ਕੈਪਟਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਲਈ ਭਾਈ ਲੌਂਗੋਵਾਲ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ

captain

ਕੈਪਟਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਲਈ ਭਾਈ ਲੌਂਗੋਵਾਲ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਨੂੰ ਸਫ਼ਲ ਬਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਲੋਂਗੋਵਾਲ ਨੂੰ ਇਹ ਅਪੀਲ ਅੱਜ ਇਕ ਸੰਖੇਪ ਮੀਟਿੰਗ ਦੌਰਾਨ ਉਸ ਵੇਲੇ ਕੀਤੀ ਜਦੋਂ ਉਹ 23 ਨਵੰਬਰ ਨੂੰ ਐਸ.ਜੀ.ਪੀ.ਸੀ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਸਮਾਰੋਹਾਂ ਦੇ ਲਈ ਉਨ੍ਹਾਂ ਨੂੰ ਸੱਦਾ ਪੱਤਰ ਦੇਣ ਵਾਸਤੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਆਏ। ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਸਮਾਰੋਹ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਐਸ.ਜੀ.ਪੀ.ਸੀ. ਨੂੰ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਮਣਾਏ ਜਾ ਰਹੇ ਸਮਾਰੋਹਾਂ ਦਾ ਹਿੱਸਾ ਹੋਣਾ ਚਾਹੀਦਾ ਹੈ।

congressਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਰੋਹ ਸਾਡੇ ਸਾਰਿਆਂ ਦੇ ਜੀਵਨ ਵਿੱਚ ਇਕ ਅਹਿਮ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਿਆਸਤ, ਸਮਾਜਿਕ ਅਤੇ ਧਾਰਮਿਕ ਕਤਾਰ ਤੋਂ ਉੱਪਰ ਉੱਠ ਕੇ ਸਮੂਹਿਕ ਰੂਪ ਵਿੱਚ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਇਕਜੁੱਟਤਾ ਨਾਲ ਅੱਗੇ ਲਿਜਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਦੀ ਇਕਸੁਰਤਾ ਦੀ ਭਾਵਨਾ ਅਨੁਸਾਰ ਸਾਨੂੰ ਸਾਰਿਆਂ ਨੂੰ ਇਸ ਸਮਾਰੋਹ ਵਿੱਚ ਸਾਂਝੇ ਤੌਰ ‘ਤੇ ਸਰਗਰਮ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਪੀ.ਪੀ.ਸੀ.ਸੀ. ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ।

—PTC News