ਪੰਜਾਬ

ਮੁੱਖ ਮੰਤਰੀ ਚੰਨੀ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ ਤੇ ਸਰਪੰਚਾਂ ਨਾਲ ਕੀਤੀ ਮੀਟਿੰਗ

By Riya Bawa -- December 11, 2021 6:47 pm

ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ਼ ਪਿੰਡ ਢੋਲਣ ਮਾਜਰਾ ਵਿਖੇ ਬਲਾਕ ਚਮਕੌਰ ਸਾਹਿਬ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ, ਸਰਪੰਚਾਂ, ਪੰਚਾਂ ਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ। ਇਸੇ ਮੀਟਿੰਗ ਵਿਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਜਿਸ ਲਈ ਉਹ ਪੰਚਾਇਤਾਂ ਨੂੰ ਸਿੱਧੇ ਤੌਰ ਤੇ ਮਿਲ ਰਹੇ ਹਨ ਅਤੇ ਸਾਰੀਆਂ ਪੰਚਾਇਤਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਅਗਲੇ ਪੜਾਅ ਦੇ ਹੋਰ ਕਾਰਜ ਵੀ ਜਲਦ ਸ਼ੁਰੂ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਇਆ ਗਿਆ ਮੋਰਚਾ ਸਫਲ ਹੋ ਗਿਆ ਹੈ ਪੰਜਾਬ ਦੇ ਲੋਕਾਂ ਨੇ, ਕਿਸਾਨਾਂ ਨੇ, ਪੰਜਾਬ ਸਰਕਾਰ ਨੇ, ਹਰ ਤਰ੍ਹਾਂ ਦਾ ਯੋਗਦਾਨ ਇਸ ਮੋਰਚੇ ਵਿੱਚ ਪਾਇਆ ਹੈ। ਕਿਸਾਨ ਮੋਰਚਾ ਖ਼ਤਮ ਕਰ ਕੇ ਘਰ ਵਾਪਸ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਸਵਾਗਤ ਲਈ ਥਾਂ ਥਾਂ ਤੇ ਸਵਾਗਤੀ ਗੇਟ ਲਗਾ ਕੇ ਕਿਸਾਨਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਉਠਾਈਆਂ ਗਈਆਂ 18 ਮੰਗਾਂ ਵਿੱਚੋ ਜਿਆਦਾਤਰ ਮੰਗਾਂ ਨੂੰ ਪਰਵਾਨ ਕਰ ਲਿਆ ਗਿਆ ਹੈ ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਸਾਰਾ ਕਰਜਾ ਮੁਆਫ਼ ਕਰਨਾ ਚਾਹੁੰਦੀ ਹੈ ਅਤੇ ਦੋ ਲੱਖ ਤੱਕ ਦਾ ਕਰਜ਼ਾ ਮੁਆਫ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਵੀ ਲਿਖੀ ਜਿਸ ਵਿੱਚ ਕਿਸਾਨਾਂ ਵੱਲੋਂ ਜੋ ਟੈਕਸ ਵਸੂਲਿਆ ਜਾਂਦਾ ਹੈ ਉਸ ਵਿਚੋਂ ਕੇਂਦਰ ਸਰਕਾਰ ਨੂੰ ਵੀ ਹਿੱਸਾ ਜਾਂਦਾ ਹੈ। ਇਸ ਲਈ ਕੇਂਦਰ ਸਰਕਾਰ ਪੰਜਾਬ ਸਰਕਾਰ ਨਾਲ ਇੱਕ ਪਾਲਿਸੀ ਬਣਾਵੇ ਜਿਸ ਤਹਿਤ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾ ਸਕੇ।

ਮੁੱਖ ਮੰਤਰੀ ਪੰਜਾਬ ਜੀ ਵੱਲੋਂ ਕਿਸਾਨੀ ਮੋਰਚੇ ਦੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਧੰਨਵਾਦ ਵੀ ਕੀਤਾ ਗਿਆ। ਉਨ੍ਹਾਂ ਕਿਹਾ ਪੰਜਾਬ ਸਰਕਾਰ ਗਰੀਬ ਲੋਕਾਂ ਦੇ ਆਰਥਿਕ ਪੱਧਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ ਜਿਸ ਲਈ ਹੋਰ ਠੋਸ ਕਦਮ ਚੁੱਕੇ ਜਾ ਰਹੇ ਹਨ।

-PTC News

  • Share