
ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਰੋਕੋ ਅੰਦੋਲਨ 17 ਅਕਤੂਬਰ ਤੱਕ ਜਾਰੀ ਰੱਖਣ ਦਾ ਹੋਇਆ ਐਲਾਨ:ਜੰਡਿਆਲਾ ਗੁਰੂ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਦਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ‘ਤੇ ਪਿੰਡ ਦੇਵੀਦਾਸਪੁਰਾ ਵਿਖੇ ਚੱਲ ਰਿਹਾ ਪੱਕਾ ਮੋਰਚਾ ਅੱਜ 21 ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਾਂਝਾ ਧਰਨਾ ਲਾਇਆ ਗਿਆ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਰੇਲਵੇ ਲਾਈਨ ‘ਤੇ ਡਟੇ ਹੋਏ ਹਨ।

ਇਸ ਦੌਰਾਨ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਵੱਡੀ ਤਾਦਾਦ ਵਿਚ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਨਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ 17 ਅਕਤੂਬਰ ਤੱਕ ਲਈ ਵਧਾ ਦਿੱਤਾ ਗਿਆ ਹੈ ਅਤੇ ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।

ਉਹਨਾਂ ਦੱਸਿਆ ਕਿ ਅਸੀਂ ਇਹ ਫੈਸਲਾ ਕੀਤਾ ਹੈ ਕਿ ਅੱਜ 14 ਅਕਤੂਬਰ ਨੂੰ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿਚ ਨਹੀਂ ਜਾਵਾਂਗੇ। ਉਹਨਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਗੱਲਬਾਤ ਦਾ ਸੱਦਾ ਦੇ ਰਹੀ ਹੈ ਜਦਕਿ ਦੂਜੇ ਪਾਸੇ ਪ੍ਰਧਾਨ ਮੰਤਰੀ ਮੁੰਬਈ ਤੇ ਹੋਰ ਥਾਵਾਂ ‘ਤੇ ਕਿਸਾਨਾਂ ਬਾਰੇ ਹੋਰ ਦਾਅਵੇ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅਣਮਿੱਥੇ ਸਮੇਂ ਲਈ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਵਿਚ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦੀ ਸਹਿਮਤੀ ਤੋਂ ਬਾਅਦ ਅੱਜ ਦਿੱਲੀ ਵਿਖੇ ਕੇਂਦਰੀ ਖੇਤੀ ਮੰਤਰਾਲੇ ਨਾਲ ਇਹ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜਿਸ ਦੇ ਤਹਿਤ ਕਿਸਾਨ ਜੱਥੇਬੰਦੀਆਂ ਵੱਲੋਂ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਕੇਂਦਰ ਨਾਲ ਮੁਲਾਕਾਤ ਕਰੇਗੀ।
Farm Bills 2020 : Kisan-Mazdoor Sangharsh Committee Punjab Rail Roko Andolan till October 17
-PTCNews