ਵਿੱਦਿਆ ਦੁਨੀਆ ’ਚ ਬਦਲਾਅ ਦਾ ਉਚਿੱਤ ਜ਼ਰੀਆ : ਗਵਰਨਰ ਪੁਰੋਹਿਤ
ਅੰਮ੍ਰਿਤਸਰ: ਇਤਿਹਾਸਕ ਖ਼ਾਲਸਾ ਕਾਲਜ ਦੇ ਅੱਜ 130 ਸਾਲਾ ਸਥਾਪਨਾ ਦਿਵਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ 116ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਪੋਸਟ-ਗ੍ਰੈਜੂਏਟ ਅਤੇ ਗ੍ਰੈਜੂਏਟ ਜਮਾਤਾਂ ਦੇ 1626 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।
ਇਸ ਮੌਕੇ ਪੁਰੋਹਿਤ ਨੇ ਆਪਣੇ ਸੰਬੋਧਨੀ ਭਾਸ਼ਣ ’ਚ ਕਿਹਾ ਕਿ ਵਿੱਦਿਆ ਦੁਨੀਆ ਦੇ ਬਦਲਾਅ ਲਈ ਇਕ ਉਚਿੱਤ ਜਰੀਆ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੀ ਜੀਵਨ ’ਚ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਸਿੱਖਿਆ ਹੀ ਇਨਸਾਨ ਨੂੰ ਉਕਤ ਮੁਸ਼ਕਿਲਾਂ ਤੋਂ ਕੱਢਣ ਦਾ ਇਕ ਸਾਧਨ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਾਲਜ ਵਿਦਿਆਰਥੀਆਂ ਨੂੰ ਨਾ ਸਿਰਫ਼ ਸਿੱਖਿਆ ਪ੍ਰਦਾਨ ਕਰਦਾ ਹੈ, ਬਲਕਿ ਭਵਿੱਖ ’ਚ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਨਾਲ ਨਜਿੱਠਣ ਲਈ ਉਨ੍ਹਾਂ ’ਚ ਹਿੰਮਤ ਅਤੇ ਭਰੋਸਾ ਦੀ ਭਾਵਨਾ ਪੈਦਾ ਕਰਦਾ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਜੀਵਨ ’ਚ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਫ਼ਲਤਾ ਦਾ ਕੋਈ ਸ਼ਾਟਕੱਟ ਨਹੀਂ ਹੁੰਦਾ ਅਤੇ ਦ੍ਰਿੜ ਨਿਸ਼ਚੈ ਅਤੇ ਲਗਨ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ।
ਪੁਰੋਹਿਤ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾਂ ਆਪਣੀ ਜ਼ਿੰਦਗੀ ’ਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਦਾ ਸ਼ੁਕਰਗੁਜ਼ਾਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਿਗਰੀ ਜੀਵਨ ਦਾ ਅੰਤ ਨਹੀਂ ਹੈ, ਸਗੋਂ ਇਹ ਜ਼ਿੰਦਗੀ ਦੇ ਲੰਬੇ ਸਫ਼ਰ ਦਾ ਇਕ ਹਿੱਸਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪੂਰਵਜ੍ਹਾ ਦੁਆਰਾ ਵਿਖਾਏ ਸੱਚਾਈ ਦੇ ਮਾਰਗ ’ਤੇ ਚੱਲਣ ਲਈ ਤੱਤਪਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਦਾ ਆਪਣੇ ਵਿਦਿਆਰਥੀਆਂ ਨੂੰ ਸਾਡੇ ਅਮੀਰ ਵਿਰਸੇ, ਭਾਸ਼ਾ ਅਤੇ ਰਵਾਇਤਾਂ ਨਾਲ ਜੋੜਣ ’ਚ ਬਹੁਤ ਵੱਡਾ ਯੋਗਦਾਨ ਹੈ।
