ਮੋਦੀ ਵੱਲੋਂ ਯੂਕਰੇਨ 'ਚ ਗੋਲੀਬਾਰੀ ਦੌਰਾਨ ਮਾਰੇ ਗਏ ਨਵੀਨ ਦੇ ਪਰਿਵਾਰ ਨਾਲ ਗੱਲਬਾਤ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਤੇ ਰੂਸ ਵਿਚਾਲੇ ਜਾਰੀ ਜੰਗ ਦਰਮਿਆਨ ਲਗਾਤਾਰ ਚੌਥੇ ਦਿਨ ਬੈਠਕ ਬੁਲਾਈ ਹੈ। ਇਸ ਦੌਰਾਨ ਮੋਦੀ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਮੁਹਿੰਮ ਤੇਜ਼ ਕਰਨ ਦੇ ਆਦੇਸ਼ ਦਿੱਤੇ ਤਾਂ ਕਿ ਜਲਦ ਤੋਂ ਜਲਦ ਭਾਰਤੀ ਨਾਗਰਿਕਾਂ ਨੂੰ ਉਥੋਂ ਸੁਰੱਖਿਅਤ ਕੱਢਿਆ ਜਾ ਸਕੇ। ਯੂਕਰੇਨ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਤੋਂ ਪਿੱਛੋਂ ਪ੍ਰਧਾਨ ਮੰਤਰੀ ਦੀ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜੰਗ ਪ੍ਰਭਾਵਿਤ ਯੂਕਰੇਨ ਦੇ ਖਾਰਕਿਵ ਸ਼ਹਿਰ ਵਿੱਚ ਅੱਜ ਸਵੇਰੇ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ।
ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ। ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਲਿਖਿਆ ਡੂੰਘੇ ਦੁੱਖ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕਿਵ ਵਿੱਚ ਗੋਲੀਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਅਸੀਂ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ।
ਮ੍ਰਿਤਕ ਵਿਦਿਆਰਥੀ ਕਰਨਾਟਕ ਦੇ ਚਾਲਗੇਰੀ ਦਾ ਰਹਿਣ ਵਾਲਾ ਸੀ। ਮੰਤਰਾਲੇ ਨੇ ਕਿਹਾ ਕਿ ਉਹ ਵਿਦਿਆਰਥੀ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਇਸ ਵਿੱਚ ਕਿਹਾ ਗਿਆ ਹੈ, ਅਸੀਂ ਪਰਿਵਾਰ ਪ੍ਰਤੀ ਦੁੱਖ ਪ੍ਰਗਟ ਕਰਦੇ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਗੋਲੀਬਾਰੀ ਵਿੱਚ ਮਾਰੇ ਗਏ ਭਾਰਤੀ ਵਿਦਿਆਰਥੀ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਹੈ। ਮੋਦੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿੱਚ ਹਨ ਤਾਂ ਜੋ ਨਵੀਨ ਦੀ ਦੇਹ ਨੂੰ ਭਾਰਤ ਲਿਆਂਦਾ ਜਾ ਸਕੇ ਅਤੇ ਪਰਿਵਾਰ ਅੰਤਿਮ ਸੰਸਕਾਰ ਕਰ ਸਕੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਕਰੇਨ ਦੇ ਖਾਰਕਿਵ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੇ ਪਿਤਾ ਨਾਲ ਗੱਲਬਾਤ ਕਰਦਿਆਂ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮੋਦੀ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਵੀ ਨਵੀਨ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਅਤੇ ਦੁੱਖ ਪ੍ਰਗਟ ਕੀਤਾ।
ਇਹ ਵੀ ਪੜ੍ਹੋ : ਰੂਸ-ਯੂਕਰੇਨ ਜੰਗ ਨੂੰ ਬਿਆਨਦੀਆਂ ਨਾ ਭੁੱਲਣ ਵਾਲੀਆਂ `ਕਹਾਣੀਆਂ'