ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਦੋ ਪੁਰਾਣੇ ਲੀਡਰ ਕੈਪਟਨ ਦੀ ਪਾਰਟੀ 'ਚ ਹੋਏ ਸ਼ਾਮਿਲ
ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਆਖਰ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਲੀਡਰ ਆਉਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਦੋ ਵਾਰ ਦੇ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ ਨੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੀ ਸਾਬਕਾ ਵਿਧਾਇਕ ਬੇਗਮ ਫਰਜ਼ਾਨਾ ਆਲਮ ਵੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਦੇ ਦੋਵੇਂ ਲੀਡਰ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਪੰਜਾਬ ਲੋਕ ਕਾਂਗਰਸ ਦੀ ਤਰਫੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਅਮਰੀਕ ਸਿੰਘ ਆਲੀਵਾਲ ਤੇ ਬੇਗਮ ਫਰਜ਼ਾਨਾ ਆਲਮ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਆਉਣ ਦਾ ਫੈਸਲਾ ਕੀਤਾ ਹੈ। ਦੋਵਾਂ ਆਗੂਆਂ ਨੇ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਲੋਕ ਕਾਂਗਰਸ ਦੀ ਮੈਂਬਰਸ਼ਿਪ ਲੈ ਲਈ ਹੈ।
ਗੌਰਤਲਬ ਹੈ ਕਿ ਅਮਰੀਕ ਸਿੰਘ ਆਲੀਵਾਲ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਬੇਗਮ ਫਰਜ਼ਾਨਾ ਆਲਮ ਮਲੇਰਕੋਟਲਾ ਤੋਂ ਵਿਧਾਇਕ ਹੋਣ ਤੋਂ ਇਲਾਵਾ ਸਾਬਕਾ ਸੰਸਦੀ ਸਕੱਤਰ ਰਹਿ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਨ੍ਹਾਂ ਦੋ ਦਿੱਗਜ ਆਗੂਆਂ ਦੇ ਆਉਣ ਨਾਲ ਪੰਜਾਬ ਲੋਕ ਕਾਂਗਰਸ ਮਜ਼ਬੂਤ ਹੋਵੇਗੀ।
-PTC News