Brij Bhushan Sharan Singh: ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਬ੍ਰਿਜ ਭੂਸ਼ਣ ਦੇ ਸਕੱਤਰ ਵਿਨੋਦ ਤੋਮਰ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।ਰਾਊਜ਼ ਐਵੇਨਿਊ ਅਦਾਲਤ ਦੀ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਪ੍ਰਿਅੰਕਾ ਰਾਜਪੂਤ ਨੇ ਇਹ ਹੁਕਮ ਸੁਣਾਇਆ। ਅਦਾਲਤ ਨੇ ਕਿਹਾ ਕਿ ਬ੍ਰਿਜ ਭੂਸ਼ਣ ਖਿਲਾਫ ਦੋਸ਼ ਤੈਅ ਕਰਨ ਲਈ ਕਾਫੀ ਸਬੂਤ ਹਨ। ਬ੍ਰਿਜ ਭੂਸ਼ਣ ਵਿਰੁੱਧ ਧਾਰਾ 354 ( ਸ਼ਾਨ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕਿਸੇ ਔਰਤ 'ਤੇ ਹਮਲਾ ਜਾਂ ਅਪਰਾਧਿਕ ਜ਼ਬਰਦਸਤੀ), 354-ਏ (ਜਿਨਸੀ ਪਰੇਸ਼ਾਨੀ) ਅਤੇ ਧਾਰਾ 506 (ਅਪਰਾਧਿਕ ਧਮਕੀ) ਦੇ ਤਹਿਤ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਗਿਆ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਵਿਨੋਦ ਤੋਮਰ ਵਿਰੁੱਧ ਧਾਰਾ 506(1) ਤਹਿਤ ਦੋਸ਼ ਆਇਦ ਕਰਨ ਦੇ ਸਬੂਤ ਮੌਜੂਦ ਹਨ।