ਗੁਰਦੁਆਰਾ ਸਾਹਿਬ ਨਾਲ ਐਸ.ਸੀ. ਸ਼ਬਦ ਲਿਖਣ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿੰਦਾ
ਅੰਮ੍ਰਿਤਸਰ: ਹਲਕਾ ਅਮਰਗੜ੍ਹ ਦੇ ਪਿੰਡ ਚੌਂਦਾ ਵਿਖੇ ਗੁਰਦੁਆਰਾ ਸਾਹਿਬ ਨੂੰ ਜਾਤੀ ਰੰਗਤ ਦੇਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਸਮਾਜ ਵਿੱਚੋਂ ਜਾਤ-ਪਾਤ ਦੇ ਕੋਹੜ ਨੂੰ ਖ਼ਤਮ ਕਰਕੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਮਾਜ ਵਿਚ ਪਾਈਆਂ ਜਾਤ-ਪਾਤ ਦੀਆਂ ਵੰਡੀਆਂ ਨੂੰ ਖ਼ਤਮ ਕਰਕੇ ਸਾਰਿਆਂ ਨੂੰ ਮਾਣ ਨਾਲ ਜਿਊਣ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਪਰ ਕੁਝ ਲੋਕ ਅੱਜ ਵੀ ਬੌਣੀ ਮਾਨਸਿਕਤਾ ਕਾਰਨ ਸਮਾਜ ਨੂੰ ਜਾਤ-ਪਾਤ ਵਿਚ ਵੰਡ ਰਹੇ ਹਨ।
ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿਚ ਹਲਕਾ ਅਮਰਗੜ੍ਹ ਦੇ ਪਿੰਡ ਚੌਂਦਾ ਦੇ ਗੁਰਦੁਆਰਾ ਸਾਹਿਬ ਨੂੰ ਐਸ. ਸੀ. ਗੁਰਦੁਆਰਾ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜਿਥੇ ਪੰਚਾਇਤ ਵਿਭਾਗ ਦੇ ਅਧਿਕਾਰੀ ਜਿੰਮੇਵਾਰ ਹਨ, ਉਥੇ ਹੀ ਉਦਘਾਟਨ ਵਾਲਾ ਵਿਧਾਇਕ ਵੀ ਬਰਾਬਰ ਦਾ ਦੋਸ਼ੀ ਹੈ, ਜਿਨ੍ਹਾਂ ਨੇ ਸਮਾਜ ਵਿਚ ਵੰਡੀਆਂ ਪਾਉਣ ਦਾ ਕੰਮ ਕੀਤਾ ਹੈ।
ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਸਮਾਜ ਵਿਚ ਵੰਡੀਆਂ ਪਾਉਣ ਵਾਲੇ ਅਜਿਹੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
-PTC News