ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ- ਨਹੀਂ ਖ਼ਤਮ ਹੋਵੇਗਾ ਕਿਸਾਨ ਅੰਦੋਲਨ
ਨਵੀਂ ਦਿੱਲੀ: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਸਿੰਘੂ ਬਾਰਡਰ 'ਤੇ ਮੀਟਿੰਗ ਕਰ ਅਗਲੀ ਰਣਨੀਤੀ ਤੈਅ ਕੀਤੀ ਹੈ। ਇਸ ਦੌਰਾਨ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਜਿੰਨਾ ਸਮਾਂ ਕੇਂਦਰ ਸਰਕਾਰ (Union Government) ਨੂੰ ਮੰਗਾਂ ਬਾਰੇ ਲਿਖੀ ਚਿੱਠੀ ਦਾ ਕੋਈ ਲਿਖਤੀ ਜਵਾਬ ਨਹੀਂ ਆਉਂਦਾ ਅੰਦੋਲਨ ਜਾਰੀ ਰਹੇਗਾ।
ਸਿੰਘੂ ਬਾਰਡਰ 'ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬੀਕੇਯੂ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਮਐਸਪੀ ’ਤੇ ਪੈਨਲ ਲਈ ਜੋ ਨਾਵਾਂ ਦੀ ਮੰਗ ਕੀਤੀ ਗਈ ਸੀ, ਉਹ ਉਨ੍ਹਾਂ ਨੂੰ ਲੈ ਕੇ ਤਿਆਰ ਹਨ। ਉਂਝ ਕੇਂਦਰ ਸਰਕਾਰ ਪਹਿਲਾਂ ਉਨ੍ਹਾਂ ਨੂੰ ਲਿਖਤੀ ਭਰੋਸਾ ਦੇਵੇ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਅਮਲ ਕਰਨ ਵਿੱਚ ਕਿੰਨਾ ਸਮਾਂ ਲੱਗੇਗਾ। ਇਸ ਲਈ ਜਦੋਂ ਤੱਕ ਸਰਕਾਰ ਵੱਲੋਂ ਕੁਝ ਲਿਖਤੀ ਨਹੀਂ ਆਉਂਦਾ, ਉਦੋਂ ਤੱਕ ਡਟੇ ਰਹਾਂਗੇ।
ਕਿਸਾਨ ਲੀਡਰਾਂ ਨੇ ਕਿਹਾ ਕਿ ਸਾਡੇ ਸ਼ਹੀਦਾਂ ਪ੍ਰਤੀ ਪ੍ਰਧਾਨ ਮੰਤਰੀ ਮੋਦੀ ਨੇ ਚੁੱਪ ਵੱਟੀ ਹੋਈ ਹੈ। ਖੇਤੀ ਮੰਤਰੀ ਨੇ ਵੀ ਅੱਜ ਸੰਸਦ ਵਿੱਚ ਕਿਹਾ ਹੈ ਕਿ ਸ਼ਹੀਦ ਕਿਸਾਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਲਈ ਅਜੇ ਸੰਘਰਸ਼ ਜਾਰੀ ਰਹੇਗਾ। ਅੱਜ ਪੰਜਾਬ ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੀਟਿੰਗਾਂ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ।
ਇੱਕ ਹੋਰ ਕਿਸਾਨ ਆਗੂ ਗੁਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ਹਫ਼ਤੇ ਦੇ ਸ਼ੁਰੂ ਵਿੱਚ ਭੇਜੇ ਗਏ ਉਨ੍ਹਾਂ ਦੀਆਂ ਮੰਗਾਂ ਦੇ ਚਾਰਟਰ ਦਾ ਜਵਾਬ ਨਹੀਂ ਦਿੰਦੀ, ਉਦੋਂ ਤੱਕ ਉਹ ਅੰਦੋਲਨ ਖ਼ਤਮ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੀ ਇੱਕ ਹੋਰ ਮੀਟਿੰਗ 2 ਦਸੰਬਰ ਨੂੰ ਕੀਤੀ ਜਾਵੇਗੀ, ਜਿਸ ਤੋਂ ਬਾਅਦ 4 ਦਸੰਬਰ ਨੂੰ ਸਾਂਝੇ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ, ਜਿੱਥੇ ਉਹ ਭਵਿੱਖ ਦੀ ਰਣਨੀਤੀ ਉਲੀਕਣਗੇ।
-PTC News