Fri, Apr 26, 2024
Whatsapp

ਮੁੱਖ ਮੰਤਰੀ ਵੱਲੋਂ ਸ਼ਰਾਬ ਤੇ ਨਸ਼ਿਆਂ ਦੇ ਧੰਦੇ ਖਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਲਈ ‘ਮਿਸ਼ਨ ਕਲੀਨ’ ਦਾ ਐਲਾਨ

Written by  Riya Bawa -- November 01st 2021 11:11 AM -- Updated: November 01st 2021 11:19 AM
ਮੁੱਖ ਮੰਤਰੀ ਵੱਲੋਂ ਸ਼ਰਾਬ ਤੇ ਨਸ਼ਿਆਂ ਦੇ ਧੰਦੇ ਖਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਲਈ ‘ਮਿਸ਼ਨ ਕਲੀਨ’ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਰਾਬ ਤੇ ਨਸ਼ਿਆਂ ਦੇ ਧੰਦੇ ਖਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਲਈ ‘ਮਿਸ਼ਨ ਕਲੀਨ’ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਸ਼ਹਾਲ ਅਤੇ ਮਜ਼ਬੂਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣਾ ਏਜੰਡਾ ਉਲੀਕਦਿਆਂ ਸੂਬਾ ਭਰ ਵਿਚ ‘ਮਿਸ਼ਨ ਕਲੀਨ’ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇੱਥੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਰੇਤਾ ਅਤੇ ਸ਼ਰਾਬ ਦੇ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਮਾੜੇ ਅਨਸਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਨਸ਼ਿਆਂ ਦੇ ਕਾਰੋਬਾਰ ਅਤੇ ਭ੍ਰਿਸ਼ਟ ਕੰਮਾਂ ਵਿਚ ਗਲਤਾਨ ਲੋਕਾਂ ਨਾਲ ਵੀ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ, “ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੁਕਾਨਦਾਰਾਂ ਨੂੰ ਪਟਾਕੇ ਅਤੇ ਖਾਣ-ਪੀਣ ਵਾਲੀਆਂ ਵਸਤਾਂ ਸਮੇਤ ਆਪਣਾ ਸਾਮਾਨ ਵੇਚਣ ਹਰ ਸੰਭਵ ਸਹਿਯੋਗ ਦੇਣਾ ਚਾਹੀਦਾ ਹੈ।” Who is Charanjit Singh Channi, Punjab's new CM? ਰੇਤ ਮਾਈਨਿੰਗ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿਚ ਰੇਤ ਦੀਆਂ ਕੀਮਤਾਂ 9 ਰੁਪਏ ਤੈਅ ਕੀਤੀਆਂ ਗਈਆਂ ਹਨ ਅਤੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਨਿਰਧਾਰਤ ਕੀਮਤ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਖਿਲਾਫ਼ ਸਖਤੀ ਨਾਲ ਕੇਂਦਰਿਤ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰੇਤ ਦੀ ਆਵਾਜਾਈ ਵਿਚ ਸ਼ਾਮਲ ਲੋਕਾਂ ਨੂੰ ਵੱਧ ਵਸੂਲੀ ਨਹੀਂ ਕਰਨੀ ਚਾਹੀਦੀ ਅਤੇ ਇਸ ਸਬੰਧ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਲਈ ਰੇਤ ਅਤੇ ਬੱਜਰੀ ਦੀ ਲੈਵਲਿੰਗ ਲਈ ਪੰਚਾਇਤਾਂ ਪਾਸੋਂ ਕੋਈ ਵਸੂਲੀ ਨਹੀਂ ਕੀਤੀ ਜਾਣੀ ਚਾਹੀਦੀ। ਮੁੱਖ ਮੰਤਰੀ ਨੇ ਇਸ ਮੌਕੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਸਿਧਾਰਥ ਚਟੋਪਾਧਿਆ ਅਤੇ ਸਮੂਹ ਐਸ.ਐਸ.ਪੀਜ਼ ਦੀ ਹਾਜ਼ਰੀ ਵਿੱਚ ਵਿਜੀਲੈਂਸ ਵਿਭਾਗ ਦੀ ਮੀਟਿੰਗ ਵੀ ਕੀਤੀ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ `ਮਿਸ਼ਨ ਕਲੀਨ` ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇ ਅਤੇ ਇਨ੍ਹਾਂ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗ।"   ਅਮਨ-ਕਾਨੂੰਨ ਦੀ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵਿਸ਼ੇਸ਼ ਤੌਰ `ਤੇ ਮੌਜੂਦਾ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਰਹੱਦ ਪਾਰ ਤੋਂ ਦਰਪੇਸ਼ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਵਧੇਰੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਅਤੇ ਗਸ਼ਤ ਕਾਰਵਾਈਆਂ ਵਧਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਖੜ੍ਹੀ ਕਰਨ ਤੋਂ ਰੋਕਣ ਲਈ ਨਿਯਮਤ ਅੰਤਰਾਲਾਂ `ਤੇ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ। ਸ. ਰੰਧਾਵਾ ਨੇ ਕਿਹਾ ਕਿ ਥਾਣਿਆਂ ਦੇ ਅੰਦਰ ਪੁਲਿਸ ਅਧਿਕਾਰੀ ਮੌਜੂਦ ਹੋਣੇ ਚਾਹੀਦੇ ਹਨ ਅਤੇ ਮੋਬਾਇਲ ਫੋਨਾਂ `ਤੇ ਥਾਣੇ ਦੀ ਕਾਰਵਾਈ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਅਜਿਹੀ ਕੋਈ ਵੀ ਕਾਰਵਾਈ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ, ਪ੍ਰਮੁੱਖ ਸਕੱਤਰ (ਗ੍ਰਹਿ ਵਿਭਾਗ) ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਡਾਇਰੈਕਟਰ (ਮਾਈਨਿੰਗ ਅਤੇ ਜੀਓਲੋਜੀ) ਰਾਹੁਲ ਭੰਡਾਰੀ ਹਾਜ਼ਰ ਸਨ। -PTC News


Top News view more...

Latest News view more...