ਐਲਡੀਪੀ ਸਕੀਮ ਤਹਿਤ ਪਲਾਟ ਅਲਾਟਮੈਂਟ ਘੁਟਾਲੇ 'ਚ ਇੰਪਰੂਵਮੈਂਟ ਟਰੱਸਟ ਦੇ ਚਾਰ ਅਧਿਕਾਰੀ ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ 120-ਬੀ ਤਹਿਤ ਦਰਜ ਐਫਆਈਆਰ ਨੰ. 8, ਮਿਤੀ 14.07.2022 ਦੀ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਐਲਆਈਟੀ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਕਰਦਿਆਂ ਤੇ ਹੋਰਾਂ ਦੀ ਮਿਲੀਭੁਗਤ ਨਾਲ ਐਲਡੀਪੀ ਸਕੀਮ ਤਹਿਤ ਅਣਅਧਿਕਾਰਤ ਵਿਅਕਤੀਆਂ ਨੂੰ ਰਿਹਾਇਸ਼ੀ ਪਲਾਟ ਅਲਾਟ ਕੀਤੇ ਸਨ। ਭਾਵੇਂ ਕੁਝ ਅਲਾਟੀਆਂ ਦੀ ਮੌਤ ਹੋ ਚੁੱਕੀ ਸੀ ਪਰ ਉਨ੍ਹਾਂ ਦੇ ਪਲਾਟ ਐਲਆਈਟੀ ਅਧਿਕਾਰੀਆਂ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਅਣਅਧਿਕਾਰਤ ਵਿਅਕਤੀਆਂ ਨੂੰ ਦੁਬਾਰਾ ਅਲਾਟ ਕਰ ਦਿੱਤੇ ਗਏ ਤੇ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਹਾਸਲ ਕੀਤੀ ਗਈ।
ਉਨ੍ਹਾਂ ਨੇ ਦੱਸਿਆ ਕਿ ਇਸ ਪੜਤਾਲ ਦੌਰਾਨ ਰਿਕਾਰਡ ਉਤੇ ਇਹ ਸਾਹਮਣੇ ਆਇਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ 'ਚ ਪਲਾਟ ਨੰਬਰ 1544-ਡੀ ਕਮਲਦੀਪ ਸਿੰਘ ਨੂੰ ਅਲਾਟ ਕੀਤਾ ਗਿਆ ਸੀ। ਇਸ ਮਾਮਲੇ 'ਚ ਇੰਦਰਜੀਤ ਸਿੰਘ ਜੇਈ, ਬੂਟਾ ਰਾਮ ਟਰੱਸਟ ਇੰਜੀਨੀਅਰ ਤੇ ਜਸਦੀਪ ਸਿੰਘ ਐਕਸੀਅਨ, ਮਨਦੀਪ ਸਿੰਘ ਜੇਈ ਐਮਸੀ ਲੁਧਿਆਣਾ ਨੇ ਉਪਰੋਕਤ ਇਲਾਕੇ ਪਾਣੀ ਤੇ ਸੀਵਰੇਜ ਦੀ ਸਹੂਲਤ ਨਾ ਹੋਣ ਸਬੰਧੀ ਐਲਆਈਟੀ ਨੂੰ ਝੂਠੀਆਂ/ਮਨਘੜਤ ਰਿਪੋਰਟਾਂ ਦਿੱਤੀਆਂ ਸਨ।
ਅਲਾਟੀ ਦਾ ਪੱਖ ਪੂਰਨ ਦੇ ਮਕਸਦ ਨਾਲ ਉਪਰੋਕਤ ਅਧਿਕਾਰੀਆਂ/ਕਰਮਚਾਰੀਆਂ ਨੇ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲਏ ਬਿਨਾਂ 27 ਲੱਖ ਰੁਪਏ ਦਾ ਗ਼ੈਰ-ਉਸਾਰੀ ਜੁਰਮਾਨਾ ਛੱਡ ਦਿੱਤਾ ਸੀ, ਜਦੋਂ ਕਿ ਇਹ ਅਲਾਟੀ ਤੋਂ ਵਸੂਲਿਆ ਜਾਣਾ ਜ਼ਰੂਰੀ ਸੀ, ਜਿਸ ਨਾਲ ਉਨਾਂ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਲੈ ਕੇ ਐਲਡੀਪੀ ਸਕੀਮ ਤਹਿਤ ਪਲਾਟ ਅਲਾਟ ਕਰਨ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਵਿੰਗ, ਲੁਧਿਆਣਾ ਵਿਚ ਮਾਮਲਾ ਦਰਜ ਕੀਤਾ ਹੋਇਆ ਹੈ।
ਇਸ ਮਾਮਲੇ 'ਚ ਐਲਆਈਟੀ ਦੇ ਅਧਿਕਾਰੀਆਂ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਸੀ ਜਿਸ 'ਚ ਰਮਨ ਬਾਲਾਸੁਬਰਾਮਨੀਅਮ, ਸਾਬਕਾ ਚੇਅਰਮੈਨ ਐਲਆਈਟੀ, ਕੁਲਜੀਤ ਕੌਰ ਈਓ, ਅੰਕਿਤ ਨਾਰੰਗ ਐਸਡੀਓ, ਪਰਵੀਨ ਕੁਮਾਰ ਸੇਲਜ਼ ਕਲਰਕ, ਗਗਨਦੀਪ ਕਲਰਕ ਤੇ ਸਾਬਕਾ ਚੇਅਰਮੈਨ ਦੇ ਪੀਏ ਸੰਦੀਪ ਸ਼ਰਮਾ ਸ਼ਾਮਲ ਸਨ। ਉਪਰੋਕਤ ਮੁਲਜ਼ਮਾਂ 'ਚੋਂ ਸੰਦੀਪ ਸ਼ਰਮਾ ਪੀ.ਏ., ਪਰਵੀਨ ਕੁਮਾਰ ਕਲਰਕ ਅਤੇ ਕੁਲਜੀਤ ਕੌਰ ਈਓ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਰਹੇ ਹਨ ਤੇ ਇਸ ਬਾਰੇ ਅਗਲੀ ਜਾਂਚ ਜਾਰੀ ਹੈ।
-PTC News
ਇਹ ਵੀ ਪੜ੍ਹੋ : 'ਆਪ' ਅਪ੍ਰੇਸ਼ਨ ਲੋਟਸ ਦੇ ਸਬੂਤ ਪੇਸ਼ ਕਰ ਕੇ ਹਾਈ ਕੋਰਟ ਦੇ ਸਿਟਿੰਗ ਜੱਜ ਕੋਲੋਂ ਕਰਵਾਏ ਜਾਂਚ : ਤਰੁਣ ਚੁੱਘ