ਪੰਜਾਬ ਮੰਤਰੀ ਮੰਡਲ ਦਾ ਵੱਡਾ ਐਲਾਨ- ਅੱਠਵੀਂ ਜਮਾਤ ਤੱਕ ਪੜ੍ਹਦੇ ਮੁੰਡਿਆਂ ਨੂੰ ਮਿਲੇਗੀ ਮੁਫ਼ਤ ਵਰਦੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਮੰਤਰੀ ਮੰਡਲ ਨੇ ਅੱਜ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਜਨਰਲ ਵਰਗ ਦੇ ਲਗਭਗ 2.66 ਲੱਖ ਰਹਿ ਗਏ ਲੜਕਿਆਂ ਨੂੰ ਮੁਫਤ ਵਰਦੀਆਂ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਚਾਲੂ ਵਿੱਤੀ ਸਾਲ ਦੌਰਾਨ ਲਗਭਗ 15.98 ਕਰੋੜ ਰੁਪਏ ਖ਼ਰਚ ਕਰੇਗੀ।
ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ। ਜ਼ਿਕਰਯੋਗ ਹੈ ਕਿ ਇਸ ਵੇਲੇ ਸਕੂਲ ਸਿੱਖਿਆ ਵਿਭਾਗ ਦੁਆਰਾ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ ਵਿਚ ਪੜ੍ਹਦੀਆਂ ਸਾਰੀਆਂ ਲੜਕੀਆਂ, ਐਸ.ਸੀ. ਲੜਕੇ, ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੜਕਿਆਂ ਨੂੰ ‘ਸਮੱਗਰ ਸ਼ਿਕਸ਼ਾ’ ਦੇ ਨਿਯਮਾਂ ਅਤੇ ਸਿੱਖਿਆ ਦੇ ਅਧਿਕਾਰ ਐਕਟ ਦੇ ਤਹਿਤ ਵਰਦੀ ਮੁਹੱਈਆ ਕਰਵਾਈ ਜਾ ਰਹੀ ਹੈ।
ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ ਜਿਨ੍ਹਾਂ ਲਈ ਮੌਜੂਦਾ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਜਨਰਲ ਵਰਗ ਨਾਲ ਸਬੰਧਤ ਲੜਕਿਆਂ ਨੂੰ ਵਿਭਾਗ ਵੱਲੋਂ ਵਰਦੀ ਨਹੀਂ ਦਿੱਤੀ ਜਾਂਦੀ ਕਿਉਂ ਜੋ ਇਹ ਵਿਦਿਆਰਥੀ ਸਿੱਖਿਆ ਦਾ ਅਧਿਕਾਰ ਐਕਟ ਦੇ ਮੁਤਾਬਕ ਹੱਕਦਾਰ ਨਹੀਂ ਹਨ।
ਗੰਨਾ ਉਤਪਾਦਕ ਕਿਸਾਨਾਂ ਲਈ ਵਿੱਤੀ ਸਹਾਇਤਾ ਵਧਾਈ
ਪ੍ਰਾਈਵੇਟ ਖੰਡ ਮਿੱਲਾਂ ਦੀ ਆਰਥਿਕਤਾ ਸਥਿਰਤਾ ਨੂੰ ਯਕੀਨੀ ਬਣਾਉਣ ਅਤੇ ਗੰਨੇ ਦੇ ਪਿੜਾਈ ਸੀਜ਼ਨ-2021-22 ਲਈ ਕਿਸਾਨਾਂ ਨੂੰ ਗੰਨੇ ਦਾ ਸੂਬਾਈ ਭਾਅ (ਐਸ.ਏ.ਪੀ.) ਦੀ ਅਦਾਇਗੀ ਸਮੇਂ ਸਿਰ ਕਰਨ ਲਈ ਮੰਤਰੀ ਮੰਡਲ ਨੇ ਇਸ ਪਿੜਾਈ ਸੀਜ਼ਨ ਦੌਰਾਨ ਪ੍ਰਾਈਵੇਟ ਮਿੱਲਾਂ ਦੀ ਤਰਫੋਂ ਗੰਨਾ ਉਤਪਾਦਕਾਂ ਨੂੰ ਐਸ.ਏ.ਪੀ. ਵਿੱਚੋਂ 35 ਰੁਪਏ ਪ੍ਰਤੀ ਕੁਇੰਟਲ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇਕ ਨਵੰਬਰ, 2021 ਨੂੰ ਮੀਟਿੰਗ ਹੋਈ ਸੀ ਜਿਸ ਦੌਰਾਨ ਇਹ ਫੈਸਲਾ ਕੀਤਾ ਗਿਆ ਸੀ ਕਿ ਗੰਨੇ ਦੇ ਭਾਅ ਵਿਚ ਕੀਤੇ ਗਏ 50 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਵਿੱਚੋਂ 30 ਫੀਸਦੀ (15 ਰੁਪਏ ਪ੍ਰਤੀ ਕੁਇੰਟਲ) ਖੰਡ ਮਿੱਲਾਂ ਅਦਾ ਕਰਨਗੀਆਂ ਜਦਕਿ ਬਾਕੀ 70 ਫੀਸਦੀ (35 ਰੁਪਏ ਪ੍ਰਤੀ ਕੁਇੰਟਲ) ਸੂਬਾ ਸਰਕਾਰ ਖੰਡ ਮਿੱਲਾਂ ਦੀ ਤਰਫੋਂ ਕਿਸਾਨਾਂ ਦੇ ਖਾਤਿਆਂ ਵਿਚ ਅਦਾ ਕਰੇਗੀ।
-PTC News