Sat, Dec 14, 2024
Whatsapp

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਲਈ ਵੱਡਾ ਐਲਾਨ

Reported by:  PTC News Desk  Edited by:  Riya Bawa -- April 20th 2022 08:03 PM -- Updated: April 21st 2022 01:13 PM
ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਲਈ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਲਈ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਤੱਕ ਕਈ ਵੱਡੇ ਐਲਾਨ ਕੀਤੇ ਹਨ। ਇਸ ਵਿਚਾਲੇ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਪੁਲਿਸ ਲਈ ਵੱਡਾ ਐਲਾਨ ਕੀਤਾ ਹੈ। ਚੋਣ ਵਾਅਦੇ ਮੁਤਾਬਿਕ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਰਾਹਤ ਦੇਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਇੱਥੇ ਪੰਜਾਬ ਪੁਲਿਸ ਤਕਨਾਲੋਜੀ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਰਚੁਅਲ ਤੌਰ ‘ਤੇ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵੜਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸਾਰੇ ਰੈਂਕਾਂ ਦੇ 23000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗੈਂਗਸਟਰਾਂ, ਨਸ਼ਿਆਂ, ਅੱਤਵਾਦ, ਗੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੇ ਨਿਰਦੇਸ਼ ਦਿੱਤੇ। BhagwantMann ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਸਟੇਟ ਪੁਲਿਸ ਹੈੱਡਕੁਆਰਟਰ, ਸਾਰੇ ਜ਼ਿਲ੍ਹਾ ਪੁਲਿਸ ਦਫਤਰਾਂ, ਪੁਲਿਸ ਸਟੇਸ਼ਨਾਂ, ਸਿਖਲਾਈ ਕੇਂਦਰਾਂ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦਫਤਰ, ਇੰਟੈਲੀਜੈਂਸ ਦਫ਼ਤਰ, ਸਾਂਝ ਕੇਂਦਰ, ਵੱਖ-ਵੱਖ ਹਥਿਆਰਬੰਦ ਬਟਾਲੀਅਨਾਂ ਅਤੇ ਰੇਲਵੇ ਪੁਲਿਸ ਵਿਖੇ ਸਥਾਪਿਤ ਕੀਤੇ ਗਏ 933 ਵੀਡੀਓ ਕਾਨਫਰੰਸਿੰਗ (ਵੀ.ਸੀ.) ਸਥਾਨਾਂ ਤੋਂ ਸਾਰੇ ਰੈਂਕਾਂ ਦੇ ਪੁਲਿਸ ਕਰਮਚਾਰੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਨੇ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਪੁਲਿਸ ਦੇ ਕੰਮਕਾਜ ਵਿੱਚ ਕੋਈ ਦਖਲਅੰਦਾਜ਼ੀ ਨਾ ਹੋਣ ਦਾ ਭਰੋਸਾ ਦਿੰਦਿਆਂ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਪੇਸ਼ੇਵਰਤਾ, ਸਮਰਪਣ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਪੁਲਿਸ ਨੂੰ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਿਨਾਂ ਕਿਸੇ ਪੱਖਪਾਤ ਤੋਂ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ। ਪੰਜਾਬ ਪੁਲਿਸ ਦੀ ਭਲਾਈ ਲਈ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਨੇ ਇਸ ਵਿੱਤੀ ਸਾਲ ਤੋਂ ਪੁਲਿਸ ਭਲਾਈ ਫੰਡ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਐਲਾਨ ਵੀ ਕੀਤਾ।ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਦੇਸ਼ ਦੀ ਸਰਵੋਤਮ ਪੁਲਿਸ ਫੋਰਸ ਵਿੱਚੋਂ ਇੱਕ ਬਣਾਉਣ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਪੂਰੇ ਸੁਹਿਰਦ ਯਤਨਾਂ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਆ। ਪੰਜਾਬ ਪੁਲਿਸ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦੀ ਰਾਹਤ ਰਾਸ਼ੀ ਮਿਲੇਗੀ। ਇਹ ਵੀ ਪੜ੍ਹੋ:ਪੰਜਾਬ ਪੁਲਿਸ ਦਾ ਕੁਮਾਰ ਵਿਸ਼ਵਾਸ 'ਤੇ ਵੱਡਾ ਐਕਸ਼ਨ, ਜਾਣੋ ਕੀ ਹੈ ਪੂਰਾ ਮਾਮਲਾ ਉਨ੍ਹਾਂ ਨੇ ਪੁਲਿਸ ਨੂੰ ਲੋਕਾਂ ਨਾਲ ਹਲੀਮੀ ਨਾਲ ਪੇਸ਼ ਆਉਣ ਲਈ ਵੀ ਕਿਹਾ।​ ਉਨ੍ਹਾਂ ਕਿਹਾ ਕਿ ਪੁਲਿਸ ਦੀ ਨੌਕਰੀ ਚੁਣੌਤੀਪੂਰਨ ਤੇ ਬੜੀ ਸਖ਼ਤ ਹੈ ਅਤੇ ਵਧੀਆ ਕਾਰਗੁਜ਼ਾਰੀ ਦੇ ਬਾਵਜੂਦ ਵੀ ਪੁਲਿਸ ਨੂੰ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਵੀ ਕੀਤੀ।ਜ਼ਿਕਰਯੋਗ ਹੈ ਕਿ ਜਦੋਂ ਤੋਂ ਮੁੱਖ ਮੰਤਰੀ ਨੇ ਪੁਲਿਸ ਕਰਮੀਆਂ ਨੂੰ ਉਨ੍ਹਾਂ ਦੇ ਜਨਮ ਦਿਨ ਉਤੇ ਵਧਾਈ ਦੇਣ ਦੀ ਸ਼ੁਰੂਆਤ ਕੀਤੀ ਹੈ, ਉਦੋਂ ਤੋਂ ਹੁਣ ਤੱਕ ਕੁੱਲ 5650 ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਮੁਬਾਰਕਾਂ ਦਿੱਤੀਆਂ ਜਾ ਚੁੱਕੀਆਂ ਹਨ। -PTC News

Top News view more...

Latest News view more...

PTC NETWORK