27 ਅਕਤੂਬਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਪ੍ਰੈਸ ਕਾਨਫਰੰਸ
Punjab Assembly elections 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨਗੇ। ਇਨ੍ਹੀਂ ਦਿਨੀਂ ਉਹ ਪਾਰਟੀ ਦੇ ਗਠਨ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ। ਇਸ ਦੇ ਚਲਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ਪੇਜ 'ਤੇ ਕੀਤਾ ਜਾਵੇਗਾ। ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਦਿੱਤੀ।
ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਨਵੀਂ ਸਿਆਸੀ ਪਾਰਟੀ ਬਣਾਉਣ ਦੇ ਐਲਾਨ ਦੇ ਵਿਚਕਾਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 27 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਕੈਪਟਨ ਨੇ ਭਲਕੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਉਹ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਇਸ ਕਾਰਨ ਪੰਜਾਬ ਕਾਂਗਰਸ ਅੰਦਰ ਹਲਚਲ ਤੇਜ਼ ਹੋ ਗਈ ਹੈ।
ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ ਅਤੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ, ਨੇ ਕਿਹਾ ਕਿ ਉਹ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਸੇਵਾ ਕਰਨ ਲਈ ਜਲਦੀ ਹੀ ਆਪਣੀ ਸਿਆਸੀ ਪਾਰਟੀ ਦੀ ਸ਼ੁਰੂਆਤ ਕਰਨ ਦਾ ਐਲਾਨ ਕਰਨਗੇ।
-PTC News