ਮੁੱਖ ਖਬਰਾਂ

ਮਾਈਨਿੰਗ ਨੂੰ ਲੈ ਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ 'ਤੇ ਸਾਧੇ ਨਿਸ਼ਾਨੇ, ਕਿਹਾ-ਭ੍ਰਿਸ਼ਟਾਚਾਰ ਕਰਨ ਵਾਲੇ 'ਤੇ ਹੋਵੇਗੀ ਕਾਰਵਾਈ

By Pardeep Singh -- June 28, 2022 2:04 pm -- Updated:June 28, 2022 2:07 pm

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਚੌਥੇ ਦਿਨ ਗੈਰ-ਕਾਨੂੰਨੀ ਮਾਈਨਿੰਗ 'ਤੇ ਜ਼ੋਰਦਾਰ ਬਹਿਸ ਹੋਈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਾਂਗਰਸ ਸਰਕਾਰ ਦੇ ਸਮੇਂ ਹੋਈ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਕਈ ਦਾਅਵੇ ਕੀਤੇ ਹਨ। ਇਸ ਬਾਰੇ ਸਾਬਕਾ ਮਾਈਨਿੰਗ ਮੰਤਰੀ ਸੁੱਖ ਸਰਕਾਰੀਆ ਨੇ ਵਿਰੋਧ ਸ਼ੁਰੂ ਕਰ ਦਿੱਤਾ। ਸਾਬਕਾ ਮਾਈਨਿੰਗ ਮੰਤਰੀ ਸੁੱਖ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੀਆਂ ਗੱਲਾਂ ਦੀ ਬਜਾਏ ਆਮਦਨ ਵਧਾਉਣ ਦੀ ਗੱਲ ਕਰੋ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਮੰਤਰੀ ਨੂੰ ਬਜਟ ਬਹਿਸ 'ਚ ਹਿੱਸਾ ਲੈਣ ਦਾ ਅਧਿਕਾਰ ਨਹੀਂ ਹੈ। ਕੋਈ ਹੋਰ ਮੈਂਬਰ ਜ਼ਰੂਰ ਬੋਲ ਸਕਦਾ ਹੈ। ਦੂਜੇ ਪਾਸੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਤੁਸੀਂ ਜਿੰਨੇ ਮਰਜ਼ੀ ਧਰਨੇ ਲਾ ਦਿਓ। ਜਿਸ ਨੇ ਵੀ ਭ੍ਰਿਸ਼ਟਾਚਾਰ ਕੀਤਾ ਹੈ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਸਾਡਾ ਪਹਿਲਾ ਉਦੇਸ਼ ਹੈ।

 ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਪੁਰਾਣੀ ਸਰਕਾਰ ਦੇ ਖੋਲ੍ਹੇ ਰਾਜ 

ਸਦਨ ਵਿੱਚ  ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਮਈ 2017 ਵਿੱਚ 102 ਖੱਡਾ ਅਲਾਟ ਕੀਤੀਆਂ ਗਈਆਂ ਸਨ। 2018 ਵਿੱਚ ਮਾਈਨਿੰਗ ਨੀਤੀ ਲਿਆਂਦੀ ਗਈ। ਜਿਸ ਵਿੱਚ ਪੰਜਾਬ ਨੂੰ 7 ਬਲਾਕਾਂ ਵਿੱਚ ਵੰਡਿਆ ਗਿਆ ਸੀ। ਠੇਕੇਦਾਰ 25% ਅਗਾਊਂ ਜਮ੍ਹਾ ਕਰੇਗਾ। 25% ਬੈਂਕ ਗਰੰਟੀ ਹੋਵੇਗੀ। ਅਗਲੀ ਤਿਮਾਹੀ ਤੋਂ 15 ਦਿਨ ਪਹਿਲਾਂ ਭੁਗਤਾਨ ਕੀਤਾ ਜਾਵੇਗਾ। 3 ਸਾਲਾਂ 'ਚ 625 ਦੀ ਬਜਾਏ 425 ਕਰੋੜ ਕਿਉਂ ਆਏ? ਮਾਇਨਿੰਗ ਮੰਤਰੀ ਨੇ ਕਿਹਾ ਹੈ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ 25 ਕਰੋੜ ਦੀ ਬੈਂਕ ਗਾਰੰਟੀ ਜ਼ਬਤ ਕੀਤੀ ਗਈ ਸੀ। 202 ਖਾਣਾਂ ਦੀ ਨਿਲਾਮੀ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਸਿਰਫ਼ 43 ਹੀ ਚੱਲ ਰਹੀਆਂ ਹਨ।

