ICICI Bank: ਫ਼ਿਰੋਜ਼ਪੁਰ ਸ਼ਹਿਰ ਤੋਂ ਬੈਂਕ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਅਣਪਛਾਤੇ ਵਿਅਕਤੀ ਨੇ ਸਖ਼ਤ ਸੁਰੱਖਿਆ ਵਿਚਕਾਰ ਆਈਸੀਆਈਸੀਆਈ ਬੈਂਕ ਵਿੱਚੋਂ ਕਰੋੜਾਂ ਰੁਪਏ ਚੋਰੀ ਕਰ ਲਏ ਹਨ। ਬੈਂਕ ਮੈਨੇਜਮੈਂਟ ਨੂੰ ਜਿਵੇਂ ਹੀ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਬੈਂਕ ਅਧਿਕਾਰੀਆਂ ਨੇ ਇਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਵਿੱਚ ਲਿਖਤੀ ਸ਼ਿਕਾਇਤ ਦਿੱਤੀ ਹੈ। ਜਿਸ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।ਬੈਂਕ ਅਧਿਕਾਰੀਆਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈਇਹ ਮਾਮਲਾ ਫ਼ਿਰੋਜ਼ਪੁਰ ਸ਼ਹਿਰ ਦੇ ਮਾਲ ਰੋਡ 'ਤੇ ਸਥਿਤ ਆਈਸੀਆਈਸੀਆਈ ਬੈਂਕ ਦਾ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਬੈਂਕ ਦਾ ਸਾਫ਼ਟਵੇਅਰ ਹੈਕ ਕਰਕੇ ਕਰੋੜਾਂ ਰੁਪਏ ਚੋਰੀ ਕਰ ਲਏ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ਿਰੋਜ਼ਪੁਰ ਦੇ ਇਨਵੈਸਟੀਗੇਸ਼ਨ ਐਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਆਈ.ਸੀ.ਆਈ.ਸੀ.ਆਈ ਬੈਂਕ ਦੇ ਅਧਿਕਾਰੀਆਂ ਵੱਲੋਂ ਲਿਖਤੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤ ਵਿੱਚ ਅਧਿਕਾਰੀਆਂ ਨੇ ਦੋਸ਼ ਲਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਬੈਂਕ ਦੇ ਸਾਫ਼ਟਵੇਅਰ ਦੀ ਵਰਤੋਂ ਕਰਕੇ ਫ਼ਿਰੋਜ਼ਪੁਰ ਸ਼ਹਿਰ ਵਿੱਚੋਂ 15,47,46,177 ਰੁਪਏ ਚੋਰੀ ਕਰ ਲਏ ਹਨ।ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਸ਼ਿਕਾਇਤ ਮੁਹਾਲੀ ਤੋਂ ਫ਼ਿਰੋਜ਼ਪੁਰ ਤਬਦੀਲ ਕਰ ਦਿੱਤੀ ਹੈ। ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਫ਼ਿਰੋਜ਼ਪੁਰ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।