
ਅਜਨਾਲਾ : ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਸਾਰੇ ਸਕੂਲ ਖੋਲ੍ਹ ਦਿੱਤੇ ਗਏ ਸਨ, ਜਿਸ ਤੋਂ ਬਾਅਦ ਸਕੂਲਾਂ ਅੰਦਰ ਲਗਾਤਾਰ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਅੱਜ ਅਜਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ 8 ਵਿਦਿਆਰਥਣਾਂ ਕੋਰੋਨਾ ਪਾਜ਼ਿਟਿਵ ਆਈਆਂ ਹਨ ,ਜਿਸ ਤੋਂ ਬਾਅਦ ਸਕੂਲ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਸਕੂਲ ਸਟਾਫ ਦੇ ਟੈਸਟ ਕੀਤੇ ਜਾ ਰਹੇ ਹਨ।
ਪੜ੍ਹੋ ਹੋਰ ਖ਼ਬਰਾਂ : ਡੈਲਟਾ ਪਲੱਸ ਵੇਰੀਐਂਟ ਨਾਲ ਮੁੰਬਈ 'ਚ ਪਹਿਲੀ ਮੌਤ , ਲੱਗੀਆਂ ਸੀ Covishield ਦੀਆਂ ਦੋਵੇਂ ਡੋਜ਼
ਉੱਥੇ ਹੀ ਕੋਰੋਨਾ ਪਾਜ਼ੀਟਿਵ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਘਰਾਂ ਵਿਚ ਇਕਾਂਤਵਾਸ ਕਰ ਦਿੱਤਾ ਗਿਆ ਹੈ ਉੱਥੇ ਹੀ ਕੋਰੋਨਾ ਪਾਜ਼ੀਟਿਵ ਆਉਣ ਵਾਲੀਆਂ ਵਿਦਿਆਰਥਣਾਂ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਬੱਚਿਆਂ ਨੂੰ ਘਰਾਂ ਵਿੱਚ ਇਕਾਂਤਵਾਸ ਹੋਣ ਲਈ ਕਿਹਾ ਗਿਆ ਹੈ। ਇਸ ਸੰਬੰਧੀ ਸਿਵਲ ਹਸਪਤਾਲ ਅਜਨਾਲਾ ਦੇ ਐਸ.ਐਮ.ਓ ਓਮ ਪ੍ਰਕਾਸ਼ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ 8 ਲੜਕੀਆਂ ਕੋਰੋਨਾ ਪਾਜ਼ੀਟਿਵ ਆਈਆਂ ਹਨ।
ਇਸ ਮੌਕੇ ਸਕੂਲ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਅੱਠ ਬੱਚੇ ਕੋਰੋਨਾ ਪਾਜ਼ੀਟਿਵ ਪਾਏ ਹਨ,ਜਿਸ ਤੋਂ ਬਾਅਦ ਬੱਚਿਆਂ ਨੂੰ ਘਰਾਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ ਅਤੇ ਸਟਾਫ ਦੇ ਹੁਣ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਹੁਣ ਆਨਲਾਈਨ ਕਲਾਸਾਂ ਹੀ ਲੱਗਣਗੀਆਂ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਵਿੱਚ ਕੋਈ ਅਸਰ ਨਾ ਪਵੇ।
-PTCNews