ਸਾਬਕਾ ਮਾਈਨਿੰਗ ਮੰਤਰੀ ਸੁੱਖ ਸਰਕਾਰੀਆਂ ਨੇ 'ਆਪ' ਦੇ ਸਾਧੇ ਨਿਸ਼ਾਨੇ 

ਉਧਰ ਸਾਬਕਾ ਮਾਈਨਿੰਗ ਮੰਤਰੀ ਸੁੱਖ ਸਰਕਾਰੀਆਂ ਨੇ ਕਿਹਾ ਕਿ ਪਹਿਲਾਂ ਮੰਤਰੀ ਕੁਲਦੀਪ ਧਾਲੀਵਾਲ ਵੀ ਕਹਿੰਦੇ ਸਨ ਕਿ ਅਜਨਾਲਾ 'ਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਧਾਲੀਵਾਲ ਉਥੇ ਵੀ ਗਿਆ ਸੀ ਪਰ ਫਿਰ ਡੇਢ ਸਾਲ ਚੁੱਪ ਕਿਉਂ ਰਿਹਾ?  ਸਿੱਖਿਆ ਮੰਤਰੀ ਮੀਤ ਹੇਅਰ ਨੇ ਸੁੱਖ ਸਰਕਾਰੀਆ ਨੂੰ ਘੇਰਦਿਆਂ ਕਿਹਾ ਕਿ ਉਹ ਮੰਤਰੀ ਹਨ ਅਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਤਾਂ ਉਨ੍ਹਾਂ ਨੇ ਕੀ ਕੀਤਾ।  ਮੰਤਰੀ ਬੈਂਸ ਨੇ ਕਿਹਾ ਕਿ 16 ਦਸੰਬਰ 2020 ਨੂੰ ਹੋਏ ਸਮਝੌਤੇ ਵਿੱਚ ਵਾਰ-ਵਾਰ ਸੋਧਾਂ ਕੀਤੀਆਂ ਗਈਆਂ। ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ 444 ਕਰੱਸ਼ਰ ਚੱਲ ਰਹੇ ਹਨ।

ਰਾਜਾ ਵੜਿੰਗ ਨੇ ਕਿਹਾ ਹੈ ਇਲਜ਼ਾਮ ਦੀ ਥਾਂ ਸਥਿਤੀ ਵਿੱਚ ਸੁਧਾਰ ਕਰੋ

ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਪੁਰਾਣੀ ਸਰਕਾਰ 'ਤੇ ਇਲਜ਼ਾਮ ਲਗਾ ਰਹੀ ਹੈ। ਜਦਕਿ ਉਨ੍ਹਾਂ ਨੂੰ ਇਸ ਸਥਿਤੀ ਨੂੰ ਸੁਧਾਰਨ ਦੀ ਗੱਲ ਕਰਨੀ ਚਾਹੀਦੀ ਹੈ। ਵੜਿੰਗ ਨੇ ਕਿਹਾ ਕਿ ਜਦੋਂ 2017 'ਚ ਕਾਂਗਰਸ ਦੀ ਸਰਕਾਰ ਬਣੀ ਸੀ ਤਾਂ ਸਰਕਾਰ 'ਤੇ 1.83 ਲੱਖ ਕਰੋੜ ਦਾ ਕਰਜ਼ਾ, 31 ਹਜ਼ਾਰ ਕਰੋੜ ਸੀਸੀਐੱਲ ਲਿਮਟ, 13 ਹਜ਼ਾਰ ਕਰੋੜ ਦੇਣਦਾਰੀਆਂ ਸਨ।

