Punjab Assembly election 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਚੋਣ ਕਮੇਟੀਆਂ ਦਾ ਐਲਾਨ
ਚੰਡੀਗੜ੍ਹ: ਪੰਜਾਬ ਵਿਚ ਆਉਣ ਵਾਲੀਆਂ 2022 ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਪੰਜਾਬ ਵਿੱਚ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਵਿੱਚ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦਾ ਚੇਅਰਮੈਨ ਅਤੇ ਅਜੇ ਮਾਕਨ ਨੂੰ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ਪਾਰਟੀ ਤੋਂ ਦੂਰੀ ਬਣਾ ਰੱਖੀ ਹੈ। ਪਹਿਲਾਂ ਉਨ੍ਹਾਂ ਨੂੰ ਕੁਰਸੀ ਤੋਂ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸੀਐਮ ਬਣਾਉਣ ਲਈ ਬੁਲਾਇਆ ਗਿਆ ਪਰ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ। ਕੁਝ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਜਾਖੜ ਨਾਲ ਮੁਲਾਕਾਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਅੰਬਿਕਾ ਸੋਨੀ ਉਹੀ ਆਗੂ ਹੈ, ਜਿਸ ਕਾਰਨ ਜਾਖੜ ਨੇ ਮੁੱਖ ਮੰਤਰੀ ਦੀ ਕੁਰਸੀ ਗੁਆ ਦਿੱਤੀ ਹੈ। ਸੋਨੀ ਨੇ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਸਿੱਖ ਚਿਹਰਾ ਹੋਣਾ ਚਾਹੀਦਾ ਹੈ ਜਿਸ ਤੋਂ ਬਾਅਦ ਜਾਖੜ ਵੀ ਕਈ ਵਾਰ ਇਸ਼ਾਰਿਆਂ 'ਚ ਉਨ੍ਹਾਂ 'ਤੇ ਨਿਸ਼ਾਨਾ ਸਾਧਦੇ ਰਹੇ।
ਕਾਂਗਰਸ ਨੇਤਾ ਅਜੇ ਮਾਕਨ ਨੂੰ ਵੀ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸਕਰੀਨਿੰਗ ਕਮੇਟੀ ਟਿਕਟ ਦੇ ਦਾਅਵੇਦਾਰਾਂ ਦੀ ਸੂਚੀ ਬਣਾ ਕੇ ਦਿੱਲੀ ਭੇਜੇਗੀ। ਜਿੱਥੇ ਕੇਂਦਰੀ ਚੋਣ ਕਮੇਟੀ ਇਨ੍ਹਾਂ 'ਤੇ ਅੰਤਿਮ ਫੈਸਲਾ ਲਵੇਗੀ। ਕੇਂਦਰੀ ਕਮੇਟੀ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਵੱਡੇ ਆਗੂ ਸ਼ਾਮਲ ਹਨ।
-PTC News