ਮੁੱਖ ਖਬਰਾਂ

ਖਿਜਰਾਬਾਦ ’ਚ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ ਹੋਰ ਗ੍ਰੰਥ ਦੇ ਪ੍ਰਕਾਸ਼ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

By Jashan A -- March 28, 2019 6:57 pm

ਖਿਜਰਾਬਾਦ ’ਚ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ ਹੋਰ ਗ੍ਰੰਥ ਦੇ ਪ੍ਰਕਾਸ਼ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੁਰਾਲੀ ਨੇੜਲੇ ਪਿੰਡ ਖਿਜਰਾਬਾਦ ਦੇ ਇਕ ਡੇਰੇ ਵਿਚ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ ਕਿਸੇ ਹੋਰ ਗ੍ਰੰਥ ਦਾ ਪ੍ਰਕਾਸ਼ ਕਰਨ ਅਤੇ ਰਾਗੀ ਸਿੰਘਾਂ ਨੂੰ ਧੋਖੇ ਵਿਚ ਰੱਖ ਕੇ ਗੁਰਬਾਣੀ ਕੀਰਤਨ ਕਰਵਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਸਿੱਖ ਸਿਧਾਂਤਾਂ, ਸਿੱਖ ਰਹਿਤ ਮਰਯਾਦਾ, ਸਿੱਖ ਪਰੰਪਰਾਵਾਂ ਤੇ ਰਵਾਇਤਾਂ ਦਾ ਘੋਰ ਉਲੰਘਣ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਜਾਰੀ ਬਿਆਨ ਵਿਚ ਡਾ. ਰੂਪ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਕੌਮ ਦੇ ਪ੍ਰਸਿੱਧ ਰਾਗੀ ਭਾਈ ਮਨਿੰਦਰ ਸਿੰਘ ਵੱਲੋਂ ਇਸ ਸਬੰਧ ਵਿਚ ਸੰਗਤ ਸਾਹਮਣੇ ਆਪਣਾ ਪੱਖ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਮਨਿੰਦਰ ਸਿੰਘ ਅਨੁਸਾਰ ਉਨ੍ਹਾਂ ਨੂੰ ਧੋਖੇ ਨਾਲ ਸਮਾਗਮ ਵਿਚ ਸੱਦ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ ਕਿਸੇ ਹੋਰ ਗ੍ਰੰਥ ਦਾ ਪ੍ਰਕਾਸ਼ ਕੀਤਾ ਗਿਆ।

ਹੋਰ ਪੜ੍ਹੋ:ਸਿੱਖ ਵਾਤਾਵਰਣ ਦਿਵਸ ਵਜੋਂ ਮਨਾਇਆ ਜਾਵੇਗਾ ਸੱਤਵੇਂ ਪਾਤਸ਼ਾਹ ਜੀ ਦਾ ਗੁਰਤਾਗੱਦੀ ਦਿਵਸ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਆਖਿਆ ਕਿ ਇਹ ਇਕੱਲੇ ਰਾਗੀ ਜਥੇ ਨਾਲ ਧੋਖਾ ਹੀ ਨਹੀਂ ਹੈ ਸਗੋਂ ਸਾਰੀ ਕੌਮ ਨਾਲ ਵਿਸ਼ਵਾਸਘਾਤ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਆਖਿਆ ਕਿ ਸਿੱਖੀ ਨੂੰ ਢਾਹ ਲਾਉਣ ਵਾਲੀਆਂ ਅਜਿਹੀਆਂ ਚਾਲਾਂ ਤੋਂ ਕੌਮ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਗ੍ਰੰਥ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਹਨ ਅਤੇ ਇਸ ਪਾਵਨ ਗ੍ਰੰਥ ਦੇ ਤੁੱਲ ਹੋਰ ਕਿਸੇ ਦੁਨਿਆਵੀ ਗ੍ਰੰਥ ਦਾ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ।

ਡਾ. ਰੂਪ ਸਿੰਘ ਅਨੁਸਾਰ ਉਕਤ ਮਾਮਲੇ ਦੇ ਸਬੰਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੜਤਾਲੀਆ ਕਮੇਟੀ ਬਣਾਈ ਗਈ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਨ ਵਾਲੇ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਅਤੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨਣ।

-PTC News

  • Share