ਸੂਬੇ ਸਣੇ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਵਾਰਡਾਂ 'ਚ ਨਿਗਮ ਚੋਣਾਂ ਇਕੱਲੇ ਲੜੇਗੀ ਭਾਜਪਾ : ਗੁਪਤਾ
ਅੰਮ੍ਰਿਤਸਰ : ਆਗਾਮੀ ਨਗਰ ਨਿਗਮ ਚੋਣਾਂ ਦੇ ਸਬੰਧ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਜਥੇਬੰਦਕ ਮੀਟਿੰਗ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ।
ਇਹ ਮੀਟਿੰਗ ਭਾਜਪਾ ਦਫ਼ਤਰ ਵਿਖੇ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਹੋਈ। ਗੁਪਤਾ ਨੇ ਨਿਗਮ ਚੋਣਾਂ ਸਬੰਧੀ ਰਣਨੀਤੀ ਬਾਰੇ ਸਮੂਹ ਅਹੁਦੇਦਾਰਾਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਤੇ ਸੁਝਾਅ ਲਏ। ਉਨ੍ਹਾਂ ਨੇ ਕਿਹਾ ਕਿ ਭਾਜਪਾ ਵਰਕਰਾਂ ਵੱਲੋਂ ਚੋਣਾਂ ਦੀ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ।
ਜੀਵਨ ਗੁਪਤਾ ਨੇ ਇਸ ਮੌਕੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਸੂਬੇ ਸਮੇਤ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਇਕੱਲਿਆਂ ਹੀ ਲੜੇਗੀ। ਆਉਣ ਵਾਲੇ ਦਿਨਾਂ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਵੱਖ-ਵੱਖ ਸਮੇਂ ਅਤੇ ਸਥਾਨਾਂ ਉਤੇ ਸ਼ਹਿਰ ਦੀਆਂ ਸਾਰੀਆਂ ਡਿਵੀਜ਼ਨਾਂ ਵਿੱਚ ਸਮੂਹ ਵਰਕਰਾਂ ਨਾਲ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।
ਆਉਣ ਵਾਲੇ ਦਿਨਾਂ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਸ਼ਹਿਰ ਦੇ ਸਮੂਹ ਵਰਕਰਾਂ ਦੀ ਕਾਨਫਰੰਸ ਵੀ ਕੀਤੀ ਜਾਵੇਗੀ।
ਜੀਵਨ ਗੁਪਤਾ ਨੇ ਕਿਹਾ ਕਿ 5 ਮਈ ਨੂੰ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਜਲੀ ਦੀ ਖੱਜਲ-ਖੁਆਰੀ ਅਤੇ ਮੁਫ਼ਤ ਬਿਜਲੀ ਦੀ ਵੰਡ ਨੂੰ ਲੈ ਕੇ ਸੂਬੇ ਦੇ ਲੋਕਾਂ ਨਾਲ ਅਪਣਾਏ ਜਾ ਰਹੇ ਪੱਖਪਾਤੀ ਰਵੱਈਏ ਖਿਲਾਫ਼ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਪੰਜਾਬ ਦੇ ਲੋਕ ਇਸ ਵਾਰ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ। ਇਸ ਮੀਟਿੰਗ ਵਿੱਚ ਜ਼ਿਲ੍ਹਾ ਅਧਿਕਾਰੀ, ਮੋਰਚਾ ਪ੍ਰਧਾਨ ਤੇ ਉਨ੍ਹਾਂ ਦੇ ਜਨਰਲ ਸਕੱਤਰ, ਸ਼ਹਿਰ ਦੀਆਂ ਪੰਜ ਵਿਧਾਨ ਸਭਾਵਾਂ ਦੇ ਸਮੂਹ ਮੰਡਲ ਪ੍ਰਧਾਨ ਤੇ ਉਨ੍ਹਾਂ ਦੇ ਜਨਰਲ ਸਕੱਤਰ ਹਾਜ਼ਰ ਸਨ।
ਇਹ ਵੀ ਪੜ੍ਹੋ : ਸਰਕਾਰੀ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਪੰਚਾਇਤ ਮੰਤਰੀ ਤੇ ਮੁੱਖ ਮੰਤਰੀ ਵੱਲੋਂ ਧੰਨਵਾਦ