ਪੰਜਾਬ

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ

By Riya Bawa -- October 21, 2021 3:10 pm -- Updated:Feb 15, 2021

ਗੁਰਦਾਸਪੁਰ: ਪਿਛਲੇ 20 ਸਾਲਾਂ ਤੋਂ ਸਰਕਾਰੀ ਗੌਰਮਿੰਟ ਕਾਲਜਾਂ ਵਿੱਚ ਨੌਕਰੀ ਕਰ ਰਹੇ 962 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਅੱਜ ਇਕ ਦਿਨ ਦੀ ਹੜਤਾਲ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਭਰਤੀ ਕਰ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਬਣਾ ਰਹੀ ਹੈ ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਨੇ ਗੁਰਦਾਸਪੁਰ ਦੇ ਸਰਕਾਰੀ ਗੌਰਮਿੰਟ ਕਾਲਜ ਵਿਖੇ ਇੱਕ ਦਿਨ ਦੀ ਹੜਤਾਲ ਕਰਕੇ ਮੰਗ ਕੀਤੀ ਕਿ ਕਾਲਜਾਂ ਵਿੱਚ ਕੰਮ ਕਰ ਰਹੇ ਪ੍ਰੋਫੈਸਰਾ ਨੂੰ ਛੱਡ ਖਾਲੀ ਪਈ ਅਸਾਮੀਆਂ '`ਤੇ ਹੀ ਭਰਤੀ ਕੀਤੀ ਜਾਵੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਦੇ ਸਰਕਾਰੀ ਗੌਰਮਿੰਟ ਕਾਲਜ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਨਵੀਂ ਨੀਤੀ ਤਹਿਤ ਨਵੇਂ ਪ੍ਰੋਫੈਸਰਾਂ ਦੀ ਭਰਤੀ ਕਰਨ ਜਾ ਰਹੀ ਹੈ ਅਤੇ ਜਿਹੜੇ ਗੈਸਟ ਫੈਕਲਟੀ ਪ੍ਰੋਫੈਸਰ ਕਾਲਜਾਂ ਵਿੱਚ ਕੰਮ ਕਰ ਰਹੇ ਹਨ ਉਨ੍ਹਾਂ ਦੀਆਂ ਅਸਾਮੀਆਂ ਨੂੰ ਵੀ ਖਾਲੀ ਦੱਸਿਆ ਜਾ ਰਿਹਾ ਹੈ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਕੰਮ ਕਰ ਰਹੇ ਪ੍ਰੋਫੈਸਰਾਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਬਣਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ 49 ਸਰਕਾਰੀ ਕਾਲਜ ਵਿਚ 1873 ਅਸਾਮੀਆਂ ਹਨ ਜਿਨ੍ਹਾਂ ਵਿੱਚੋਂ 962 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਕੰਮ ਕਰ ਰਹੇ ਹਨ। ਇਸ ਲਈ ਅੱਜ ਉਹਨਾਂ ਨੇ ਇਕ ਦਿਨ ਦੀ ਹੜਤਾਲ ਕਰ ਪੰਜਾਬ ਸਰਕਾਰ ਨੂੰ ਮੰਗ ਕੀਤੀ ਹੈ ਕਿ ਜਿਹੜੇ ਪ੍ਰੋਫ਼ੈਸਰ ਕਾਲਜਾਂ ਵਿੱਚ ਕੰਮ ਕਰ ਰਹੇ ਹਨ ਉਨ੍ਹਾਂ 962 ਅਸਾਮੀਆਂ ਨੂੰ ਛੱਡ ਕੇ ਖਾਲੀ ਪਈਆਂ ਅਸਾਮੀਆਂ ਤੇ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵੱਡੇ ਪੱਧਰ ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

-PTC News