ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀਆਂ ਘਟਨਾ 'ਤੇ CM ਚੰਨੀ ਨੇ ਕੀਤਾ ਦੁੱਖ ਜ਼ਾਹਿਰ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਤੇ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਦੁੱਖਦਾਈ ਘਟਨਾ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਚੋਣਾਂ ਨੇੜੇ ਹੋਣ ਕਾਰਨ ਪੰਜਾਬ ਜਾਂ ਦੇਸ਼ ਵਿਰੋਧੀ ਤਾਕਤਾਂ ਹਾਲਾਤ ਖਰਾਬ ਕਰਨ ਦੇ ਮਨਸੂਬੇ ਘੜ੍ਹ ਰਹੀਆਂ ਹਨ ਜਿਸ ਤੋਂ ਸਮੂਹ ਧਾਰਮਿਕ ਸੰਸਥਾਵਾਂ ਤੇ ਜਨਤਾ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਚੰਨੀ ਨਾਲ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਸਮੂਹ ਪੁਲਿਸ ਤੇ ਪ੍ਰਸਾਸ਼ਨਿਕ ਅਧਿਕਾਰੀ ਵੀ ਮੌਜ਼ੂਦ ਸਨ।
ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਰੰਧਾਵਾ ਨੇ ਅੱਜ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਆਫ ਪੁਲੀਸ (ਕਾਨੂੰਨ ਵਿਵਸਥਾ) ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਗਈ ਹੈ, ਜੋ ਦੋ ਦਿਨਾਂ ਵਿੱਚ ਜਾਂਚ ਰਿਪੋਰਟ ਪੇਸ਼ ਕਰੇਗੀ।
-PTC News