ਖੇਤੀਬਾੜੀ

ਕਿਸਾਨਾਂ ਦੀ ਮੰਗ ਫਿਰ ਹੋਈ ਪੂਰੀ, MSP 'ਤੇ ਮੂੰਗੀ ਦੀ ਖ਼ਰੀਦ ਦੀ ਮਿਤੀ 10 ਅਗਸਤ ਤੱਕ ਵਧਾਈ

By Riya Bawa -- August 03, 2022 8:11 pm

ਚੰਡੀਗੜ੍ਹ: ਸੂਬੇ ਭਰ ਦੇ ਮੂੰਗੀ ਦੇ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ਦੀ ਮੂੰਗੀ ਦੀ ਫਸਲ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਖਰੀਦ ਦੀ ਮਿਤੀ 10 ਅਗਸਤ ਤੱਕ ਵਧਾ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ 31 ਜੁਲਾਈ ਨੂੰ ਖ਼ਤਮ ਹੋਣੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ਇਸ ਖ਼ਰੀਦ ਸੀਜ਼ਨ ਨੂੰ 10 ਅਗਸਤ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਅਜੇ ਤੱਕ ਆਪਣੀ ਫਸਲ ਨਹੀਂ ਵੇਚੀ, ਉਹ ਹੁਣ ਵਧੀ ਤਰੀਕ ਤੱਕ ਇਸ ਨੂੰ ਮੰਡੀਆਂ ਵਿੱਚ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਰਾਜ ਦੀ ਨੋਡਲ ਏਜੰਸੀ ਮਾਰਕਫੈੱਡ ਦੇ ਪ੍ਰਬੰਧ ਨਿਰਦੇਸ਼ਕ (ਐਮ.ਡੀ.) ਰਾਮਵੀਰ ਨੂੰ ਇਸ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ।

ਕਿਸਾਨਾਂ ਦੀ ਮੰਗ ਫਿਰ ਹੋਈ ਪੂਰੀ, MSP 'ਤੇ ਮੂੰਗੀ ਦੀ ਖ਼ਰੀਦ ਦੀ ਮਿਤੀ 10 ਅਗਸਤ ਤੱਕ ਵਧਾਈ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮੂੰਗੀ ਦੇ ਦਾਣੇ ਦੇ ਸੁੰਗੜਨ ਕਾਰਨ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਉਤੇ ਵੇਚੀ ਗਈ ਮੂੰਗੀ ਦੀ ਫ਼ਸਲ ਲਈ 1000 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਸਾਰੇ ਮੂੰਗੀ ਕਾਸ਼ਤਕਾਰਾਂ ਨੂੰ ਵੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਫ਼ਸਲ ਪਹਿਲਾਂ ਹੀ ਵਪਾਰੀਆਂ ਨੂੰ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕਰ ਚੁੱਕੇ ਹਨ ਕਿ ਸਬੰਧਤ ਕਿਸਾਨਾਂ ਨੂੰ ਇਸ ਰਾਸ਼ੀ ਦੀ ਅਦਾਇਗੀ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾਵੇ।

ਕਿਸਾਨਾਂ ਦੀ ਮੰਗ ਫਿਰ ਹੋਈ ਪੂਰੀ, MSP 'ਤੇ ਮੂੰਗੀ ਦੀ ਖ਼ਰੀਦ ਦੀ ਮਿਤੀ 10 ਅਗਸਤ ਤੱਕ ਵਧਾਈ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸੂਬਾ ਸਰਕਾਰ ਨੇ ਸੂਬੇ ਵਿੱਚ 4807 ਮੀਟਰਿਕ ਟਨ ਗਰਮੀਆਂ ਦੀ ਮੂੰਗੀ ਦੀ ਖਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ 32.23 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਗਈ ਹੈ, ਜੋ ਕੁੱਲ ਅਦਾਇਗੀ ਦਾ 92.15 ਫੀਸਦੀ ਬਣਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਅਦਾਇਗੀ ਵੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।

ਕਿਸਾਨਾਂ ਦੀ ਮੰਗ ਫਿਰ ਹੋਈ ਪੂਰੀ, MSP 'ਤੇ ਮੂੰਗੀ ਦੀ ਖ਼ਰੀਦ ਦੀ ਮਿਤੀ 10 ਅਗਸਤ ਤੱਕ ਵਧਾਈ

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਵੱਲੋਂ ਜਲਦ ਲਿਆਂਦੀ ਜਾਵੇਗੀ ਨਵੀਂ ਐਨ.ਆਰ.ਆਈ ਨੀਤੀ: ਕੁਲਦੀਪ ਸਿੰਘ ਧਾਲੀਵਾਲ

ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਦੀਆਂ ਮਿਸਾਲੀ ਪਹਿਲਕਦਮੀ ਤਹਿਤ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ `ਤੇ ਕਿਸਾਨਾਂ ਤੋਂ ਸਿੱਧਾ 7275 ਰੁਪਏ ਪ੍ਰਤੀ ਕੁਇੰਟਲ ਤਹਿਤ ਖ਼ਰੀਦ ਸ਼ੁਰੂ ਕੀਤੀ ਸੀ। ਇਸ ਉਪਰਾਲੇ ਨਾਲ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਝੋਨੇ ਦੀ ਕਾਸ਼ਤ ਦੇ ਸਮੇਂ ਦੌਰਾਨ ਔਸਤਨ ਪ੍ਰਤੀ ਏਕੜ ਪੰਜ ਕੁਇੰਟਲ ਝਾੜ ਦੇ ਲਿਹਾਜ਼ ਨਾਲ 36 ਹਜ਼ਾਰ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮੁੱਖ ਮੰਤਰੀ ਵੱਲੋਂ ਕੀਤੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਲਗਪਗ ਇਕ ਲੱਖ ਏਕੜ ਰਕਬੇ ਵਿੱਚ ਗਰਮੀਆਂ ਦੀ ਮੂੰਗੀ ਦੀ ਬਿਜਾਈ ਕੀਤੀ ਹੈ, ਜਦੋਂ ਕਿ ਪਿਛਲੇ ਸਾਲ ਇਹ 50,000 ਏਕੜ ਰਕਬੇ ਵਿੱਚ ਸੀ।

-PTC News

  • Share