Tue, Jun 17, 2025
Whatsapp

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਕੀਤੀ ਮੀਟਿੰਗ

Reported by:  PTC News Desk  Edited by:  Shanker Badra -- July 13th 2021 03:59 PM
ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਕੀਤੀ ਮੀਟਿੰਗ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ ਅਤੇ ਸੰਗਤਾਂ ਦੇਸ਼ ਦੁਨੀਆਂ ਤੋਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਲਈ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਤੋਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ, ਇਸ ਲਈ ਮੈਨੇਜਰ ਅਤੇ ਹੋਰ ਜ਼ੁੰਮੇਵਾਰ ਅਧਿਕਾਰੀ ਪ੍ਰਬੰਧਾਂ ਨੂੰ ਲੈ ਕੇ ਆਪਣੀ ਜ਼ੁੰਮੇਵਾਰੀ ਨਿਭਾਉਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਗਤਾਂ ਦੀਆਂ ਪ੍ਰਬੰਧਕਾਂ ਪਾਸੋਂ ਵੱਡੀਆਂ ਆਸਾਂ ਹੁੰਦੀਆਂ ਹਨ, ਇਸ ਲਈ ਸੁਚੇਤ ਰਹਿ ਕੇ ਪ੍ਰਬੰਧ ਕਰਨੇ ਸਾਡੀ ਸਾਰਿਆਂ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਵਿਚ ਢਿੱਲ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਵੀ ਆਪਣੀ ਡਿਊਟੀ ਪ੍ਰਤੀ ਜਵਾਬਦੇਹ ਬਣਾਉਣ। ਉਨ੍ਹਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਕਿਸੇ ਵੀ ਤਰ੍ਹਾਂ ਦੀ ਅਨੈਤਿਕ ਕਾਰਵਾਈ ਵਿਚ ਜਾਂ ਫਿਰ ਨਸ਼ਾਖੋਰੀ ਵਿਚ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਸਬੰਧਤ ਗੁਰਦੁਆਰਾ ਸਾਹਿਬ ਦਾ ਮੈਨੇਜਰ ਵੀ ਜਵਾਬ-ਦੇਹ ਹੋਵੇਗਾ। ਇਸ ਦੌਰਾਨ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਨੇਜਰਾਂ ਨਾਲ ਵੀਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸੰਸਥਾ ਦੀ ਬਿਹਤਰੀ ਲਈ ਵਚਨਬੱਧ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦਾ ਮੈਨੇਜਰ ਇਕ ਜ਼ੁੰਮੇਵਾਰ ਅਧਿਕਾਰੀ ਹੈ, ਜਿਸ ਦਾ ਫ਼ਰਜ਼ ਹੈ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ, ਸਾਫ਼-ਸਫ਼ਾਈ ਤੇ ਸੰਗਤ ਨਾਲ ਮੁਲਾਜ਼ਮਾਂ ਦੇ ਬੋਲਚਾਲ ਆਦਿ ਦਾ ਖ਼ਾਸ ਧਿਆਨ ਰੱਖੇ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਸਤਿੰਦਰ ਸਿੰਘ, ਸ. ਕਰਨੈਲ ਸਿੰਘ ਨਾਭਾ, ਸ. ਭਗਵੰਤ ਸਿੰਘ ਧੰਗੇੜਾ, ਸ. ਗੁਰਦੀਪ ਸਿੰਘ ਕੰਗ, ਸ. ਰੇਸ਼ਮ ਸਿੰਘ, ਸ. ਰਤਨ ਸਿੰਘ, ਸ. ਹਰਵਿੰਦਰ ਸਿੰਘ, ਸ. ਗੁਰਬਖ਼ਸ਼ ਸਿੰਘ, ਸ. ਸੁਖਮਿੰਦਰ ਸਿੰਘ, ਸ. ਅਮਰਿੰਦਰ ਸਿੰਘ, ਸ. ਮੋਹਨ ਸਿੰਘ, ਸ. ਧਰਮਿੰਦਰ ਸਿੰਘ, ਸ. ਸੁਖਦੇਵ ਸਿੰਘ, ਸ. ਸੰਤੋਖ ਸਿੰਘ, ਸ. ਨਿਰਭੈਅ ਸਿੰਘ, ਸ. ਬਲਜੀਤ ਸਿੰਘ, ਸ. ਮਨਜੀਤ ਸਿੰਘ, ਸ. ਗੁਰਦੇਵ ਸਿੰਘ, ਸ. ਰਜਿੰਦਰ ਸਿੰਘ, ਸ. ਲਾਲ ਸਿੰਘ, ਸ. ਰਾਜਪਾਲ ਸਿੰਘ, ਸ. ਇਕਬਾਲ ਸਿੰਘ, ਸ. ਜਰਨੈਲ ਸਿੰਘ ਅਤੇ ਹੋਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਵੀ ਮੌਜੂਦ ਸਨ। -PTCNews


Top News view more...

Latest News view more...

PTC NETWORK