Tue, Jul 15, 2025
Whatsapp

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਲਈ ਨਵੇਂ ਸਾਲ 'ਤੇ ਵੱਡਾ ਤੋਹਫ਼ਾ

Reported by:  PTC News Desk  Edited by:  Riya Bawa -- December 31st 2021 06:05 PM -- Updated: December 31st 2021 06:25 PM
ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਲਈ ਨਵੇਂ ਸਾਲ 'ਤੇ ਵੱਡਾ ਤੋਹਫ਼ਾ

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਲਈ ਨਵੇਂ ਸਾਲ 'ਤੇ ਵੱਡਾ ਤੋਹਫ਼ਾ

ਜਲੰਧਰ: ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਪੁਲਿਸ ਮੁਲਾਜ਼ਮਾਂ ਲਈ ਕਈ ਪਹਿਲਕਦਮੀਆਂ ਦਾ ਐਲਾਨ ਕੀਤਾ। ਅੱਜ ਇੱਥੇ ਪੀ.ਏ.ਪੀ. ਕੰਪਲੈਕਸ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਪੁਲਿਸ ਵਿੱਚ ਸੇਵਾ ਇੱਕ ਚੁਣੌਤੀਪੂਰਨ ਕੰਮ ਹੈ ਅਤੇ ਸਿਰਫ਼ ਉਹੀ ਲੋਕ ਹੀ ਇਨ੍ਹਾਂ ਵਿੱਚ ਸ਼ਾਮਲ ਹੁੰਦੇ ਹਨ ਜਿਨ੍ਹਾਂ ਵਿੱਚ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੰਜਾਬ ਪੁਲਿਸ ਦੇ ਵੱਡਮੁੱਲੇ ਯੋਗਦਾਨ ਨੂੰ ਮੰਨਦੀ ਹੈ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪਾਬੰਦ ਹੈ। ਮੁੱਖ ਮੰਤਰੀ ਚੰਨੀ ਨੇ ਪੁਲਿਸ ਮੁਲਾਜ਼ਮਾਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਆਉਂਦੇ ਨਵੇਂ ਸਾਲ ਤੋਂ ਵਰਦੀ ਭੱਤਾ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਚੰਗੀ ਕੁਆਲਿਟੀ ਦੀ ਵਰਦੀ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਪੂਰਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਸਰਕਾਰੀ ਬੱਸਾਂ ਵਿੱਚ ਕਿਸੇ ਵੀ ਡਿਊਟੀ ਵਾਲੇ ਪੁਲਿਸ ਮੁਲਾਜ਼ਮ ਲਈ ਮੁਫਤ ਬੱਸ ਯਾਤਰਾ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਮਿਲਦੀ ਰਹੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬੰਬ ਨਕਾਰਾ ਕਰਨ ਵਾਲੀਆਂ ਯੂਨਿਟਾਂ ਡਿਊਟੀ ਦੌਰਾਨ ਆਪਣੀ ਜਾਨ ਨੂੰ ਖਤਰੇ ਵਿੱਚ ਪਾਉਂਦੀਆਂ ਹਨ ਅਤੇ ਇਸ ਨੂੰ ਦੇਖਦਿਆਂ ਸੂਬਾ ਸਰਕਾਰ ਉਨ੍ਹਾਂ ਨੂੰ ਜੋਖਮ ਭੱਤਾ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਕੈਂਪਾਂ ਦੌਰਾਨ ਪੰਜਾਬ ਪੁਲਿਸ ਦੇ ਖਿਡਾਰੀਆਂ ਲਈ ਡਾਈਟ ਵਾਸਤੇ ਮਿਲਦੀ ਰਾਸ਼ੀ ਮੌਜੂਦਾ 150 ਰੁਪਏ ਤੋਂ ਵਧਾ ਕੇ 250 ਰੁਪਏ ਪ੍ਰਤੀ ਦਿਨ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਖੇਡਾਂ ਨੂੰ ਹੁਲਾਰਾ ਦੇਣ ਲਈ ਪੀਏਪੀ ਕੈਂਪਸ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ ਗਰਾਊਂਡ ਦੀ ਮੁਰੰਮਤ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ’ਤੇ ਪੁਲੀਸ ਸਾਂਝ ਕੇਂਦਰ ਖੋਲ੍ਹੇ ਜਾਣਗੇ। ਉਨ੍ਹਾਂ ਨੇ ਪੁਲਿਸ ਫੋਰਸ ਵਿੱਚ 250 ਵਾਹਨਾਂ ਦੀ ਖਰੀਦ ਲਈ ਲੋੜੀਂਦੇ ਫੰਡਾਂ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਚੰਨੀ ਨੇ ਅਗਲੇ ਬਜਟ ਤੋਂ ਪੁਲਿਸ ਭਲਾਈ ਫੰਡ ਨੂੰ ਮੌਜੂਦਾ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਦੇਸ਼ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਤੋਂ ਬਿਨਾਂ ਦੇਸ਼ ਦੀ ਤਰੱਕੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੁਲਿਸ ਸੱਚੇ ਲੋਕਾਂ ਦੀ ਦੋਸਤ ਹੁੰਦੀ ਹੈ ਜਦਕਿ ਅਪਰਾਧੀ ਪੁਲਿਸ ਤੋਂ ਡਰਦੇ ਹਨ। ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੁਲਿਸ ਦੀ ਇਮਾਨਦਾਰੀ 'ਤੇ ਕੋਈ ਵੀ ਪ੍ਰਸ਼ਨ ਚਿੰਨ੍ਹ ਲਾਉਣ ਦਾ ਮਤਲਬ ਨਹੀਂ ਬਣਦਾ। ਮੁੱਖ ਮੰਤਰੀ ਚੰਨੀ ਨੇ ਅੱਤਵਾਦ ਦੇ ਕਾਲੇ ਦਿਨਾਂ ਤੋਂ ਬਾਅਦ ਸੂਬੇ ਦੇ ਹਾਲਾਤ ਆਮ ਵਾਂਗ ਕਰਨ ਵਿੱਚ ਪੰਜਾਬ ਪੁਲਿਸ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਦੁਨੀਆਂ ਭਰ ਵਿੱਚ ਸ਼ਾਇਦ ਹੀ ਕੋਈ ਮੁਕਾਬਲਾ ਹੋਵੇ। ਮੁੱਖ ਮੰਤਰੀ ਚੰਨੀ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਸਫਾਇਆ ਕਰਕੇ ਸੂਬੇ ਦੀ ਸੇਵਾ ਕਰਨ ਦੀ ਆਪਣੀ ਅਮੀਰ ਪਰੰਪਰਾ ਨੂੰ ਕਾਇਮ ਰੱਖੇਗੀ। -PTC News


Top News view more...

Latest News view more...

PTC NETWORK
PTC NETWORK