹਤ ਵਿਗੜਨ ਮਗਰੋਂ ਬਲਕੌਰ ਸਿੰਘ ਸਿੱਧੂ ਹਸਪਤਾਲ 'ਚ ਦਾਖਲ

By Jasmeet Singh -- September 16, 2022 10:26 am -- Updated:September 16, 2022 3:15 pm

ਮੁਹਾਲੀ, 16 ਸਤੰਬਰ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਮਹੀਨਿਆਂ ਬਾਅਦ ਵੀ ਉਨ੍ਹਾਂ ਦੇ ਪਿਤਾ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਜੰਗ ਜਾਰੀ ਰੱਖੀ ਹੋਈ ਹੈ। ਇਨਸਾਫ਼ ਦੀ ਇਸ ਲੜਾਈ ਲਈ ਆਪਣੀ ਆਵਾਜ਼ ਨੂੰ ਬੁਲੰਦ ਕਰਦਿਆਂ ਉਨ੍ਹਾਂ ਦੇ ਸਮਰਥਕਾਂ ਲਈ ਇੱਕ ਦੁਖਦ ਖ਼ਬਰ ਸਾਹਮਣੇ ਆਈ ਹੈ, ਬਲਕੌਰ ਸਿੰਘ ਨੂੰ ਵੀਰਵਾਰ ਰਾਤੀ ਸਿਹਤ ਵਿਗੜਨ ਕਾਰਨ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਉਣਾ ਪਿਆ ਹੈ।

ਮੌਜੂਦ ਡਾਕਟਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿੱਧੂ ਪਹਿਲਾਂ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਕੋਲ ਪਹੁੰਚੇ ਸਨ। ਡਾ. ਧਰਮਵੀਰ ਗਾਂਧੀ ਵੱਲੋਂ ਹੀ ਉਨ੍ਹਾਂ ਨੂੰ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਭੇਜ ਜ਼ੇਰੇ ਇਲਾਜ ਹੋਣ ਨੂੰ ਕਿਹਾ ਗਿਆ ਸੀ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਦਿਲ ਸਥਿਰ ਹੋਣ ਮਗਰੋਂ ਹੀ ਉਨ੍ਹਾਂ ਦਾ ਇਲਾਜ ਆਰੰਭਿਆ ਜਾਵੇਗਾ।

ਪਟਿਆਲਾ ਵਿਖੇ ਦਾਖਲ ਬਲਕੌਰ ਸਿੰਘ ਸਿੱਧੂ ਦੀ ਸਿਹਤ ਦਾ ਹਾਲ ਜਾਨਣ ਲਈ ਪਟਿਆਲਾ ਹਾਰਟ ਹਸਪਤਾਲ ਵਿਖੇ ਵੱਖ ਵੱਖ ਰਾਜਨੀਤਕ ਧਾਰਮਿਕ ਆਗੂਆਂ ਵੱਲੋਂ ਵੀ ਸ਼ਿਰਕਤ ਕੀਤੀ ਜਾ ਰਹੀ ਹੈ। ਉਥੇ ਹੀ ਪੀ.ਐਲ.ਸੀ ਪਾਰਟੀ ਦੇ ਸਪੋਕਸਪਰਸਨ ਪ੍ਰਿਤਪਾਲ ਸਿੰਘ ਬਲੀਏਵਾਲ ਤੋਂ ਇਲਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰੀਨੀਤ ਕੌਰ ਵੀ ਬਲਕੌਰ ਸਿੰਘ ਸਿੱਧੂ ਦਾ ਹਾਲ ਜਾਨਣ ਲਈ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਵਿਸ਼ੇਸ਼ ਤੌਰ 'ਤੇ ਹਸਪਤਾਲ ਪਹੁੰਚੇ ਜਿੱਥੇ ਇਨ੍ਹਾਂ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਦੀ ਤੰਦਰੁਸਤੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।

ਇਸ ਮੌਕੇ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਦੀ ਹਾਲਤ ਪਹਿਲਾਂ ਨਾਲੋਂ ਠੀਕ ਹੈ ਅਤੇ ਫਿਲਹਾਲ ਉਨ੍ਹਾਂ ਨੂੰ ਪਟਿਆਲਾ ਦੇ ਇ.ਸੀ. ਹਸਪਤਾਲ ਵਿਖੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਿਲ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਬਲਕੌਰ ਸਿੰਘ ਦੇ ਪਰਿਵਾਰਕ ਮੈਂਬਰ ਕਹਿਣਗੇ ਤਾਂ ਉਨ੍ਹਾਂ ਨੂੰ ਪਟਿਆਲਾ ਤੋਂ ਰੈਫਰ ਵੀ ਕੀਤਾ ਜਾ ਸਕਦਾ ਹੈ।


-PTC News

  • Share