ਮੁੱਖ ਮੰਤਰੀ ਵੱਲੋਂ ਸੂਬੇ ਭਰ ‘ਚ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦੇ ਟੈਲੀਕਾਸਟ ‘ਤੇ ਤੁਰੰਤ ਪਾਬੰਦੀ ਲਾਉਣ ਦੇ ਆਦੇਸ਼

capt

ਮੁੱਖ ਮੰਤਰੀ ਵੱਲੋਂ ਸੂਬੇ ਭਰ ‘ਚ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦੇ ਟੈਲੀਕਾਸਟ ‘ਤੇ ਤੁਰੰਤ ਪਾਬੰਦੀ ਲਾਉਣ ਦੇ ਆਦੇਸ਼

ਭਾਰਤ ਸਰਕਾਰ ਨੂੰ ਡੀ.ਟੀ.ਐਚ. ਉਤੇ ਟੈਲੀਕਾਸਟ ਰੋਕਣ ਲਈ ਕਿਹਾ

ਸ਼ਾਂਤੀ ਤੇ ਫਿਰਕੂ ਭਾਈਚਾਰਾ ‘ਚ ਤਰੇੜ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਦਿੱਤੀ ਚਿਤਾਵਨੀ

ਚੰਡੀਗੜ: ਸੂਬੇ ਵਿੱਚ ਸ਼ਾਂਤੀ ਤੇ ਫਿਰਕੂ ਭਾਈਚਾਰਾ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਰਾਤ ਨੂੰ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪ੍ਰਭਾਵ ਨਾਲ ਟੈਲੀਵੀਜ਼ਨ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦੇ ਟੈਲੀਕਾਸਟ ਉਪਰ ਪਾਬੰਦੀ ਲਾ ਦੇਣ ਜਿਸ ਕਾਰਨ ਵਾਲਮੀਕੀ ਭਾਈਚਾਰੇ ਦੀਆਂ ਭਾਵਨਾਵਾਂ ਭੜਕੀਆਂ ਹਨ ਅਤੇ ਉਹਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਸ਼ਨਿਚਰਵਾਰ ਨੂੰ ਆਪੋ-ਆਪਣੇ ਜ਼ਿਲਿਆਂ ਵਿੱਚ ਕੇਬਲ ਆਪਰੇਟਰਾਂ ਨੂੰ ਇਸ ਲੜੀਵਾਰ ਦੇ ਟੈਲੀਕਾਸਟ ‘ਤੇ ਰੋਕ ਲਗਾਉਣ ਲਈ ਲੋੜੀਂਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।ਵਾਲਮੀਕੀ ਭਾਈਚਾਰੇ ਨੇ ਸ਼ਨਿਚਰਵਾਰ ਨੂੰ ਬੰਦ ਦਾ ਸੱਦਾ ਦਿੱਤਾ ਸੀ ਜਿਸ ਦੌਰਾਨ ਇਕ ਨੌਜਵਾਨ ਨੂੰ ਗੋਲੀ ਲੱਗ ਗਈ ਜਿਸ ਦਾ ਬਾਅਦ ਵਿੱਚ ਆਪਰੇਸ਼ਨ ਨਾਲ ਬਚਾਅ ਹੋ ਗਿਆ।

ਇਸ ਘਟਨਾ ‘ਤੇ ਡੂੰਘਾ ਦੁੱਖ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਦੀ ਸ਼ਾਂਤੀ ਤੇ ਫਿਰਕੂ ਭਾਈਚਾਰੇ ਨੂੰ ਖਰਾਬ ਕਰਨ ਦੀ ਜੋ ਵੀ ਕੋਸ਼ਿਸ਼ ਕਰੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੁੱਦੇ ‘ਤੇ ਵਾਲਮੀਕੀ ਭਾਈਚਾਰੇ ਦੀਆਂ ਭਾਵਨਾਵਾਂ ਦੀ ਪੂਰੀ ਕਦਰ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਡੀ.ਟੀ.ਐਚ. ਉਪਰ ਇਸ ਲੜੀਵਾਰ ਦੇ ਟੈਲੀਕਾਸਟ ਨੂੰ ਤੁਰੰਤ ਬੰਦ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਸੂਬੇ ਵਿੱਚ ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦੇਵੇਗੀ।ਉਹਨਾਂ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਿੱਤਾ ਜਾਵੇਗਾ। ਉਹਨਾਂ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਫੇਰ ਕਿਹਾ ਕਿ ਉਹ ਪਾਬੰਦੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ।

ਉਹਨਾਂ ਅੱਗੇ ਕਿਹਾ ਕਿ ਕੋਈ ਵੀ ਜ਼ਿੰਮੇਵਾਰ ਨਿਰਮਾਤਾ ਅਜਿਹਾ ਲੜੀਵਾਰ ਬਣਾਉਣ ਜਾਂ ਨਿਰਮਾਣ ਕਰਨ ਤੋਂ ਗੁਰੇਜ਼ ਕਰੇ ਜਿਸ ਨਾਲ ਕਿਸੇ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਭੜਕਦੀਆਂ ਹੋਣ। ਉਹਨਾਂ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੀ ਸਰਕਾਰ ਹਰ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਅਜਿਹੇ ਲੜੀਵਾਰਾਂ ਨੂੰ ਸੂਬੇ ਵਿੱਚ ਟੈਲੀਕਾਸਟ ਕਰਨ ਦੀ ਆਗਿਆ ਨਹੀਂ ਦੇਵੇਗੀ।ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਨੂੰ ਕਿਸੇ ਵੀ ਵਿਘਨ ਪਾਉਣ ਵਾਲੇ ਅਨਸਰਾਂ ਉਤੇ ਸਖਤ ਚੌਕਸੀ ਅਤੇ ਕਰੜੀ ਕਾਰਵਾਈ ਕਰਨ ਲਈ ਵੀ ਕਿਹਾ ਹੈ ਤਾਂ ਜੋ ਸੂਬੇ ਵਿੱਚ ਅਮਨ ਤੇ ਸ਼ਾਂਤੀ ਹਰ ਹੀਲੇ ਕਾਇਮ ਰੱਖੀ ਜਾ ਸਕੇ।

-PTC News