ਮੁੱਖ ਚੋਣ ਕਮਿਸ਼ਨਰ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਸਬੰਧੀ ਕੀਤੀ ਪ੍ਰੈੱਸ ਕਾਨਫਰੰਸ
ਚੰਡੀਗੜ੍ਹ- ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣਾਂ ਦੀਆਂ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੰਜਾਬ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਵੱਲੋਂ ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਚੋਣਾਂ ਸਬੰਧੀ ਵੋਟਰਾਂ ਅਤੇ ਪੋਲਿੰਗ ਸਟੇਸ਼ਨਾਂ ਦਾ ਵੇਰਵਾ ਜਾਰੀ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ 'ਚ ਇਸ ਵਾਰ ਮਹਿਲਾ ਵੋਟਰਾਂ ਦੀ ਗਿਣਤੀ ਇਕ ਕਰੋੜ ਤੋਂ ਪਾਰ ਹੈ।
ਉਨ੍ਹਾਂ ਕਿਹਾ ਕਿ ਵੋਟਾਂ ਦੌਰਾਨ ਡਰੱਗ ਜਾਂ ਕੋਈ ਗਲਤ ਤਰੀਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੋਲਿੰਗ ਬੂਥ ਸਾਰੇ ਗਰਾਊਂਡ ਫਲੋਰ 'ਤੇ ਬਣਾਏ ਜਾਣ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ ਦੀ ਟੀਮ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸੁਸ਼ੀਲ ਚੰਦਰਾ ਦੀ ਅਗਵਾਈ ਵਿੱਚ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਨਾਲ ਅੱਜ ਇੱਥੇ ਦੋ ਦਿਨਾਂ ਦੌਰੇ 'ਤੇ ਪਹੁੰਚੇ ਹਨ।
ਕਮਿਸ਼ਨ ਦੀ ਟੀਮ ਵਿੱਚ ਤਿੰਨ ਡਿਪਟੀ ਚੋਣ ਕਮਿਸ਼ਨਰ, ਚੰਦਰ ਭੂਸ਼ਣ ਕੁਮਾਰ, ਨਿਤੇਸ਼ ਵਿਆਸ ਅਤੇ ਟੀ ਸ਼੍ਰੀਕਾਂਤ ਅਤੇ ਡਾਇਰੈਕਟਰ ਜਨਰਲ ਸ਼੍ਰੀਮਤੀ ਸ਼ੇਫਾਲੀ ਬੀ ਸ਼ਰਨ ਸ਼ਾਮਲ ਹਨ। ਪਹਿਲੇ ਦਿਨ ਸੀਈਸੀ ਚੰਦਰਾ ਦੀ ਅਗਵਾਈ ਵਾਲੀ ਟੀਮ ਨੇ ਰਾਸ਼ਟਰੀ ਅਤੇ ਰਾਜ ਪੱਧਰੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗ ਕੀਤੀ। ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ।
-PTC News