
ਚੰਡੀਗੜ੍ਹ 'ਚ 29 ਕਿਸਾਨ ਜਥੇਬੰਦੀਆਂ ਦੀ ਅੱਜ ਹੋਵੇਗੀ ਮੀਟਿੰਗ, ਅਗਲੇ ਸੰਘਰਸ਼ ਲਈ ਬਣਾਈ ਜਾਵੇਗੀ ਰਣਨੀਤੀ:ਚੰਡੀਗੜ੍ਹ : ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਰੇਲਵੇ ਟਰੈਕ ਅਤੇ ਕਈ ਥਾਵਾਂ ਉੱਤੇ ਰਿਲਾਇੰਸ ਦੇ ਸ਼ਾਪਿੰਗ ਮਾਲ ,ਪੈਟਰੌਲ ਪੰਪ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ।
ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ 'ਚ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਬਣਾਈ ਜਾਵੇਗੀ।
ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਦੇ ਖੇਤੀ ਭਵਨ ਵਿਖੇ ਹੋਈ 29 ਕਿਸਾਨ ਜਥੇਬੰਦੀਆਂ ਦੀ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀਟਿੰਗ ਹੋਈ ਸੀ ਪਰ ਇਸ ਮੀਟਿੰਗ ਵਿੱਚ ਕੋਈ ਵੀ ਕੇਂਦਰੀ ਮੰਤਰੀ ਮੌਜੂਦ ਨਹੀਂ ਸੀ। ਇਸ ਮੀਟਿੰਗ 'ਚ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੀਟਿੰਗ ਦਾ ਬਾਈਕਾਟ ਕਰ ਦਿੱਤਾ।
ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਕੇਂਦਰ ਜਾਣ-ਬੁੱਝ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ 'ਚ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਖੇਤੀ ਕਾਨੂੰਨ ਪੜ੍ਹਨ ਅਤੇ ਇਸ ਬਾਰੇ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਸਾਫ਼ ਕਿਹਾ ਸੀ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ।
Farm Bill 2020 : Farmers' organizations will be held meeting in Chandigarh today
-PTCNews