
ਕਾਂਗਰਸੀ ਵਿਧਾਇਕ ਰਜਨੀਸ਼ ਬੱਬੀ ਦੇ ਦੇਹਾਂਤ 'ਤੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ,ਚੰਡੀਗੜ੍ਹ: ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਅੱਜ ਦਿਹਾਂਤ ਹੋ ਗਿਆ ਹੈ। ਜਿਸ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਸ਼੍ਰੀ ਰਜਨੀਸ਼ ਕੁਮਾਰ ਬੱਬੀ ਦੇ ਦਿਹਾਂਤ ਦਾ ਮੈਂ ਪਰਿਵਾਰ ਤੇ ਇਲਾਕਾ ਨਿਵਾਸੀਆਂ ਨਾਲ ਦੁੱਖ ਪ੍ਰਗਟ ਕਰਦਾ ਹਾਂ। ਵਾਹਿਗੁਰੂ ਜੀ ਉਨ੍ਹਾਂ ਦੀ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ"।
ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਫੇਸਬੁੱਕ ਪੇਜ਼ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਸ਼੍ਰੀ ਰਜਨੀਸ਼ ਕੁਮਾਰ ਬੱਬੀ ਦੇ ਦਿਹਾਂਤ ਦੀ ਖ਼ਬਰ ਜਾਣ ਕੇ ਦੁੱਖ ਲੱਗਿਆ। ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀ ਨਿਵਾਸ ਬਖਸ਼ਿਸ਼ ਕਰਨ ਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ"।
ਤੁਹਾਨੂੰ ਦੱਸ ਦਈਏ ਕਿ ਰਜਨੀਸ਼ ਕੁਮਾਰ ਬੱਬੀ ਨੇ ਅੱਜ ਸਵੇਰੇ 3 ਕੁ ਵਜੇ ਆਖ਼ਰੀ ਸਾਹ ਲਿਆ ਹੈ।ਉਹ 58 ਸਾਲਾਂ ਦੇ ਸਨ।ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਰਜਨੀਸ਼ ਬੱਬੀ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਤੇ ਚੰਡੀਗੜ੍ਹ ਸਥਿਤ ਪੀਜੀਆਈ ਵਿਖੇ ਜ਼ੇਰੇ ਇਲਾਜ ਸਨ ,ਜਿਥੇ ਉਨ੍ਹਾਂ ਦਾ ਅੱਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਰਜਨੀਸ਼ ਕੁਮਾਰ ਬੱਬੀ ਲਗਾਤਾਰ ਦੋ ਵਿਧਾਨ ਸਭਾ ਚੋਣਾਂ ਵਿਚ ਮੁਕੇਰੀਆਂ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਹ ਮਰਹੂਮ ਡਾ. ਕੇਵਲ ਕਿਸ਼ਨ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਦੇ ਸਪੁੱਤਰ ਸਨ।
-PTC News