
Breaking news : ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿਚ ਸੋਧ ਕਰਨ ਤੋਂ ਅੱਗੇ ਵਧਣ ਲਈ ਤਿਆਰ ਨਹੀਂ : ਸੂਤਰ:ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਪੰਜਵੇਂ ਗੇੜ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਲਈ 40 ਦੇ ਕਰੀਬ ਕਿਸਾਨ ਜਥੇਬੰਦੀਆਂ ਦੇ ਆਗੂ ਦਿੱਲੀ ਦੇ ਵਿਗਿਆਨ ਭਵਨ ‘ਚ ਪਹੁੰਚੇ ਹਨ। ਇਸ ਮੀਟਿੰਗ ‘ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ,ਪਿਯੂਸ਼ ਗੋਇਲ ,ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਸ਼ਾਮਲ ਹੋਏ ਹਨ।

ਸੂਤਰਾਂ ਅਨੁਸਾਰ ਕੇਂਦਰ ਸਰਕਾਰ ਮੀਟਿੰਗ ਵਿਚ ਖੇਤੀ ਕਾਨੂੰਨਾਂ ਵਿਚ ਸੋਧ ਕਰਨ ਤੱਕ ਹੀ ਸੀਮਤ ਹੈ। ਸੂਤਰਾਂ ਅਨੁਸਾਰ ਫਿਲਹਾਲ ਸਰਕਾਰ ਖੇਤੀ ਕਾਨੂੰਨਾਂ ਵਿਚ ਸੋਧ ਕਰਨ ਤੋਂ ਅੱਗੇ ਵਧਣ ਲਈ ਤਿਆਰ ਨਹੀਂ ਹੈ। ਦੂਜੇ ਪਾਸੇ ਕਿਸਾਨ ਆਗੂ ਕਾਨੂੰਨ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੌਰਾਨ ਦੋਵਾਂ ਧਿਰਾਂ ਵਿਚ ਚਰਚਾ ਜਾਰੀ ਹੈ। ਪਰ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਘੱਟ ਕੁਝ ਵੀ ਕਬੂਲ ਨਹੀਂ।

ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਆਰ-ਆਰ ਦੀ ਲੜਾਈ ਲੜ ਕੇ ਆਵਾਂਗੇ, ਰੋਜ਼-ਰੋਜ਼ ਮੀਟਿੰਗਾਂ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਅੱਜ ਦੀ ਮੀਟਿੰਗ ‘ਚ ਹੋਰ ਕੋਈ ਗੱਲ ਨਹੀਂ ਹੋਵੇਗੀ, ਸਿਰਫ਼ ਕਾਨੂੰਨਾਂ ਨੂੰ ਰੱਦ ਕਰਨ ਲਈ ਹੀ ਗੱਲ ਹੋਵੇਗੀ। ਇਸ ਤੋਂ ਪਹਿਲਾਂ 1 ਦਸੰਬਰ ਅਤੇ 3 ਦਸੰਬਰ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ ਸੀ, ਜੋ ਬੇਸਿੱਟਾ ਰਹੀ ਸੀ।

ਦੱਸ ਦੇਈਏ ਕਿ ਇਸ ਮੀਟਿੰਗ ਤੋਂ ਪਹਿਲਾਂ ਕੇਂਦਰ ਦੇ ਚਾਰ ਵੱਡੇ ਕੇਂਦਰੀ ਮੰਤਰੀਆਂ ਦੀ ਪ੍ਰਧਾਨ ਮੰਤਰੀ ਮੋਦੀ ਦੇ ਰਿਹਾਇਸ਼ ‘ਤੇ 2 ਘੰਟੇ ਲੰਬੀ ਮੀਟਿੰਗ ਹੋਈ ਹੈ। ਇਸ ਮੀਟਿੰਗ ‘ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਸੀ। ਇਸ ਮੀਟਿੰਗ ਮਗਰੋਂ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੋਦੀ ਦੇ ਨਿਵਸ ਦੇ ਪਹੁੰਚੇ ਹਨ। ਹੁਣ ਦੇਖਣਾ ਹੋਵੇਗਾ ਕਿ ਇਸ ਮੀਟਿੰਗ ‘ਚ ਕੋਈ ਹੱਲ ਨਿਕਲੇਗਾ ?
-PTCNews