Manpreet Singh Badal: ਪਲਾਟ ਘੁਟਾਲੇ 'ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਬਠਿੰਡਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਨਪ੍ਰੀਤ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।ਦੋਸ਼ੀ ਅਮਨਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ 13 ਅਕਤੂਬਰ ਨੂੰ ਸੁਣਵਾਈ ਹੋਵੇਗੀ। ਮਨਪ੍ਰੀਤ ਬਾਦਲ ਵੱਲੋਂ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਅਤੇ ਸਰਤੇਜ ਨਰੂਲਾ ਅਦਾਲਤ ਵਿੱਚ ਪੇਸ਼ ਹੋਏ। ਸਭ ਤੋਂ ਪਹਿਲਾਂ ਵਕੀਲ ਭਿੰਡਰ ਨੇ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੇਸ਼ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਮਨਪ੍ਰੀਤ ਬਾਦਲ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜੇਕਰ ਅਦਾਲਤ ਮਨਪ੍ਰੀਤ ਬਾਦਲ ਨੂੰ ਸ਼ਰਤੀਆ ਜ਼ਮਾਨਤ ਦਿੰਦੀ ਹੈ ਤਾਂ ਉਹ ਅਦਾਲਤ ਕੋਲ 32.5 ਲੱਖ ਰੁਪਏ ਦੀ ਫਿਕਸਡ ਡਿਪਾਜ਼ਿਟ (ਐੱਫ. ਡੀ.) ਜਮ੍ਹਾ ਕਰਵਾ ਸਕਦੇ ਹਨ, ਪਰ ਅਦਾਲਤ ਨੇ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ। ਮਨਪ੍ਰੀਤ ਦੇ ਦੂਜੇ ਵਕੀਲ ਸਰਤੇਜ ਨਰੂਲਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਪਲਾਟ ਨਿਯਮਾਂ ਅਤੇ ਕਾਨੂੰਨ ਅਨੁਸਾਰ ਖਰੀਦੇ ਗਏ ਸਨ। ਬਠਿੰਡਾ ਵਿਕਾਸ ਅਥਾਰਟੀ (ਬੀਡੀਏ) ਨੇ ਪਹਿਲਾਂ ਇਨ੍ਹਾਂ ਪਲਾਟਾਂ ਨੂੰ ਕਮਰਸ਼ੀਅਲ ਤੋਂ ਰਿਹਾਇਸ਼ੀ ਵਿੱਚ ਤਬਦੀਲ ਕੀਤਾ।