Fri, Apr 26, 2024
Whatsapp

ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

Written by  Riya Bawa -- October 11th 2021 06:41 PM
ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਮੋਹਾਲੀ: ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਕਾਰਨ ਜ਼ਿਲ੍ਹਾ ਸਿਹਤ ਵਿਭਾਗ ਨੇ ਸਰਵੇ, ਜਾਂਚ ਤੇ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿਤੀ ਹੈ। ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਘਰ-ਘਰ ਜਾ ਕੇ ਸਰਵੇ ਕਰਨ ਦਾ ਕੰਮ ਮਾਰਚ ਮਹੀਨੇ ਤੋਂ ਲਗਾਤਾਰ ਕਰ ਰਹੀਆਂ ਹਨ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਅੱਜ ਖ਼ੁਦ ਮੋਹਾਲੀ ਦੇ ਫ਼ੇਜ਼ 10, 11 ਅਤੇ ਪਿੰਡ ਫ਼ਤਿਹਉੱਲਾਪੁਰ ਵਿਚ ਜਾ ਕੇ ਸਰਵੇ ਮੁਹਿੰਮ ਦਾ ਨਿਰੀਖਣ ਕੀਤਾ ਤੇ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਖ਼ੁਦ ਘਰਾਂ ਵਿਚ ਜਾ ਕੇ ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ ਆਦਿ ਦੀ ਜਾਂਚ ਕੀਤੀ। ਸਿਵਲ ਸਰਜਨ ਨੇ ਦਸਿਆ ਕਿ ਫ਼ੇਜ਼ 10 ਵਿਚ ਪੰਜ ਘਰਾਂ ਵਿਚ ਲਾਰਵਾ ਮਿਲਿਆ। ਇਸੇ ਤਰ੍ਹਾਂ ਫ਼ੇਜ਼ 11 ਦੇ ਘਰ ਵਿਚ ਪੁਰਾਣੇ ਟਾਇਰ ਵਿਚੋਂ ਲਾਰਵਾ ਮਿਲਿਆ ਜਦਕਿ ਫ਼ਤਿਹਉੱਲਾਪੁਰ ਵਿਚ ਵੀ ਪੰਜ ਘਰਾਂ ਵਿਚੋਂ ਲਾਰਵਾ ਮਿਲਿਆ। ਟੀਮਾਂ ਨੇ ਕੁਲ 6 ਚਲਾਨ ਕੀਤੇ ਜਦਕਿ ਪਹਿਲੀ ਵਾਰ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿਤੀ ਗਈ। ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੇ ਕੇਸਾਂ ਨੂੰ ਕੰਟਰੋਲ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਇਸ ਮਾਰੂ ਬੀਮਾਰੀ ਤੋਂ ਬਚਾਉਣ ਲਈ ਪੂਰੀ ਤਨਦੇਹੀ ਨਾਲ ਮੈਦਾਨ ਵਿਚ ਡਟੀਆਂ ਹੋਈਆਂ ਹਨ। ਸਿਹਤ ਅਧਿਕਾਰੀਆਂ ਨੇ ਅਪਣੇ ਦੌਰੇ ਦੌਰਾਨ ਲੋਕਾਂ ਨੂੰ ਅਪਣੇ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਨਾ ਖੜਾ ਹੋਣ ਦੇਣ ਦੀ ਅਪੀਲ ਕੀਤੀ ਅਤੇ ਨਾਲ ਹੀ ਹੋਰ ਜ਼ਰੂਰੀ ਸਾਵਧਾਨੀਆਂ ਤੋਂ ਜਾਣੂੰ ਕਰਾਇਆ। ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜਿਥੇ ਕਿਤੇ ਵੀ ਡੇਂਗੂ ਦਾ ਕੋਈ ਕੇਸ ਸਾਹਮਣੇ ਆਉਂਦਾ ਹੈ, ਉਥੇ ਮਿਊਂਸਪਲ ਕਾਰਪੋਰੇਸ਼ਨ ਨਾਲ ਤਾਲਮੇਲ ਕਰ ਕੇ ਫ਼ੌਗਿੰਗ ਕਰਵਾਈ ਜਾਂਦੀ ਹੈ ਤੇ ਸਿਹਤ ਵਿਭਾਗ ਅਪਣੇ ਤੌਰ ’ਤੇ ਉਸ ਘਰ ਅਤੇ ਆਲੇ-ਦੁਆਲੇ ਸਰਵੇ ਤੇ ਜਾਂਚ ਦਾ ਕੰਮ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫ਼ੌਗਿੰਗ ਦਾ ਕੰਮ ਸਿਰਫ਼ ਸਥਾਨਕ ਸਰਕਾਰਾਂ ਵਿਭਾਗ ਦੁਆਰਾ ਕੀਤਾ ਜਾਂਦਾ ਹੈ। ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਜਿਲ਼੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਸਿਰਤੋੜ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜਕਲ ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਪ੍ਰਤੀ ਨਵੰਬਰ ਅਖ਼ੀਰ ਤਕ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਅਪਣਾ ਬਚਾਅ ਕਰਨ ਦੀ ਅਪੀਲ ਕੀਤੀ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਡੇਂਗੂ ਬੁਖ਼ਾਰ ਦੇ ਲੱਛਣ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।


Top News view more...

Latest News view more...