
ਅੰਤਰਰਾਸ਼ਟਰੀ ਨਗਰ ਕੀਰਤਨ ਧੰਨਬਾਦ ਤੋਂ ਅਗਲੇ ਪੜਾਅ ਲਈ ਰਵਾਨਾ, ਸੰਗਤਾਂ ‘ਚ ਭਾਰੀ ਉਤਸ਼ਾਹ,ਧੰਨਬਾਦ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਅੰਤਰਰਾਸ਼ਟਰੀ ਨਗਰ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧਦਾ ਹੋਇਆ ਅੱਜ ਧੰਨਬਾਦ ਤੋਂ ਦੁਰਗਾਪੁਰ (ਬੰਗਾਲ) ਲਈ ਰਵਾਨਾ ਹੋਇਆ ਹੈ।
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਨਗਰ ਕੀਰਤਨ ਹਜ਼ਾਰੀ ਬਾਗ ਤੋਂ ਤੋਪਚਾਚੀ ਹੁੰਦੇ ਹੋਏ ਬੀਤੀ ਰਾਤ ਝਾਰਖੰਡ ਦੇ ਧੰਨਬਾਦ ਪਹੁੰਚਿਆ। ਜਿਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਗਿਆ।
ਨਗਰ ਕੀਰਤਨ ਦੇ ਸਵਾਗਤ ਲਈ ਰਸਤੇ ਵਿਚ ਥਾਂ-ਥਾਂ ’ਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ ਅਤੇ ਗੁਰੂ ਕੇ ਲੰਗਰ ਲਗਾਏ ਗਏ ਸਨ।ਸਿੱਖ ਸੰਗਤ ਤੋਂ ਇਲਾਵਾ ਵੱਖ-ਵੱਖ ਧਰਮਾਂ ਦੇ ਲੋਕ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਦੌਰਾਨ ਗੱਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਹਨ।
ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਦੇ ਸਮੇਂ ਤੋਂ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਰ ਪੜਾਅ ’ਤੇ ਸੰਗਤ ਦਾ ਭਰਵੀਂ ਸ਼ਮੂਲੀਅਤ ਹੋ ਰਹੀ ਹੈ।
-PTC News