ਸਰਕਾਰ ਹਰ ਆਮ ਆਦਮੀ ਤੱਕ ਪਹੁੰਚਾਏਗੀ ਨਾਗਰਿਕ ਸਹੂਲਤਾਂ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪ੍ਰਸਾਸ਼ਨ ਆਮ ਆਦਮੀ ਨੂੰ ਨਾਗਰਿਕ ਸਹੂਲਤਾਂ ਉਨ੍ਹਾਂ ਦੇ ਘਰ ਦੇ ਦੁਆਰ ਤੱਕ ਹੀ ਮੁਹੱਈਆ ਕਰਵਾਉਣਗੇ ਅਤੇ ਪਿੰਡਾਂ ਦੇ ਪੰਚਾਇਤ ਘਰਾਂ ਵਿੱਚ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਪ੍ਰੈਸ ਪੱਤਰਕਾਰਾਂ ਨਾਲ ਆਪਣੀ ਪਲੇਠੀ ਮੀਟਿੰਗ ਕਰਨ ਉਪਰੰਤ ਕੀਤਾ। ਸੂਦਨ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸਵਿਧਾ ਕੇਂਦਰਾਂ ਦਾ ਨਰੀਖਣ ਕਰਕੇ ਇਨ੍ਹਾਂ ਦੇ ਮੁੱਢਲੇ ਢਾਂਚੇ ਵਿੱਚ ਬਦਲਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਵਿਧਾ ਕੇਂਦਰਾਂ ਨੂੰ ਨਾਮ ਵਿੱਚ ਹੀ ਨਹੀਂ ਸਗੋਂ ਕੰਮ ਵਿੱਚ ਸੁਵਿਧਾ ਬਣਾਇਆ ਜਾਵੇਗਾ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਸਖਤ ਨਿਰਦੇਸ਼ ਹਨ ਕਿ ਨਸ਼ੇ ਨੂੰ ਠੱਲ ਪਾਉਣ ਲਈ ਸਖਤ ਕਾਰਵਾਈ ਆਰੰਭੀ ਜਾਵੇ ਅਤੇ ਜਿਹੜੇ ਲੋਕ ਨਸ਼ੇ ਤੋਂ ਪੀੜਤ ਹਨ ਦਾ ਮੁੜ ਵਸੇਬਾ ਕੇਂਦਰਾਂ ਵਿੱਚ ਇਲਾਜ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਇਸ ਕੰਮ ਲਈ ਜਿਲ੍ਹਾ ਪ੍ਰਸਾਸ਼ਨ ਤੇ ਸਿਹਤ ਵਿਭਾਗ ਵੱਲੋਂ ਸਾਰੇ ਓਟ ਕਲੀਨਿਕਾਂ ਦਾ ਨਰੀਖਣ ਕਰਨ ਉਪਰੰਤ ਇਨ੍ਹਾਂ ਦੀਆਂ ਕਮੀਆਂ ਨੂੰ ਪਹਿਲ ਦੇ ਅਧਾਰ ਤੇ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਗੁਰੂ ਕੀ ਨਗਰੀ ਵਿੱਚ ਲੋਕਾਂ ਦੀ ਸੇਵਾ ਕਰਨਗੇ। ਇਹ ਵੀ ਪੜ੍ਹੋ: ਪਟਿਆਲਾ 'ਚ ਪਹਿਲੀ ਮਹਿਲਾ ਡੀਸੀ ਵਜੋਂ ਸਾਕਸ਼ੀ ਸਾਹਨੀ ਨੇ ਸੰਭਾਲਿਆ ਅਹੁਦਾ ਸੂਦਨ ਨੇ ਗੁਰੂ ਕੀ ਨਗਰੀ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਨਜਾਇਜ ਕਬਜੇ ਨਾ ਕਰਨ ਕਿਉਂਕਿ ਇਸ ਨਾਲ ਯਾਤਰੂਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਪ੍ਰਸਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਵੇ ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾ ਸਕੇ। ਸ੍ਰੀ ਸੂਦਨ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਪ੍ਰਸਾਸ਼ਨ ਸਬੰਧੀ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਘਰ ਬੈਠੇ ਹੀ ਗਰੀਵਨੈਂਸ ਰੀਡਰੈਸਰਲ ਪੋਰਟਲ ’ਤੇ ਆਨ ਲਾਈਨ ਸ਼ਿਕਾਇਤ ਦਰਜ ਕਰ ਸਕਦੇ ਹਨ। ਸੂਦਨ ਨੇ ਕਿਹਾ ਕਿ ਉਹ ਰੋਜਾਨਾ ਸਵੇਰੇ 11 ਵਜੇ ਤੋਂ ਬਾਅਦ: 1:30 ਵਜੇ ਤੱਕ ਆਮ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ। ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ੍ਰੀ ਸੂਦਨ ਨੇ ਕਿਹਾ ਕਿ ਸਿਖਿਆ ਮਾਫੀਆ ਨੂੰ ਠੱਲ ਪਾਉਣ ਲਈ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਜਿਹੜੇ ਵੀ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਨਗੇ, ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸੂਦਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਵੱਧ ਰਹੀਆਂ ਫੀਸਾਂ ਦੇ ਅਸੀਂ ਵੀ ਕੁਝ ਹੱਦ ਤੱਕ ਜਿੰਮੇਵਾਰ ਹਾਂ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਰਟ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਵੱਧ ਗੁਣਵੱਤਾ ਭਰਪੂਰ ਸਿਖਿਆ ਪ੍ਰਦਾਨ ਕਰ ਰਹੇ ਹਨ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾ ਵਿੱਚ ਵਿਦਿਆ ਗ੍ਰਹਿਣ ਕਰਨ ਦੀ ਤਰਜੀਹ ਦੇਈਏ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨਾਲੋਂ ਉਚ ਯੋਗਤਾ ਪ੍ਰਾਪਤ ਹੁੰਦੇ ਹਨ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕਰਕੇ ਹੀ ਅਧਿਆਪਕ ਬਣਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਜਲਦ ਹੀ ਦੂਜੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣਗੇ ਅਤੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣਗੇ। ਡਿਪਟੀ ਕਮਿਸ਼ਨਰ ਨੇ ਸਖਤ ਲਹਿਜੇ ਵਿੱਚ ਕਿਹਾ ਕਿ ਕਿਸੇ ਵੀ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। -PTC News