Sat, Apr 27, 2024
Whatsapp

ਮੁੱਖ ਮੰਤਰੀ ਵੱਲੋਂ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਐਲਾਨ

Written by  Jasmeet Singh -- July 17th 2022 07:11 PM
ਮੁੱਖ ਮੰਤਰੀ ਵੱਲੋਂ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਐਲਾਨ

ਸੁਲਤਾਨਪੁਰ ਲੋਧੀ (ਕਪੂਰਥਲਾ), 17 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਵਿੱਤਰ ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ਉਤੇ ਚੱਲਦਿਆਂ ਸੂਬਾ ਸਰਕਾਰ ਜਲਦੀ ਹੀ ਪੰਜਾਬ ਦੇ ਕੁਦਰਤੀ ਸਰੋਤਾਂ ਦਰਿਆਵਾਂ ਤੇ ਡਰੇਨਾਂ ਦੀ ਸਾਫ਼-ਸਫ਼ਾਈ ਲਈ ਵਿਆਪਕ ਮੁਹਿੰਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਪਰ ਉਨ੍ਹਾਂ ਇਸ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰਿਆਲੀ ਵਧਾਉਣ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਲਈ ਸ਼ਹੀਦ ਭਗਤ ਸਿੰਘ ਹਰਿਆਲੀ ਲਹਿਰ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਗੁਰਬਾਣੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਰਾਹੀਂ ਗੁਰੂ ਸਾਹਿਬਾਨ ਨੇ ਹਵਾ ਨੂੰ ਗੁਰੂ (ਅਧਿਆਪਕ), ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ ਪਰ ਬਦਕਿਸਮਤੀ ਨਾਲ ਅਸੀਂ ਗੁਰੂ ਸਾਹਿਬਾਨ ਦੇ ਆਸ਼ੇ ਮੁਤਾਬਕ ਨਹੀਂ ਚੱਲ ਰਹੇ ਅਤੇ ਅਸੀਂ ਇਨ੍ਹਾਂ ਤਿੰਨਾਂ ਨੂੰ ਹੀ ਪਲੀਤ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਬੇਹੱਦ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੇ ਸਾਨੂੰ ਰੁੱਖਾਂ ਦੇ ਮਹੱਤਵ ਦਾ ਪਾਠ ਪੜ੍ਹਾਇਆ ਕਿਉਂਕਿ ਲੋਕਾਂ ਨੂੰ ਆਕਸੀਜਨ ਸਿਲੰਡਰਾਂ ਦੀ ਸ਼ਕਲ ਵਿੱਚ ਮਸਨੂਈ ਸਾਹ ਲੈਣ ਲਈ ਮੋਟੀ ਰਕਮ ਖਰਚਣੀ ਪਈ, ਜਦੋਂ ਕਿ ਰੁੱਖ ਸਾਡੇ ਲਈ ਆਕਸੀਜਨ ਦਾ ਕੁਦਰਤੀ ਸਰੋਤ ਹਨ। ਇਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਾਉਣ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਤਾਂ ਜੋ ਹਰਿਆਲੀ ਵਧਾਈ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਨੂੰ ਬਚਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਤਹੀ ਜਲ ਦੀ ਵਿਵੇਕਸ਼ੀਲ ਵਰਤੋਂ ਯਕੀਨੀ ਬਣਾ ਰਹੀ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਉਤੇ ਦਬਾਅ ਘਟਾ ਕੇ ਤੇਜ਼ੀ ਨਾਲ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਉਤੇ ਮਾਲੀ ਮਦਦ ਦਾ ਐਲਾਨ ਕੀਤਾ, ਜਿਸ ਕਾਰਨ ਸੂਬੇ ਭਰ ਵਿੱਚ 20 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਕੋਸ਼ਿਸ਼ ਤਹਿਤ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਤੋੜਨ ਤੇ ਪਾਣੀ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਵਾਸਤੇ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ। ਸੂਬੇ ਦੇ ਵਾਤਾਵਰਨ ਨੂੰ ਤਬਾਹ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਜਿਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ, ਉਨ੍ਹਾਂ ਆਪਣੇ ਸਵਾਰਥਾਂ ਲਈ ਇਸ ਦੇ ਵਾਤਾਵਰਨ ਨੂੰ ਤਬਾਹ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਮੰਤਰੀਆਂ ਕੋਲ ਵੱਧ ਤੋਂ ਵੱਧ ਪੌਦੇ ਲਾ ਕੇ ਹਰਿਆਲੀ ਵਧਾਉਣ ਦੀ ਜ਼ਿੰਮੇਵਾਰੀ ਸੀ, ਉਨ੍ਹਾਂ ਇਸ ਦੇ ਉਲਟ ਕਮਿਸ਼ਨ ਲੈਣ ਲਈ ਰੁੱਖਾਂ ਦੀ ਬੇਰਹਿਮੀ ਨਾਲ ਕਟਾਈ ਦੀ ਇਜਾਜ਼ਤ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਬਰਤਾਨਵੀ ਰਾਜ ਤੋਂ ਵੀ ਜ਼ਿਆਦਾ ਸੂਬੇ ਦੇ ਅਸਾਸਿਆਂ ਦੀ ਲੁੱਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਪਣੇ ਸਵਾਰਥਾਂ ਲਈ ਗੈਰ-ਕਾਨੂੰਨੀ ਤਰੀਕੇ ਰਾਹੀਂ ਪੈਸਾ ਬਣਾਇਆ ਅਤੇ ਲੋਕਾਂ ਦੀ ਭਲਾਈ ਨੂੰ ਦਰਕਿਨਾਰ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਜਨਤਕ ਪੈਸੇ ਦੀ ਖੁੱਲ੍ਹੀ ਲੁੱਟ ਨਾਲ ਸੂਬੇ ਦਾ ਵਿਕਾਸ ਲੀਹ ਤੋਂ ਲਹਿ ਗਿਆ ਅਤੇ ਇਸ ਨਾਲ ਲੋਕ ਗਰੀਬੀ ਦੇ ਘੋਰ ਚੱਕਰ ਵਿੱਚ ਧੱਕੇ ਗਏ। ਲੋਕਾਂ ਦੇ ਪੈਸੇ ਦੀ ਲੁੱਟ ਰੋਕਣ ਲਈ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਰੋਕਣ ਲਈ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਢੀ ਹੋਈ ਹੈ ਅਤੇ ਕਰ-ਦਾਤਾਵਾਂ ਦਾ ਪੈਸਾ ਹੁਣ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ `ਤੇ ਖ਼ਰਚ ਹੋ ਰਿਹਾ ਹੈ। ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਲਈ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਇਸ਼ਨਾਨ ਕਰਿਆ ਕਰਦੇ ਸਨ, ਉਸ ਪਵਿੱਤਰ ਵੇਈਂ ਦੀ ਸਫ਼ਾਈ ਸਬੰਧੀ ਸੰਤ ਸੀਚੇਵਾਲ ਵੱਲੋਂ 22 ਵਰ੍ਹੇ ਪਹਿਲਾਂ ਅਰੰਭਿਆ ਇਤਿਹਾਸਕ ਕਾਰਜ ਅਹਿਮ ਤਬਦੀਲੀ ਦਾ ਸਬੱਬ ਬਣਿਆ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ ਦੀ ਵਿਰਾਸਤ ਨੂੰ ਅੱਗੇ ਲੈ ਜਾਣ ਲਈ ਅਜਿਹੇ ਉਪਰਾਲੇ ਵੱਡੇ ਪੱਧਰ `ਤੇ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਇਸ ਨੇਕ ਕਾਰਜ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਿਛਲੇ 22 ਵਰ੍ਹਿਆਂ ਦੌਰਾਨ ਪਾਵਨ ਵੇਈਂ ਦੀ ਸਫ਼ਾਈ ਲਈ ਕੀਤੇ ਉੱਦਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਸੂਬਾ ਸਰਕਾਰ ਦੇ ਸਰਗਰਮ ਸਹਿਯੋਗ ਸਦਕਾ ਇਸੇ ਤਰਜ਼ `ਤੇ ਬੁੱਢੇ ਨਾਲੇ ਅਤੇ ਚਿੱਟੀ ਵੇਈਂ ਦੀ ਵੀ ਸਫ਼ਾਈ ਕਰਨ ਦੀ ਲੋੜ `ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਈਂ ਕੰਢੇ ਪੌਦਾ ਵੀ ਲਗਾਇਆ। ਉਨ੍ਹਾਂ ਵੇਈਂ ਦਾ ਪਾਣੀ ਵੀ ਪੀਤਾ ਤੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਹ ਮੌਕਾ ਮਿਲਿਆ ਹੈ। ਇਸ ਦੌਰਾਨ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੂਰਾਲ ਅਤੇ ਇੰਦਰਜੀਤ ਕੌਰ ਮਾਨ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਹੋਰ ਵੀ ਮੌਜੂਦ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਐਸ. ਭੂਪਤੀ, ਐਸ.ਐਸ.ਪੀ. ਆਰ.ਐਸ. ਸੰਧੂ, ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ। -PTC News


Top News view more...

Latest News view more...