ਅੰਤਰਰਾਸ਼ਟਰੀ ਨਗਰ ਕੀਰਤਨ ਸਿਰਸਾ ਤੋਂ ਹਨੂੰਮਾਨਗੜ੍ਹ ਲਈ ਹੋਇਆ ਰਵਾਨਾ, ਸੰਗਤਾਂ ‘ਚ ਭਾਰੀ ਉਤਸ਼ਾਹ

International Nagar Kirtan

ਅੰਤਰਰਾਸ਼ਟਰੀ ਨਗਰ ਕੀਰਤਨ ਸਿਰਸਾ ਤੋਂ ਹਨੂੰਮਾਨਗੜ੍ਹ ਲਈ ਹੋਇਆ ਰਵਾਨਾ, ਸੰਗਤਾਂ ‘ਚ ਭਾਰੀ ਉਤਸ਼ਾਹ,ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ਦੇ ਸਿਰਸਾ ਵਿਖੇ ਸਥਿਤ ਗੁਰਦੁਆਰਾ ਚਿਲ੍ਹਾ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਅਗਲੇ ਪੜਾਅ ਹਨੂੰਮਾਨਗੜ੍ਹ (ਰਾਜਿਸਥਾਨ) ਲਈ ਰਵਾਨਾ ਹੋਇਆ।

ਖ਼ਾਲਸਈ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ‘ਚ ਨਗਰ ਕੀਰਤਨ ਦੀ ਰਵਾਨਗੀ ਸਮੇਂ ਹਜ਼ਾਰਾਂ ਸੰਗਤਾਂ ਮੌਜੂਦ ਸਨ। ਆਰੰਭਤਾ ਸਮੇਂ ਸਜਾਏ ਗਏ ਧਾਰਮਿਕ ਦੀਵਾਨ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅਤੇ ਮੈਂਬਰ ਜਥੇਦਾਰ ਜਗਸੀਰ ਸਿੰਘ ਮਾਂਗੇਆਣਾ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਨਗਰ ਕੀਰਤਨ ਦੇ ਸਵਾਗਤ ਅਤੇ ਰਾਤਰੀ ਪ੍ਰਬੰਧਾਂ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸੇ ਦੌਰਾਨ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਾਹੋਵਾਲਾ, ਚੋਰਮਾਰ, ਓਡਾਂ, ਮੰਡੀ ਡੱਬਵਾਲੀ, ਚੋਟਾਲਾ, ਸੰਗਰੀਆ ਬਾਰਡਰ ਆਦਿ ਵਿਖੇ ਭਰਵਾਂ ਸਵਾਗਤ ਕੀਤਾ ਗਿਆ।

ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ ਸਨ ਅਤੇ ਸਵਾਗਤੀ ਗੇਟ ਬਣਾ ਕੇ ਸੰਗਤਾਂ ਨੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਨਾਲ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਗੁਰਦੁਆਰਾ ਚਿਲ੍ਹਾ ਸਾਹਿਬ ਪਾਤਸ਼ਾਹੀ ਪਹਿਲੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸਾਹੂਵਾਲਾ, ਬਾਬਾ ਅਜੀਤ ਸਿੰਘ, ਬਾਬਾ ਪ੍ਰੀਤਮ ਸਿੰਘ ਮਾਲੜੀਵਾਲ, ਹਰਪ੍ਰੀਤ ਸਿੰਘ ਰਮਦਾਸ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ, ਪਰਮਜੀਤ ਸਿੰਘ ਸਮੇਤ ਹੋਰ ਮੌਜੂਦ ਸਨ।

-PTC News