ਨਾਅਰੇ ਲਾਉਣ ਨਾਲ ਇਨਕਲਾਬ ਨਹੀਂ ਆਵੇਗਾ :ਵੜਿੰਗ 

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਪ੍ਰਤੀ ਵਿਅਕਤੀ ਆਮਦਨ ਵਿੱਚ 11ਵੇਂ ਸਥਾਨ 'ਤੇ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿੱਚ 2017 ਵਿੱਚ ਇਹ 1 ਲੱਖ 28 ਹਜ਼ਾਰ ਤੋਂ ਵਧ ਕੇ 1 ਲੱਖ 67 ਹਜ਼ਾਰ ਹੋ ਗਿਆ। ਵੜਿੰਗ ਨੇ ਕਿਹਾ ਕਿ ਭਗਤ ਸਿੰਘ ਦੇ ਨਾਅਰੇ ਲਾਉਣ ਨਾਲ ਇਨਕਲਾਬ ਨਹੀਂ ਆਵੇਗਾ। ਇਸ ਨੂੰ ਬਦਲਣਾ ਹੋਵੇਗਾ।  ਵੜਿੰਗ ਨੇ ਕਿਹਾ ਕਿ ਇੱਕ ਪਾਸੇ ਪੇਪਰ ਰਹਿਤ ਬਜਟ ਦੀ ਗੱਲ ਹੋ ਰਹੀ ਹੈ। ਦੂਜੇ ਪਾਸੇ ਕਰੋੜਾਂ ਰੁਪਏ ਇਸ਼ਤਿਹਾਰਾਂ 'ਤੇ ਖਰਚ ਕੀਤੇ ਜਾ ਰਹੇ ਹਨ। ਵੜਿੰਗ ਨੇ ਸਵਾਲ ਕੀਤਾ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਰੇਤ ਤੋਂ 20 ਹਜ਼ਾਰ ਕਰੋੜ ਦੀ ਆਮਦਨ ਹੋਵੇਗੀ। ਇਹ ਆਮਦਨ ਕਿੱਥੇ ਹੈ? ਸਾਡੀ ਸਰਕਾਰ ਨੇ 46 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਸੀ। 'ਆਪ' ਸਰਕਾਰ ਨੇ 55 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਗੱਲ ਕੀਤੀ ਹੈ।ਵੜਿੰਗ ਨੇ ਕਿਹਾ ਕਿ ਸਰਕਾਰ ਨੇ ਔਰਤਾਂ ਨੇ ਇੱਕ ਹਜ਼ਾਰ ਰੁਪਏ ਦਾ ਸੁਝਾਅ ਦਿੱਤਾ ਸੀ।  ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਪੇਸ਼ ਕੀਤੇ 1.55 ਲੱਖ ਕਰੋੜ ਦੇ ਬਜਟ ਵਿੱਚ ਸਿੱਖਿਆ ਅਤੇ ਸਿਹਤ 'ਤੇ ਧਿਆਨ ਕੇਂਦਰਿਤ ਕੀਤਾ ਹੈ। ਸਿੱਖਿਆ ਦੇ ਬਜਟ ਵਿੱਚ 16% ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਿਹਤ ਬਜਟ ਵਿੱਚ 24% ਦਾ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਗ਼ੈਰ-ਕਾਨੂੰਨੀ ਢੰਗ ਨਾਲ ਮੈਕਸੀਕੋ ਤੋਂ ਅਮਰੀਕਾ ਵੜਨ ਦੀ ਕੋਸ਼ਿਸ਼ 'ਚ 46 ਲੋਕਾਂ ਦੀ ਮੌਤ, 16 ਹਸਪਤਾਲ 'ਚ ਭਰਤੀ

-PTC News

  • Share