ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ 27 ਫਰਵਰੀ ਨੂੰ ਨਾਭਾ ਜੇਲ੍ਹ ਜਾਂਚ ਲਈ ਪੁੱਜੇਗੀ
ਅੰਮ੍ਰਿਤਸਰ: ਸਿੱਖ ਕੈਦੀਆਂ ਲਈ ਨਾਭਾ ਜੇਲ੍ਹ ਅੰਦਰ ਭੇਜੇ ਗਏ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗਠਿਤ ਕੀਤੀ ਗਈ ਸਬ ਕਮੇਟੀ ਭਲਕੇ 27 ਫਰਵਰੀ ਨੂੰ ਜੇਲ੍ਹ ਵਿਖੇ ਜਾਂਚ ਲਈ ਜਾਵੇਗੀ।
ਇਹ ਜਾਣਕਾਰੀ ਸਬ ਕਮੇਟੀ ਦੇ ਕੋਆਰਡੀਨੇਟਰ ਸ. ਪਰਮਜੀਤ ਸਿੰਘ ਸਰੋਆ ਨੇ ਦਿੱਤੀ ਹੈ। ਵਰਣਨਯੋਗ ਹੈ ਕਿ ਜੇਲ੍ਹ ਵਿਚ ਬੰਦੀ ਸਿੰਘਾਂ ਲਈ ਲਿਜਾਏ ਗਏ ਪਾਵਨ ਗੁਟਕਾ ਸਾਹਿਬ ਨੂੰ ਕਈ ਦਿਨ ਡਿਓੜੀ ਵਿਚ ਹੀ ਰੱਖੀ ਰੱਖਣ ਦਾ ਮਾਮਲਾ ਉਜਾਗਰ ਹੋਇਆ ਸੀ, ਜਿਸ ਕਰਕੇ ਕੈਦੀ ਸਿੰਘਾਂ ਵੱਲੋਂ ਭਾਰੀ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਲਈ ਕੀਤੀ ਨਿਖੇਧੀ
ਇਨ੍ਹਾਂ ਵੱਲੋਂ ਭੁੱਖ ਹੜਤਾਲ ਵੀ ਕੀਤੀ ਗਈ ਹੈ। ਮਾਮਲੇ ਦੀ ਸੰਜੀਦਗੀ ਨੂੰ ਸਮਝਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇੱਕ ਜਾਂਚ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਸ਼ਾਮਲ ਹਨ।
ਇਸ ਦੇ ਕੋਆਰਡੀਨੇਟਰ ਵਜੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੂੰ ਜਿੰਮੇਵਾਰੀ ਦਿੱਤੀ ਗਈ ਹੈ। ਸਰੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਜਾਂਚ ਕਮੇਟੀ ਭਲਕੇ 27 ਫਰਵਰੀ ਨੂੰ ਨਾਭਾ ਜੇਲ੍ਹ ਜਾਵੇਗੀ ਅਤੇ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪੇਗੀ।
-PTC News