ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ: ਸਿਵਲ ਸਰਜਨ
ਡਾ. ਆਦਰਸ਼ਪਾਲ ਨੇ ਕਿਹਾ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਲੂ ਦੇ ਲੱਛਣਾਂ ਬਾਰੇ ਤਫ਼ਸੀਲ ਨਾਲ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ, ਬੁੱਢਿਆਂ ਤੇ ਗਰਭਵਤੀ ਔਰਤਾਂ ਨੂੰ ਲੂ ਲੱਗਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ।
ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਟੋਪੀ ਪਾਉ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ।
ਆਮ ਤੌਰ ’ਤੇ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਬਾਹਰ ਜਾਣ ਤੋਂ ਬਚੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ ਦਾ ਸੇਵਨ ਨਾ ਕਰੋ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।
ਇਹ ਵੀ ਪੜ੍ਹੋ:ਬਿਕਰਮ ਸਿੰਘ ਮਜੀਠੀਆ ਦੀ ਸੁਣਵਾਈ 21 ਅਪ੍ਰੈਲ ਤੱਕ ਟਲੀ
-PTC News