ਉਨ੍ਹਾਂ ਮਹਾਤਮਾ ਗਾਂਧੀ ਦੀ ਸੋਚ ’ਤੇ ਜੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਨਾਲ ਆਪਣੇ ਸੁਪਨਿਆਂ ਨੂੰ ਹਕੀਕਤ ’ਚ ਬਦਲਣ ਦੇ ਹੁਨਰ ਨੂੰ ਪਹਿਚਾਨਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸਤਿਆਜੀਤ ਮਜੀਠੀਆ ਨੇ ਗਵਰਨਰ ਪੁਰੋਹਿਤ ਦਾ ਸਵਾਗਤ ਕਰਦਿਆਂ ਕਿਹਾ ਕਿ ਬਨਵਾਰੀ ਲਾਲ ਪੁਰੋਹਿਤ ਨੇ ਰਾਜਨੀਤੀ ਅਤੇ ਸਮਾਜ ਸੇਵੀ ਮੁੱਦਿਆਂ ’ਚ ਬਹੁਤ ਅਮੁੱਲ ਯੋਗਦਾਨ ਪਾਇਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਡਿਗਰੀ ਪ੍ਰਾਪਤ ਹੋਣ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀ ਇਸ ਡਿਗਰੀ ਨੂੰ ਪ੍ਰਾਪਤ ਕਰਨ ਲਈ ਸਾਲਾਂ ਤੋਂ ਮਿਹਨਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਡਿਗਰੀ ਸਿਰਫ਼ ਕਾਗਜ ਦਾ ਇਕ ਟੁਕੜਾ ਨਹੀਂ, ਸਗੋਂ ਜ਼ਿੰਦਗੀ ’ਚ ਅੱਗੇ ਵੱਧਣ ਦਾ ਇਕ ਯਤਨ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਯਕੀਨ ਦਿਵਾਇਆ ਕਿ ਸਮੂਹ ਕਾਲਜ ਪ੍ਰਬੰਧਨ, ਅਧਿਆਪਕ ਸਾਹਿਬਾਨ ਆਦਿ ਉਨ੍ਹਾਂ ਦੇ ਨਾਲ ਹਨ ਅਤੇ ਜੀਵਨ ’ਚ ਉਨ੍ਹਾਂ ਦੇ ਮਾਰਗ ਦਰਸ਼ਨ ਲਈ ਤੱਤਪਰ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਤੋਂ ਸਖਤ ਮਿਹਨਤ ਕਰਕੇ ਆਪਣੇ ਮਿੱਥੇ ਟੀਚੇ ਨੂੰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਛੀਨਾ ਨੇ ਵਿਦਿਆਰਥੀਆਂ ਨੂੰ ਜੀਵਨ ’ਚ ਉਤਸ਼ਾਹਿਤ ਕਰਦਿਆਂ ਉਜਵੱਲ ਭਵਿੱਖ ਲਈ ਦ੍ਰਿੜ ਨਿਸ਼ਚੈ ਤੇ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਬੱਚਿਓ ਜੀਵਨ ’ਚ ਕੋਈ ਵੀ ਕੰਮ ਮੁਸ਼ਕਿਲ ਨਹੀਂ ਹੈ। ਇਸ ਲਈ ਕੋਈ ਕੰਮ ਚਾਹੇ ਉਹ ਪੜ੍ਹਾਈ ਹੋਵੇ ਜਾਂ ਫ਼ਿਰ ਕੋਈ ਕਿੱਤਾ ਮਨ ’ਚ ਪ੍ਰਣ ਕਰ ਲਓ ਕਿ ਆਪਣਾ ਨਿਸ਼ਚਿਤ ਟੀਚਾ ਤਹਿ ਕਰਨਾ ਹੈ, ਇਕ ਦਿਨ ਸਫ਼ਲਤਾ ਜ਼ਰੂਰ ਮਿਲੇਗੀ। ਉਨ੍ਹਾਂ ਨੇ ਡਿਗਰੀਆਂ ਅਤੇ ਮੈਡਲ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀਆਂ ਵਿੱਦਿਅਕ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ’ਚ ਪ੍ਰਾਪਤੀਆਂ ਦਾ ਹਵਾਲਾ ਦਿੰਦੇ ਹੋਏ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ। ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਹੇਠ ਕਾਲਜ ਨੇ ਤਰੱਕੀ ਕੀਤੀ ਹੈ ਅਤੇ ਵਿਦਿਆਰਥੀਆਂ ਨੇ ਸਾਲਾਨਾ ਇਮਤਿਹਾਨਾਂ ਦੇ ਨਾਲ-ਨਾਲ ਖੇਡਾਂ ’ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਅੱਜ ਡਿਗਰੀਆਂ, ਮੈਡਲ ਅਤੇ ਮੈਰੀਟੋਰੀਅਸ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਕੌਂਸਲ ਦੇ 2 ਸੀਨੀਅਰ ਮੈਂਬਰ ਸ: ਪਰਮਜੀਤ ਸਿੰਘ ਬੱਲ ਅਤੇ ਸ: ਜਤਿੰਦਰ ਸਿੰਘ ਸੱਚਦੇਵ ਨੂੰ ਕੌਂਸਲ ਵੱਲੋਂ ਉਨ੍ਹਾਂ ਦੁਆਰਾ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਡਾ. ਜਸਵਿੰਦਰ ਸਿੰਘ, ਐਸੋਸੀਏਟ ਪ੍ਰੋਫ਼ੈਸਰ ਜ਼ੂਆਲੋਜੀ ਨੂੰ ‘ਰਿਸਰਚ ਐਵਾਰਡ’ ਅਤੇ ਡਾ. ਅਮਿਤ ਆਨੰਦ, ਐਸੋਸੀਏਟ ਪ੍ਰੋਫੈਸਰ, ਕੈਮਿਸਟਰੀ ਨੂੰ ਬੈਸਟ ਟੀਚਰ ਦਾ ਐਵਾਰਡ ਦਿੱਤਾ ਗਿਆ।
-PTC News